
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਬੰਦ ਨੂੰ ਸੁਲਤਾਨਪੁਰ ਲੋਧੀ ’ਚ ਭਰਵਾਂ ਹੁੰਗਾਰਾ, ਸ਼ਹਿਰ ਪੂਰੀ ਤਰ੍ਹਾਂ ਬੰਦ

ਬੰਦੀ ਸਿੰਘਾਂ ਦੀ ਰਿਹਾਈ ਲਈ ਵਾਰਿਸ ਪੰਜਾਬ ਦੇ ਆਗੂਆਂ ਨੇ ਕੱਢਿਆ ਸ਼ਾਂਤੀਪੂਰਵਕ ਰੋਸ ਮਾਰਚ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਅੱਜ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਲਗਭਗ ਸਾਰੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ, ਜਦਕਿ ਮੁੱਖ ਮਾਰਗਾਂ ’ਤੇ ਵੀ ਆਵਾਜਾਈ ਆਮ ਦਿਨਾਂ ਦੇ ਮੁਕਾਬਲੇ ਬੇਹੱਦ ਘੱਟ ਰਹੀ। ਪ੍ਰਾਈਵੇਟ ਸਕੂਲਾਂ, ਹਲਵਾਈਆਂ, ਸਬਜ਼ੀ ਵਿਕਰੇਤਾਵਾਂ ਤੇ ਰੇਹੜੀ-ਫੜ੍ਹੀ ਵਾਲਿਆਂ ਸਮੇਤ ਵੱਖ-ਵੱਖ ਵਰਗਾਂ ਨੇ ਵੀ ਬੰਦ ਨੂੰ ਸਮਰਥਨ ਦਿੱਤਾ। ਵਾਰਿਸ ਪੰਜਾਬ ਦੇ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਬੋਹੜ ਸਿੰਘ ਹਜ਼ਾਰਾ ਦੀ ਅਗਵਾਈ ਹੇਠ ਆਗੂਆਂ ਤੇ ਸਮਰਥਕਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸ਼ਾਂਤੀਪੂਰਵਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਵਾਰਿਸ ਪੰਜਾਬ ਦੇ ਆਗੂ ਬੋਹੜ ਸਿੰਘ ਹਜ਼ਾਰਾ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਲੰਮੇ ਸਮੇਂ ਤੋਂ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ।
ਇਸ ਮੌਕੇ ਦਰਸ਼ਨ ਸਿੰਘ ਪੱਡਾ ਸੁਚੇਤਗੜ੍ਹ, ਬਲਜਿੰਦਰ ਸਿੰਘ, ਹਰਜੀਤ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਤਰਨਦੀਪ ਸਿੰਘ, ਗੁਰਮੀਤ ਸਿੰਘ ਸੋਢੀ, ਦੁੱਲਾ ਸਿੰਘ, ਪਿੰਦਰਪਾਲ ਸਿੰਘ, ਸੁੱਖਵਿੰਦਰ ਸਿੰਘ ਮੱਲ੍ਹੀ ਜਨਰਲ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ, ਹਰਭਜਨ ਸਿੰਘ ਤਹਿਸੀਲ ਪ੍ਰਧਾਨ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਬਲਬੀਰ ਸਿੰਘ ਵਿਰਦੀ, ਕਰਨੈਲ ਸਿੰਘ, ਡਾ. ਗੁਰਮੀਤ ਸਿੰਘ ਤੇ ਅਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਸਮਰਥਕ ਹਾਜ਼ਰ ਸਨ।
ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸ਼ਹਿਰ ਵਿੱਚ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐੱਸਪੀ ਸੁਲਤਾਨਪੁਰ ਲੋਧੀ ਧਰਿੰਦਰ ਵਰਮਾ, ਐੱਸਐੱਚਓ ਦਵਿੰਦਰ ਪਾਲ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਰੋਸ ਮਾਰਚ ਦੇ ਨਾਲ-ਨਾਲ ਤਾਇਨਾਤ ਰਹੇ। ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਸ਼ਰਾਰਤੀ ਕਾਰਵਾਈ ਨੂੰ ਰੋਕਣ ਲਈ ਵਿਸ਼ੇਸ਼ ਨਿਗਰਾਨੀ ਰੱਖੀ ਗਈ।