ਪੰਜਾਬ ਸਰਕਾਰ ਅਤੇ ਇਸ ਦੇ ਵਿਧਾਇਕ ਸਸਤੀ ਰਾਜਨੀਤੀ ਖੇਡ ਰਹੇ : ਸ਼ਾਰਦਾ
ਲੋਕ ਭਲਾਈ ਸਕੀਮਾਂ ਨੂੰ ਆਪਣੀਆਂ ਦੱਸ ਕੇ ਸਸਤੀ ਰਾਜਨੀਤੀ ਖੇਡ ਰਹੇ ਹਨ : ਸ਼ਾਰਦਾ
Publish Date: Mon, 17 Nov 2025 07:24 PM (IST)
Updated Date: Mon, 17 Nov 2025 07:25 PM (IST)

ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਪਣੀਆਂ ਦੱਸ ਰਹੇ ‘ਆਪ’ ਵਾਲੇ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਹਿੱਤ ਵਿਚ ਚੁੱਕੇ ਗਏ ਕਦਮਾਂ ਨੂੰ ਸਹਿਕਾਰੀ ਸੰਘਵਾਦ ਦੀ ਅਸਲ ਭਾਵਨਾ ਦੇ ਅਨੁਸਾਰ ਦੱਸਿਆ ਅਤੇ ਵਿਰੋਧੀ ਪਾਰਟੀਆਂ ਵੱਲੋਂ ਇਸ ਬਾਰੇ ਝੂਠ ਫੈਲਾਉਣ ਦੀ ਆਲੋਚਨਾ ਕੀਤੀ। ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਸੂਬਾ ਸਕੱਤਰ ਅਤੇ ਭਾਜਪਾ ਦੇ ਸੂਬਾ ਕਾਰਜਕਾਰਨੀ, ਉਮੇਸ਼ ਸ਼ਾਰਦਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਕਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਆਪਣੀਆਂ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ। ਸ਼ਾਰਦਾ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਰਾਜਨੀਤਿਕ ਲਾਭ ਲਈ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਤਸਵੀਰਾਂ ਦੀ ਵਰਤੋਂ ਕਰਨ ਤੇ ਇਤਰਾਜ਼ ਜਤਾਇਆ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਇਸ ਦੇ ਵਿਧਾਇਕਾਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਇਸ ਦੇ ਵਿਧਾਇਕ ਆਪਣੀ ਘਟੀਆ ਰਾਜਨੀਤੀ ਤੋਂ ਬਾਜ਼ ਨਹੀਂ ਆਉਂਦੇ। ਸ਼ਾਰਦਾ ਨੇ ਕਿਹਾ ਕਿ ਹਾਲ ਹੀ ਵਿਚ ਇਹ ਦੇਖਿਆ ਗਿਆ ਹੈ ਕਿ ਕੁਝ ਆਪ ਵਿਧਾਇਕ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਆਪਣੇ ਹਲਕਿਆਂ ਵਿਚ ਕੈਂਪ ਲਗਾ ਰਹੇ ਹਨ, ਜਿਸ ਵਿਚ ਸਿਰਫ਼ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਤਸਵੀਰਾਂ ਹੀ ਪਿਛੋਕੜ ਵਜੋਂ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਂਦਰ ਸਰਕਾਰ ਦੀ ਹੈ ਅਤੇ ਇਸ ਤੇ ਸਿਰਫ਼ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਲਗਾਈ ਜਾਣੀ ਚਾਹੀਦੀ ਹੈ, ਕੇਜਰੀਵਾਲ ਦੀ ਨਹੀਂ। ਉਨ੍ਹਾਂ ਪੰਜਾਬ ਸਰਕਾਰ ਦੇ ਆਪ ਵਿਧਾਇਕਾਂ ਨੂੰ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਵਿਚ ਕੇਜਰੀਵਾਲ ਦੀ ਕੀ ਭੂਮਿਕਾ ਹੈ? ਉਨ੍ਹਾਂ ਕਿਹਾ ਕਿ ਆਪ ਸਰਕਾਰ ਆਪਣੀ ਸੌੜੀ ਰਾਜਨੀਤੀ ਦੇ ਤਹਿਤ ਕੇਂਦਰ ਦੀ ਮੋਦੀ ਸਰਕਾਰ ਦੀ ਉਪਰੋਕਤ ਯੋਜਨਾ ਨੂੰ ਆਪਣੀ ਯੋਜਨਾ ਦੱਸ ਕੇ ਰਾਜਨੀਤਿਕ ਲਾਭ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਾਰਦਾ ਨੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ਤੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੂਜੇ ਰਾਜਾਂ ਵਿਚ ਆਪਣੇ ਹਾਲੀਆ ਚੋਣ ਪ੍ਰਚਾਰ ਦੌਰਾਨ ਇਕ ਵਾਰ ਫਿਰ ਝੂਠ ਬੋਲਿਆ ਹੈ। ਸ਼ਾਰਦਾ ਨੇ ਦੱਸਿਆ ਕਿ ਕੇਜਰੀਵਾਲ ਨੇ ਉੱਥੇ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 50,000 ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਹੈ, ਜਦੋਂ ਕਿ ਅਸਲ ਸਥਿਤੀ ਬਿਲਕੁਲ ਉਲਟ ਹੈ। ਇਹ ਬਿਆਨ ਨਾ ਸਿਰਫ਼ ਝੂਠਾ ਹੈ, ਸਗੋਂ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ। ਕੇਜਰੀਵਾਲ ਵੱਲੋਂ ਉਨ੍ਹਾਂ ਦੇ ਦੁੱਖ ਨੂੰ ਰਾਜਨੀਤਿਕ ਰਣਨੀਤੀ ਵਜੋਂ ਵਰਤਣ ਦੀ ਕੋਸ਼ਿਸ਼ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਅਜੇ ਤੱਕ ਕੋਈ ਸਰਕਾਰੀ ਮੁਆਵਜ਼ਾ ਨਹੀਂ ਮਿਲਿਆ ਹੈ। ਨਾ ਤਾਂ ਕਿਸੇ ਕਿਸਾਨ ਦੇ ਖਾਤੇ ਵਿਚ ਕੋਈ ਪੈਸਾ ਜਮ੍ਹਾ ਹੋਇਆ ਹੈ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਕੋਈ ਮਦਦ ਮਿਲੀ ਹੈ। ਕੇਜਰੀਵਾਲ ਦਾ ਇਹ ਦਾਅਵਾ ਕਿ ਸਰਕਾਰ ਨੇ 50,000 ਰੁਪਏ ਦੀ ਸਹਾਇਤਾ ਦਿੱਤੀ ਹੈ, ਸਿਰਫ਼ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਬਾਕਸ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ 1 ਮਈ 2016 ਨੂੰ ਸ਼ੁਰੂ ਕੀਤੀ ਗਈ ਸੀ। ਹੁਣ ਤੱਕ ਇਸ ਯੋਜਨਾ ਤਹਿਤ 10,69,50,246 ਐੱਲਪੀਜੀ ਕੁਨੈਕਸ਼ਨ ਜਾਰੀ ਕੀਤੇ ਗਏ ਹਨ, ਜਿਸ ਨਾਲ ਐੱਲਪੀਜੀ ਕਵਰੇਜ ਨੂੰ ਵਧਾਉਣ ਵਿਚ ਮਦਦ ਮਿਲੀ ਹੈ ਜੋ 1 ਮਈ 2016 ’ਚ 62% ਸੀ ਤੇ ਹੁਣ 99.8% ਹੋ ਗਈ ਹੈ। ਪੰਜਾਬ ਵਿਚ ਇਸ ਯੋਜਨਾ ਤਹਿਤ ਕੁੱਲ 12,64,549 ਕੁਨੈਕਸ਼ਨ ਦਿੱਤੇ ਗਏ ਹਨ। ਕੈਪਸ਼ਨ : 17ਕੇਪੀਟੀ14