650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸੈਮੀਨਾਰ
Publish Date: Mon, 28 Sep 2026 07:26 PM (IST)
Updated Date: Mon, 28 Sep 2026 07:27 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਸੋਮਵਾਰ ਨੂੰ ਸਥਾਨਕ ਜੀਐੱਨਏ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਤਾਂ, ਸਿਆਸੀ ਸ਼ਖ਼ਸੀਅਤਾਂ ਤੇ ਮਾਹਿਰ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਗੁਰੂ ਜੀ ਵੱਲੋਂ ਦਰਸਾਏ ਸਮਾਜਿਕ ਬਰਾਬਰੀ ਦੇ ਸੰਕਲਪ ‘ਬੇਗਮਪੁਰਾ’ ਨੂੰ ਸਾਕਾਰ ਕਰਨ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੋੜੇ ਦੇ ਮੁੱਖ ਸੰਤ ਨਿਰਮਲ ਦਾਸ, ਸ੍ਰੀ ਵਿਨੈ ਮੁਨੀ ਜੀ ਜੰਮੂ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੋੜੇ ਦੇ ਜਨਰਲ ਸਕੱਤਰ ਆਰਕੀਟੈਕਟ ਸੰਤੋਸ਼ ਕੁਮਾਰੀ ਤੇ ਜੀਐੱਨਡੀਯੂ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਯੂਨੀਵਰਸਿਟੀ ਦੇ ਚਾਂਸਲਰ ਗੁਰਦੀਪ ਸਿੰਘ, ਵਾਈਸ ਚਾਂਸਲਰ ਪ੍ਰੋ. (ਡਾ.) ਹੇਮੰਤ ਸ਼ਰਮਾ, ਰਜਿਸਟਰਾਰ ਕੁਨਾਲ ਬੈਂਸ, ਸਕੂਲ ਆਫ਼ ਇੰਜੀਨੀਅਰਿੰਗ ਦੇ ਡੀਨ ਡਾ. ਵਿਕਰਾਂਤ ਤੇ ਸਕੂਲ ਆਫ਼ ਬਿਜ਼ਨੈੱਸ ਦੇ ਡੀਨ ਡਾ. ਸਮੀਰ ਵਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਨੇ ਕਿਹਾ ਕਿ ਆਪਣੇ ਜੀਵਨ ਦੇ ਟੀਚਿਆਂ ਨੂੰ ਹਾਸਲ ਕਰਨ ਤੇ ਸਮਾਨਤਾ ਭਰਿਆ ਸਮਾਜ ਸਿਰਜਣ ਲਈ ਸਿੱਖਿਆ ਦੀ ਮਹੱਤਤਾ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵੀ ਆਤਮਿਕਤਾ ਤੇ ਗਿਆਨ ਨਾਲ ਜੀਵਨ ਨੂੰ ਬਿਹਤਰ ਬਣਾਉਣ ਲਈ ਸਿੱਖਿਆ ’ਤੇ ਵਿਸ਼ੇਸ਼ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਵੱਲੋਂ ਦਿੱਤੇ ‘ਬੇਗਮਪੁਰਾ’ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਸਿੱਖਿਆ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਉੱਚ ਸਿੱਖਿਆ ਵਿਭਾਗ ਵੱਲੋਂ ਸੈਮੀਨਾਰਾਂ ਦੀ ਇਹ ਲੜੀ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ। ਸ੍ਰੀ ਵਿਨੈ ਮੁਨੀ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣਾ ਸਾਰਾ ਜੀਵਨ ਸਮਾਜਿਕ ਬਰਾਬਰੀ, ਭੇਦਭਾਵ ਦੇ ਖਾਤਮੇ ਤੇ ਸਮਾਜਿਕ ਨਿਆਂ ਲਈ ਸਮਰਪਿਤ ਕੀਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਸਾਰਥਕ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਾਪਤ ਕਰਕੇ ਸਮਾਜ ਵਿੱਚੋਂ ਕਈ ਸਮਾਜਿਕ ਬੁਰਾਈਆਂ ਦਾ ਨਿਸ਼ਚਿਤ ਤੌਰ ’ਤੇ ਖਾਤਮਾ ਕੀਤਾ ਜਾ ਸਕਦਾ ਹੈ। ਨਾਰੀ ਸ਼ਕਤੀ ਸੰਸਥਾਪਕ ਭਾਰਤ ਦੀ ਚੇਅਰਪਰਸਨ ਸੰਤੋਸ਼ ਕੁਮਾਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ 650 ਸਾਲ ਪਹਿਲਾਂ ਏਕਤਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਜੀ ਦੇ ਇਸ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਮੈਰਾਥਨ ਤੇ ਹੋਰ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਤੇ ਇਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ 13 ਹਜ਼ਾਰ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਦਿਖਾਏ ਜਾ ਰਹੇ ਹਨ। ਆਪਣੇ ਸੰਬੋਧਨ ਵਿੱਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਸੈਮੀਨਾਰ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਹਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਗੁਰੂ ਜੀ ਦੇ ਜੀਵਨ ਤੇ ਵਿਚਾਰਧਾਰਾ ਤੋਂ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਸੈਮੀਨਾਰਾਂ ਵਿੱਚ 7 ਹਜ਼ਾਰ ਤੋਂ ਵੱਧ ਵਿਦਿਆਰਥੀ ਸ਼ਮੂਲੀਅਤ ਕਰ ਚੁੱਕੇ ਹਨ। ਡਾ. ਚੱਬੇਵਾਲ ਨੇ ਸਮਾਜ ਵਿੱਚ ਆਪਸੀ ਸਮਝ, ਏਕਤਾ ਤੇ ਸਾਂਝ ਨੂੰ ਮਜ਼ਬੂਤ ਕਰਨ ਲਈ ਸਿੱਖਿਆ ਦੇ ਵੱਧ ਤੋਂ ਵੱਧ ਪ੍ਰਸਾਰ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣਾ ਸਾਰਾ ਜੀਵਨ ਸਮਾਜਿਕ ਅਸਮਾਨਤਾ ਵਿਰੁੱਧ ਸੰਘਰਸ਼ ਕਰਦਿਆਂ ਬਿਤਾਇਆ ਤੇ ਅੱਜ ਦੇ ਸਮੇਂ ਵਿੱਚ ਸਿੱਖਿਆ ਇਨ੍ਹਾਂ ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਦਾ ਮਹੱਤਵਪੂਰਨ ਸਾਧਨ ਹੈ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਕੁਨਾਲ ਬੈਂਸ ਨੇ ਆਏ ਹੋਏ ਸਾਰੇ ਪਤਵੰਤੇ ਮਹਿਮਾਨਾਂ ਦਾ ਧੰਨਵਾਦ ਕੀਤਾ, ਜਦਕਿ ਗੁਰਗੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ।