- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾ ਰਹੀ : ਡਾ. ਰਾਜ

ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾ ਰਹੀ
ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਯੋਜਨਾ ਤਹਿਤ ਅੱਜ ਫਗਵਾੜਾ ਦੇ ਮੁਹੱਲਾ ਗੋਬਿੰਦਪੁਰਾ ਵਿਖੇ ਵਾਰਡ ਕੌਂਸਲਰ ਰਵਿੰਦਰ ਰਵੀ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮੈਂਬਰ ਪਾਰਲੀਮੈਂਟ ਤੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ ‘ਮੇਰੀ ਰਸੋਈ’ ਯੋਜਨਾ ਵੀ ਇਸੇ ਸੋਚ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ, ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ, ਤਾਂ ਜੋ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ ਤੇ ਹਰ ਪਰਿਵਾਰ ਨੂੰ ਇੱਜ਼ਤ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਯੋਜਨਾਵਾਂ ਰਾਹੀਂ ਸਮਾਜ ਦੇ ਹਰ ਵਰਗ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਗਏ ਵਾਧੇ ਕਾਰਨ ਮਹਿੰਗਾਈ ਬੇਹੱਦ ਵਧੀ ਹੈ, ਜਿਸ ਦੀ ਸਭ ਤੋਂ ਵੱਧ ਮਾਰ ਗਰੀਬ ਤੇ ਮੱਧ ਵਰਗ ਦੇ ਪਰਿਵਾਰਾਂ ’ਤੇ ਪਈ ਹੈ। ਅਜਿਹੇ ਹਾਲਾਤਾਂ ਵਿਚ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਯੋਜਨਾ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਤੇ ਲੋਕਾਂ ਨੂੰ ਮਹਿੰਗਾਈ ਦੇ ਦੌਰ ਵਿਚ ਰਾਹਤ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਮੇਅਰ ਰਾਮਪਾਲ ਉੱਪਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਗਰੀਬ, ਮਜ਼ਦੂਰ ਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਮਹਿੰਗਾਈ ਦੇ ਇਸ ਦੌਰ ਵਿਚ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ। ਦੋਆਬਾ ਜ਼ੋਨ ਬੀਸੀ ਵਿੰਗ ਦੇ ਇੰਚਾਰਜ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਸਮਾਜ ਦੇ ਹਰ ਵਰਗ ਵਿਚ ਵਿਸ਼ਵਾਸ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਵਰਗੀਆਂ ਯੋਜਨਾਵਾਂ ਇਹ ਸਾਬਤ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਵਧੀ ਮਹਿੰਗਾਈ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ਤੇ ਵਾਰਡ ਵਾਸੀ ਹਾਜ਼ਰ ਸਨ।