ਸਰਕਾਰ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ : ਘੁੰਮਣ ਪੰਜਾਬ ਸਰਕਾਰ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ : ਕਰਨੈਲ ਸਿੰਘ ਘੁੰਮਣ
Publish Date: Sat, 26 Sep 2026 07:51 PM (IST)
Updated Date: Sat, 26 Sep 2026 07:54 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਇੱਕ ਵਧੀਆ ਤੇ ਸੁਖਾਵਾਂ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਹੈ। ਹਲਕਾ ਕੋਆਡੀਨੇਟਰ ਐਜੂਕੇਸ਼ਨ ਵਿੰਗ ਕਪੂਰਥਲਾ ਕਰਨੈਲ ਸਿੰਘ ਘੁੰਮਣ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੁੰਦੀ ਹੈ। ਇਸ ਲਈ ਸਰਕਾਰ ਵੱਲੋਂ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਤੇ ਹੋਰ ਖੇਤਰਾਂ ਵਿੱਚ ਅੱਗੇ ਵਧਣ ਦੇ ਮੌਕੇ ਵੀ ਦਿੱਤੇ ਜਾ ਰਹੇ ਹਨ। ਘੁੰਮਣ ਨੇ ਦੱਸਿਆ ਕਿ ਅਧਿਆਪਕਾਂ ਨੂੰ ਵੀ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਅਧਿਆਪਕ ਤੇ ਵਿਦਿਆਰਥੀ ਸਿੱਖਿਆ ਪ੍ਰਣਾਲੀ ਦੇ ਮੁੱਖ ਧੁਰੇ ਹਨ ਤੇ ਦੋਵਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਹੀ ਸਿੱਖਿਆ ਦੇ ਖੇਤਰ ਵਿੱਚ ਹੋਰ ਚੰਗੇ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ। ਕਰਨੈਲ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਹਮੇਸ਼ਾ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਹਰੇਕ ਬੱਚੇ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਸੁਧਾਰਾਂ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੂੰ ਹੋਰ ਵਧੀਆ ਮੌਕੇ ਮਿਲਣਗੇ।