ਜ਼ਖ਼ਮੀ ਹੋਏ ਦਿਵਿਆਂਗ ਐਕਸ਼ਨ ਕਮੇਟੀ ਦੇ ਮੈਂਬਰਾਂ ਦਾ ਕੀਤਾ ਸਨਮਾਨ
ਪੰਜਾਬ ਦਿਿਵਆਂਗ ਐਕਸ਼ਨ ਕਮੇਟੀ ਰੈਸ਼ਟ ਹਾਉਸ ਵਿਖੇ ਕਰਵਾਇਆ ਸਨਮਾਨ ਸਮਾਗਮ
Publish Date: Mon, 16 Mar 2026 06:54 PM (IST)
Updated Date: Mon, 16 Mar 2026 06:58 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਆਦਮਪੁਰ ਆਮਦ ’ਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਦਿਵਿਆਂਗ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਇਕ ਮੰਗ ਪੱਤਰ ਦੇਣ ਲਈ ਆਦਮਪੁਰ ਜ਼ਿਲ੍ਹਾ ਜਲੰਧਰ ਦੇ ਪ੍ਰਸ਼ਾਸਨ ਵੱਲੋਂ ਬਿਸਤ ਦੋਆਬ ਨਹਿਰ ਪਿੰਡ ਕਾਲਰਾ ਨੇੜੇ ਘੇਰਕੇ ਜ਼ਬਰਦਸਤੀ ਗੱਡੀ ਵਿਚ ਸੁੱਟਕੇ ਭੋਗਪੁਰ ਥਾਣੇ ਬੰਦ ਕਰ ਦਿੱਤਾ ਗਿਆ ਸੀ। ਖਿੱਚਧੂਹ ਦੌਰਾਨ ਲਗਭਗ 11 ਦਿਵਿਆਂਗ ਵਿਅਕਤੀਆਂ ਦੇ ਸੱਟਾਂ ਲੱਗੀਆਂ। ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਦਿਵਿਆਂਗ ਐਕਸ਼ਨ ਕਮੇਟੀ ਦੇ 11 ਮੈਂਬਰਾਂ ਨੂੰ 16 ਮਾਰਚ ਦਿਨ ਸੋਮਵਾਰ ਨੂੰ ਰੈਸਟ ਹਾਊਸ ਫਗਵਾੜਾ ਵਿਖੇ ਸਵੇਰੇ 10 ਵਜੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਕਤ ਜਾਣਕਾਰੀ ਸਾਂਝੀ ਕਰਦਿਆਂ ਗੁਰਿੰਦਰ ਸਿੰਘ ਢਿੱਲੋਂ ਪ੍ਰਧਾਨ ਗੁਰਦਾਸਪੁਰ, ਮੀਤ ਪ੍ਰਧਾਨ ਡਾ. ਸੋਮਨਾਥ ਰਟੈਂਡਾ ਸ਼ਹੀਦ ਭਗਤ ਸਿੰਘ ਨਗਰ, ਰਜਿੰਦਰ ਰੰਧਾਵਾ ਜ਼ਿਲ੍ਹਾ ਪ੍ਰਧਾਨ ਜਲੰਧਰ, ਕਸ਼ਮੀਰੀ ਲਾਲ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਗੁਰਜੀਤ ਕੌਰ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਦਵਿੰਦਰ ਕੌਰ ਫਗਵਾੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਚੋਣਾਂ ਦੌਰਾਨ 2500/ ਰੁਪਏ ਪੈਨਸ਼ਨ ਦੀ ਗਰੰਟੀ ਯਾਦ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਦਿਵਿਆਂਗ ਵਿਅਕਤੀਆਂ ’ਤੇ ਤਸ਼ੱਦਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਤਿੱਖਾ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਦਿਵਿਆਂਗ ਵਰਗ ਤੋਂ ਮੂੰਹ ਮੋੜਨ ਵਾਲੀ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਸਬਕ ਸਿਖਾ ਕੇ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ। ਹਾਜ਼ਰ ਕਮੇਟੀ ਮੈਂਬਰਾਂ ਵੱਲੋਂ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾਂਦਾ ਤਾਂ ਚੜ੍ਹਦੇ ਅਪ੍ਰੈਲ ਮਹੀਨੇ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਪ੍ਰਦੀਪ ਕੁਮਾਰ ਕਪੂਰਥਲਾ, ਚਰਨਜੀਤ ਸਿੰਘ ਅਲਾਦੀਨਪੁਰ, ਜਸਵਿੰਦਰ ਢੱਡਾ ਮੈਂਬਰ ਪੰਚਾਇਤ ਤੋਂ ਇਲਾਵਾ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।