- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਫਤਰਾਂ ‘ਚ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾ ਕੇ ਦਿਖਾਵਾ ਕਰਦੀ ਹੈ ਪੰਜਾਬ ਸਰਕਾਰ : ਬਸਪਾ ਆਗੂ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਬਹੁਜਨ ਸਮਾਜ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਲੇਖਰਾਜ ਜਮਾਲਪੁਰੀ, ਪ੍ਰਧਾਨ ਚਿਰੰਜੀ ਲਾਲ ਕਾਲਾ, ਸੀਨੀਅਰ ਆਗੂ ਪਰਮਜੀਤ ਖਲਵਾੜਾ, ਸੀਨੀਅਰ ਆਗੂ ਐਡਵੋਕੇਟ ਕੁਲਦੀਪ ਰਾਮ ਭੱਟੀ, ਐਡਵੋਕੇਟ ਅਨੀਤਾ ਭੱਟੀ, ਲੰਡਨ ਤੋਂ ਸੁਦੇਸ਼ ਕੁਮਾਰ, ਲੈਂਬਰ ਬਲਾਲੋਂ, ਨਰਿੰਦਰ ਬਿੱਲਾ ਸਾਬਕਾ ਸਰਪੰਚ ਇੰਦਣਾ ਕਲਾਸਕੇ, ਅਮਰੀਕ ਪੰਡਵਾ, ਰਜਵਿੰਦਰ ਸੰਧੂ ਕੋਟਰਾਣੀ ਤੇ ਬਲਵਿੰਦਰ ਨੇ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਬਸਪਾ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਇੱਕ ਪਾਸੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਤਸਵੀਰ ਲਗਾ ਕੇ ਉਨ੍ਹਾਂ ਦੇ ਸਨਮਾਨ ਦਾ ਦਿਖਾਵਾ ਕਰਦੀ ਹੈ, ਜਦਕਿ ਦੂਜੇ ਪਾਸੇ ਸਰਕਾਰ ਦੇ ਕਾਰਜਕਾਲ ਦੌਰਾਨ ਬਾਬਾ ਸਾਹਿਬ ਦੀਆਂ ਮੂਰਤੀਆਂ ਨਾਲ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਘਟਨਾ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਨਾਲ ਬੇਅਦਬੀ ਦੀ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀ 10ਵੀਂ ਘਟਨਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਬਸਪਾ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਕਰੋੜਾਂ ਲੋਕਾਂ ਲਈ ਪ੍ਰੇਰਣਾ ਸਰੋਤ ਹਨ ਤੇ ਉਨ੍ਹਾਂ ਦੀਆਂ ਮੂਰਤੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਇਸ ਪਿੱਛੇ ਕੰਮ ਕਰ ਰਹੀ ਸਾਜ਼ਿਸ਼ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕੀਤਾ ਜਾਵੇ। ਆਗੂਆਂ ਨੇ ਮਾਮਲੇ ਦੀ ਡੂੰਘਾਈ ਨਾਲ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਪੈਦਾ ਹੋ ਰਹੇ ਰੋਸ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਬਸਪਾ ਤਿੱਖਾ ਸੰਘਰਸ਼ ਸ਼ੁਰੂ ਕਰੇਗੀ।