ਫਗਵਾੜਾ ’ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਫਗਵਾੜਾ ਵਿੱਚ ਪੰਜਾਬ ਬੰਦ ਨੂੰ ਮਿਿਲਆ ਭਰਵਾਂ ਹੁੰਗਾਰਾ, ਬੰਦੀ ਸਿੰਘਾਂ ਦੀ ਰਿਹਾਈ ਲਈ ਉੱਠੀ ਆਵਾਜ਼
Publish Date: Fri, 21 Aug 2026 09:17 PM (IST)
Updated Date: Fri, 21 Aug 2026 09:18 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਫਗਵਾੜਾ ਸ਼ਹਿਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਬਜ਼ਾਰਾਂ ਵਿੱਚ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ, ਜਦਕਿ ਕਈ ਸਕੂਲ ਤੇ ਕਾਲਜ ਵੀ ਬੰਦ ਰਹੇ। ਵੱਖ-ਵੱਖ ਜਥੇਬੰਦੀਆਂ ਤੇ ਵਰਗਾਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਗਿਆ। ਅਕਾਲ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਫਗਵਾੜਾ ਵਾਸੀਆਂ ਵੱਲੋਂ ਮਿਲੇ ਸਹਿਯੋਗ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਇਸ ਮੁੱਦੇ ’ਤੇ ਗੰਭੀਰਤਾ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅਕਾਲ ਸਟੂਡੈਂਟ ਫੈੱਡਰੇਸ਼ਨ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਮਿਨੀ ਬੱਸ ਯੂਨੀਅਨ, ਦੁਕਾਨਦਾਰ ਤੇ ਵਪਾਰੀ ਵਰਗ, ਪ੍ਰਾਈਵੇਟ ਸਕੂਲ ਤੇ ਕਾਲਜ, ਨਿਹੰਗ ਜਥੇਬੰਦੀਆਂ, ਅੰਬੇਡਕਰ ਸੈਨਾ, ਵਾਲਮੀਕਿ ਭਾਈਚਾਰਾ, ਮੁਸਲਿਮ ਭਾਈਚਾਰਾ, ਹਿੰਦੂ ਭਾਈਚਾਰਾ, ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ, ਨੌਜਵਾਨਾਂ ਤੇ ਸਮੂਹ ਸੰਗਤਾਂ ਵੱਲੋਂ ਬੰਦ ਨੂੰ ਸਹਿਯੋਗ ਦਿੱਤਾ ਗਿਆ। ਮਨਜੀਤ ਸਿੰਘ ਖਾਲਸਾ ਨੇ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ, ਵਪਾਰੀਆਂ, ਦੁਕਾਨਦਾਰਾਂ, ਸਿੱਖਿਆ ਸੰਸਥਾਵਾਂ, ਨੌਜਵਾਨਾਂ ਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਫਗਵਾੜਾ ਵਿੱਚ ਪੰਜਾਬ ਬੰਦ ਸਫਲ ਰਿਹਾ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਸਬੰਧੀ ਜਲਦ ਫੈਸਲਾ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਮਾਜ ਸੇਵਕ ਤਜਿੰਦਰ ਸਿੰਘ ਬਾਵਾ ਚਾਚਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਮੌਜੂਦ ਸਨ।