ਜ਼ਿਲ੍ਹੇ ਵਿੱਚ 28 ਤੋਂ 30 ਜੂਨ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ
ਜ਼ਿਲ੍ਹੇ ਵਿੱਚ 28 ਤੋਂ 30 ਜੂਨ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ
Publish Date: Fri, 26 Jun 2026 06:24 PM (IST)
Updated Date: Fri, 26 Jun 2026 06:25 PM (IST)

- ਸਿਹਤ ਵਿਭਾਗ ਦੀਆਂ 855 ਟੀਮਾਂ 0-5 ਸਾਲ ਦੇ 86,501 ਬੱਚਿਆਂ ਨੂੰ ਪਿਆਉਣਗੀਆਂ ਪੋਲੀਓ ਰੋਕੂ ਬੂੰਦਾਂ - ਡੀਸੀ ਨੇ ਅਧਿਕਾਰੀਆਂ ਨੂੰ ਪਲਸ ਪੋਲੀਓ ਗੇੜ ਦੀ ਮਹੱਤਤਾ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 28 ਤੋਂ 30 ਜੂਨ ਤੱਕ ਰਾਸ਼ਟਰੀ ਪਲਸ ਪੋਲੀਓ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 0 ਤੋਂ 5 ਸਾਲ ਦੇ 86,501 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਦੀਆਂ 855 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ 20 ਟ੍ਰਾਂਜ਼ਿਟ ਟੀਮਾਂ ਅਤੇ 77 ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮੁਹਿੰਮ ਦੇ ਕੰਮਕਾਜ ਦੀ ਨੇੜਿਓਂ ਨਿਗਰਾਨੀ ਅਤੇ ਸੁਪਰਵੀਜ਼ਨ ਲਈ 104 ਸੁਪਰਵਾਈਜ਼ਰੀ ਟੀਮਾਂ ਵੀ ਬਣਾਈਆਂ ਗਈਆਂ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀ-ਝੌਂਪੜੀਆਂ ਅਤੇ ਛੋਟੀਆਂ-ਵੱਡੀਆਂ ਉਦਯੋਗਿਕ ਇਕਾਈਆਂ ਵਿੱਚ ਰਹਿਣ ਵਾਲੇ ਬੱਚਿਆਂ ਨੂੰ ਕਵਰ ਕਰਨਗੀਆਂ, ਜਦੋਂ ਕਿ ਟ੍ਰਾਂਜ਼ਿਟ ਟੀਮਾਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਆਵਾਜਾਈ ਵਾਲੀਆਂ ਥਾਵਾਂ ਤੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਗੀਆਂ । ਉਨ੍ਹਾਂ ਆਪਸੀ ਤਾਲਮੇਲ ਦੀ ਲੋੜ ਤੇ ਜ਼ੋਰ ਦਿੰਦਿਆਂ ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਟਰਾਂਸਪੋਰਟ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਬੱਸ ਸਟੈਂਡ ਦੇ ਜਨਰਲ ਮੈਨੇਜਰ ਅਤੇ ਰੇਲਵੇ ਅਧਿਕਾਰੀਆਂ ਸਮੇਤ ਸਾਰੇ ਸਬੰਧਤ ਵਿਭਾਗਾਂ ਨੂੰ ਮੁਹਿੰਮ ਦੀ ਸਫਲਤਾ ਲਈ ਪੂਰਨ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮਾਪਿਆਂ ਨੂੰ ਪੋਲੀਓ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਇੱਕ ਜ਼ੋਰਦਾਰ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ।ਉਨ੍ਹਾਂ ਕਿਹਾ ਕਿ ਲਾਊਡਸਪੀਕਰਾਂ, ਫਰੰਟਲਾਈਨ ਸਿਹਤ ਕਰਮਚਾਰੀਆਂ, ਸਰਪੰਚਾਂ, ਕੌਂਸਲਰਾਂ ਅਤੇ ਹੋਰ ਸਮਾਜਿਕ ਨੁਮਾਇੰਦਿਆਂ ਰਾਹੀਂ ਵਿਆਪਕ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਬੱਚਾ ਛੁੱਟ ਨਾ ਜਾਵੇ । ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਤਿੰਨ ਰੋਜ਼ਾ ਮੁਹਿੰਮ ਦੌਰਾਨ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਪੋਲੀਓ ਦੀਆਂ ਜੀਵਨ ਰੱਖਿਅਕ ਬੂੰਦਾਂ ਜ਼ਰੂਰ ਪਿਲਾਉਣ।