ਪੰਥਕ ਸੋਚ ’ਤੇ ਪਹਿਰਾ ਦੇਣ ਦੀ ਲੋੜ : ਧਾਲੀਵਾਲ ਪੰਜਾਬ ਅਤੇ ਨੌਜਵਾਨੀ ਨੂੰ ਬਚਾਇਆ ਜਾ ਸਕਦਾ ਹੈ : ਜਗਜੀਤ ਸਿੰਘ ਧਾਲੀਵਾਲ
Publish Date: Sun, 20 Sep 2026 08:39 PM (IST)
Updated Date: Sun, 20 Sep 2026 08:41 PM (IST)
--ਹਲਕਾ ਕਪੂਰਥਲਾ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨੁੱਕੜ ਮੀਟਿੰਗਾਂ ਰਾਹੀਂ ਚੋਣ ਸਰਗਰਮੀਆਂ ਤੇਜ਼ ਮੱਲ੍ਹੀ/ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਵਿਧਾਨ ਸਭਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਸਰਗਰਮੀਆਂ ਤੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਪੂਰੇ ਜੋਰਾਂ-ਸ਼ੋਰਾਂ ਨਾਲ ਆਰੰਭਿਆ ਹੋਇਆ ਹੈ। ਇਨ੍ਹਾਂ ਮੀਟਿੰਗਾਂ ਰਾਹੀਂ ਹਲਕੇ ਦੇ ਸੰਭਾਵੀ ਉਮੀਦਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ (ਜੱਗਾ) ਵੱਲੋਂ ਖਾਲਸਾ ਪੰਥ ਦੀ ਚੜ੍ਹਦੀ ਕਲਾ, ਸਿੱਖਿਆ ਤੇ ਸਮਾਜਿਕ ਸੁਧਾਰਾਂ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਰਿਹਾ ਹੈ, ਜਿਸ ਨੂੰ ਇਲਾਕੇ ਦੇ ਨੌਜਵਾਨਾਂ ਤੇ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਿੰਡ-ਪਿੰਡ ਜਾ ਕੇ ਜਗਜੀਤ ਸਿੰਘ ਧਾਲੀਵਾਲ (ਜੱਗਾ) ਨੇ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ ’ਤੇ ਜ਼ੋਰ ਦਿੱਤਾ ਕਿ ਅੱਜ ਪੰਜਾਬ ਦੀ ਜਵਾਨੀ ਨੂੰ ਭਾਈ ਅੰਮ੍ਰਿਤਪਾਲ ਸਿੰਘ (ਮੈਂਬਰ ਪਾਰਲੀਮੈਂਟ) ਦੀ ਪੰਥਕ ਸੋਚ ਤੇ ਦਿਸ਼ਾ ਨਿਰਦੇਸ਼ਾਂ ’ਤੇ ਪਹਿਰਾ ਦੇਣ ਦੀ ਸਖਤ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦੀ ਸੋਚ ਦਾ ਮੁੱਖ ਨਿਸ਼ਾਨਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ, ਨੌਜਵਾਨੀ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਉਣਾ ਤੇ ਕੌਮ ਵਿੱਚ ਪੰਥਕ ਏਕਤਾ ਮਜ਼ਬੂਤ ਕਰਨਾ ਹੈ। ਉਨ੍ਹਾਂ ਆਖਿਆ ਕਿ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਲਈ ਆਵਾਜ਼ ਬੁਲੰਦ ਕਰਨਾ ਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ। ਜਗਜੀਤ ਸਿੰਘ ਧਾਲੀਵਾਲ (ਜੱਗਾ) ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੇ ਧਰਮ ਪਰਿਵਰਤਨ ਵਰਗੀਆਂ ਗੰਭੀਰ ਚੁਣੌਤੀਆਂ ਰਾਹੀਂ ਗੁੰਮਰਾਹ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰੀਆਂ ਸਮਾਜਿਕ ਕੁਰੀਤੀਆਂ ਦਾ ਟਾਕਰਾ ਕਰਨ ਲਈ ਨੌਜਵਾਨਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਲੋਂ ਵਿੱਢੀ ਗਈ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨਾ ਪਵੇਗਾ। ਉਨ੍ਹਾਂ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਤੇ ਸਹੀ ਸੇਧ ਹੀ ਸਾਡੀ ਜਵਾਨੀ ਦਾ ਸੁਨਹਿਰੀ ਭਵਿੱਖ ਤੈਅ ਕਰ ਸਕਦੀ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਤੇ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਤੇ ਵਾਰਿਸ ਪੰਜਾਬ ਦੇ ਦੇ ਹੱਕ ਵਿੱਚ ਵੋਟਾਂ ਜੋੜਨ ਲਈ ਦਿਨ-ਰਾਤ ਇਕ ਕਰ ਦੇਣ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਥਕ ਆਗੂਆਂ, ਪਤਵੰਤੇ ਸੱਜਣਾਂ ਤੇ ਵੱਡੀ ਗਿਣਤੀ ’ਚ ਹਾਜ਼ਰ ਨੌਜਵਾਨਾਂ ਨੇ ਭਾਈ ਜਗਜੀਤ ਸਿੰਘ ਧਾਲੀਵਾਲ (ਜੱਗਾ) ਨੂੰ ਆਉਣ ਵਾਲੀਆਂ ਚੋਣਾਂ ਵਿੱਚ ਹਰ ਪੱਖੋਂ ਪੂਰਨ ਤੇ ਅਣਥੱਕ ਸਮਰਥਨ ਦੇਣ ਦਾ ਵਿਸ਼ਵਾਸ ਦਿਵਾਇਆ।