- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਦੇ ਰਾਜ ਵਿਚ ਪੰਜਾਬ ਨਸ਼ਿਆਂ ਅਤੇ ਗੈਂਗਸਟਰਾਂ ਦੀ ਲਪੇਟ ਵਿਚ : ਸੁਖਬੀਰ ਬਾਦਲ

--ਜੀਆ ਲਾਲ ਨਾਹਰ ਨੇ ਕੀਤੀ ਘਰ ਵਾਪਸੀ, ਸੁਖਬੀਰ ਬਾਦਲ ਨੇ ਪਾਰਟੀ ’ਚ ਕਰਵਾਇਆ ਸ਼ਾਮਲ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਦੇ ਯਤਨਾਂ ਸਦਕਾ ਸਮਾਜ ਦੇ ਹਰ ਵਰਗ ਲਈ ਬੇਬਾਕੀ ਨਾਲ ਅਵਾਜ਼ ਬੁਲੰਦ ਕਰਨ ਵਾਲੇ ਕਾਂਗਰਸ ਐੱਸਸੀ ਵਿੰਗ ਦੇ ਸੂਬਾਈ ਆਗੂ ਜੀਆ ਲਾਲ ਨਾਹਰ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਵਾਈ ਹੈ। ਇਸ ਦੌਰਾਨ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੀਆ ਲਾਲ ਨਾਹਰ ਨੂੰ ਸਿਰੋਪਾਓ ਪਾ ਕੇ ਘਰ ਵਾਪਸੀ ਕਾਰਵਾਈ ਤੇ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ। ਜੀਆ ਲਾਲ ਨਾਹਰ ਦੇ ਘਰ ਵਾਪਸੀ ਕਰਨ ਸਮੇਂ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਸਮੇਤ ਪਾਰਟੀ ਦੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਜੀਆ ਲਾਲ ਨਾਹਰ ਦੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜਿਥੇ ਪੂਰੇ ਪੰਜਾਬ ਵਿਚ ਮਜ਼ਬੂਤੀ ਮਿਲੇਗੀ, ਉਥੇ ਵਿਧਾਨ ਸਭਾ ਹਲਕਾ ਕਪੂਰਥਲਾ ਵਿਚ ਵੀ ਪਾਰਟੀ ਨੂੰ ਕਾਫੀ ਸ਼ਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਅਜਿਹੀ ਪਾਰਟੀ ਹੈ, ਜਿਸ ਨੂੰ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਪਿਆਰੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗਿਲੇ-ਸ਼ਿਕਵੇ ਮਿਟਾ ਕੇ ਇਕ ਮੰਚ ’ਤੇ ਇਕੱਠੇ ਹੋਣਾ ਚਾਹੀਦਾ ਹੈ। ਇਸ ਮੌਕੇ ਜੀਆ ਲਾਲ ਨਾਹਰ ਨੇ ਪਾਰਟੀ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸਮੇਤ ਪੂਰੀ ਪਾਰਟੀ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕੰਮ ਕਰਨਗੇ ਤੇ ਵਫ਼ਾਦਾਰ ਰਹਿਣਗੇ। ਆਮ ਆਦਮੀ ਪਾਰਟੀ ਸਬੰਧੀ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਖ਼ਤਰਾ ਹੈ। ਭਗਵੰਤ ਮਾਨ ਕੋਲੋਂ ਤਾਂ ਆਪਣਾ-ਆਪ ਸਾਂਭਿਆ ਨਹੀਂ ਜਾ ਰਿਹਾ, ਉਹ ਪੰਜਾਬ ਨੂੰ ਕੀ ਸੰਭਾਲੇਗਾ। ਸੁਖਬੀਰ ਬਾਦਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਮ ’ਤੇ ਸੱਤਾ ਵਿਚ ਆਈ ਇਸ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਉਨਾਂ ਕਿਹਾ ਕਿ ਪਿਛਲੇ ਲਗਪਗ ਚਾਰ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਨਸ਼ਿਆਂ ਦਾ ਕਾਰੋਬਾਰ ਘਟਣ ਦੀ ਬਜਾਏ ਹੋਰ ਵੀ ਵਧਿਆ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ। ਉਨਾਂ ਕਿਹਾ ਕਿ ਅੱਜ ਪੰਜਾਬ ਵਿਚ ਕੋਈ ਵੀ ਨਾਗਰਿਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਦਿਨ-ਦਿਹਾੜੇ ਗੋਲੀਆਂ ਚੱਲਣਾ, ਫਿਰੌਤੀਆਂ ਮੰਗਣਾ ਅਤੇ ਕਤਲ ਹੋਣਾ ਹੁਣ ਰੋਜ਼ਾਨਾ ਦੀ ਗੱਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੇ ਮਨਾਂ ਵਿਚੋਂ ਪੁਲਿਸ ਅਤੇ ਸਰਕਾਰ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਜਦੋਂ ਤੋਂ ਆਪ ਦੀ ਸਰਕਾਰ ਬਣੀ ਹੈ, ਅਪਰਾਧੀ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਆਮ ਜਨਤਾ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਨਸ਼ਿਆਂ ਦੇ ਮੁੱਦੇ ’ਤੇ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰਆਂ ਖਾ ਕੇ ਨਸ਼ਾ ਖਤਮ ਕਰਨ ਦੇ ਦਾਅਵੇ ਕੀਤੇ ਸਨ ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁੱਲ ਉਲਟ ਹੈ। ਅੱਜ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਗਲੀ-ਗਲੀ ਵਿਚ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ, ਹਰ ਰੋਜ਼ ਚਿੱਟੇ ਅਤੇ ਹੋਰ ਮਾਰੂ ਨਸ਼ਿਆਂ ਕਾਰਨ ਪੰਜਾਬ ਦੇ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਕਈ ਮਾਵਾਂ ਦੇ ਇਕਲੌਤੇ ਪੁੱਤ ਸਿਵਿਆਂ ਦੀ ਭੇਟ ਚੜ੍ਹ ਗਏ ਹਨ ਪਰ ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ਅਤੇ ਫੋਕੀਆਂ ਰੈਲੀਆਂ ਤੱਕ ਸੀਮਿਤ ਹੈ। ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਮੁਹਿੰਮਾਂ ਨੂੰ ਮਹਿਜ਼ ਇਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਰੈਲੀਆਂ ਵਿਚ ਵੀ ਅਕਸਰ ਨਸ਼ਾ ਕਰਨ ਵਾਲੇ ਅਤੇ ਨਸ਼ਾ ਵੇਚਣ ਵਾਲੇ ਸ਼ਾਮਲ ਹੁੰਦੇ ਹਨ। ਸਰਕਾਰ ਨੇ ਹੁਣ ਨਵੀਂ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰਨ ਦੀ ਗੱਲ ਕਹੀ ਹੈ ਪਰ ਸਵਾਲ ਇਹ ਉੱਠਦਾ ਹੈ ਕਿ ਪਹਿਲੇ ਪੜਾਅ ਵਿਚ ਸਰਕਾਰ ਨੇ ਕੀ ਹਾਸਲ ਕੀਤਾ? ਕਿੰਨੇ ਵੱਡੇ ਸਮੱਗਲਰਾਂ ਨੂੰ ਜ਼ੇਲ੍ਹ ਭੇਜਿਆ ਗਿਆ? ਸੱਚਾਈ ਇਹ ਹੈ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਰਹੀ। ਇਸ ਮੌਕੇ ਨੀਰਜ ਨਾਹਰ, ਪਰਵਿੰਦਰ ਸਿੰਘ ਟੀਟੂ, ਸੰਦੀਪ ਸਿੰਘ ਸੰਨੀ, ਧਨਵਿੰਦਰ ਸਿੰਘ, ਜਗਜੀਤ ਸਿੰਘ ਸ਼ਮੀ, ਅਜੈ ਬਬਲਾ, ਰਾਕੇਸ਼ ਹੈਪੀ, ਅਨਿਲ ਸਹੋਤਾ, ਕੋਮਲ ਸਹੋਤਾ, ਕੁਮਾਰ ਗੌਰਵ, ਬਬਰਿਕ ਆਧਿਆ, ਰੋਹਿਤ ਭੱਟੀ, ਅਨਿਲ ਸਲੋਹਤਰਾ, ਧਰਮਿੰਦਰ ਕੁਮਾਰ, ਰਾਜੂ ਅਟਵਾਲ, ਅਨਿਲ ਕੁਮਾਰ ਨਾਹਰ, ਸੰਜੀਵ ਧਾਪਰ, ਰਾਕੇਸ਼ ਕੁਮਾਰ, ਅਸ਼ਵਨੀ ਕੁਮਾਰ, ਕਾਜੂ ਨਾਹਰ, ਸੰਜੀਵ ਨਾਹਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਪਾਰਟੀ ਵਰਕਰ ਹਾਜ਼ਰ ਸਨ।