ਪੰਜਾਬ ਪੁਲਿਸ ਨੇ ਅੱਤਵਾਦ ਨੂੰ ਬਹਾਦਰੀ ਨਾਲ ਖਤਮ ਕੀਤਾ : ਖੋਜੇਵਾਲ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬਹਾਦਰੀ ਨਾਲ ਲੜਾਈ ਲੜੀ ਹੈ : ਖੋਜੇਵਾਲ
Publish Date: Mon, 27 Jul 2026 10:17 PM (IST)
Updated Date: Mon, 27 Jul 2026 10:18 PM (IST)
ਦੀਨਾਨਗਰ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਐੱਸਪੀ ਬਲਜੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਪੰਜਾਬੀ ਜਾਗਰਣ ਪ੍ਰਤੀਨਿੱਧ ਕਪੂਰਥਲਾ : ਦੀਨਾਨਗਰ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਐੱਸਪੀ ਬਲਜੀਤ ਸਿੰਘ ਦੀ 11ਵੀਂ ਬਰਸੀ ’ਤੇ ਉਨ੍ਹਾਂ ਦੇ ਪੁੱਤਰ ਐੱਸਪੀ ਗੁਰਦਾਸਪੁਰ ਮਨਿੰਦਰਪਾਲ ਸਿੰਘ ਵੱਲੋਂ ਵਿਰਾਸਤੀ ਸ਼ਹਿਰ ਦੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਰੋਹ ਵਿੱਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸ਼ਿਰਕਤ ਕਰਦਿਆਂ ਸ਼ਹੀਦ ਐੱਸਪੀ ਬਲਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਐੱਸਪੀ ਬਲਜੀਤ ਸਿੰਘ ਨੇ ਦੇਸ਼ ਵਿੱਚ ਸ਼ਾਂਤੀ ਤੇ ਅਖੰਡਤਾ ਬਣਾਈ ਰੱਖਣ ਲਈ ਆਪਣੀ ਜਾਨ ਕੁਰਬਾਨ ਕੀਤੀ ਤੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਿਸ ਦੇ ਮਹਾਨ ਯੋਧੇ ਐੱਸਪੀ ਬਲਜੀਤ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਭਾਜਪਾ ਪ੍ਰਣ ਕਰਦੀ ਹੈ ਕਿ ਸੰਗਠਨ ਦਾ ਹਰ ਮੈਂਬਰ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਲਈ ਹਮੇਸ਼ਾ ਕੁਰਬਾਨੀਆਂ ਦੇਣ ਲਈ ਤਿਆਰ ਰਹੇਗਾ। ਖੋਜੇਵਾਲ ਨੇ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ। ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬਹਾਦਰੀ ਨਾਲ ਲੜਾਈ ਲੜੀ ਹੈ ਤੇ ਸ਼ਹਾਦਤ ਦਾ ਪਿਆਲਾ ਪ੍ਰਾਪਤ ਕੀਤਾ ਹੈ। ਖੋਜੇਵਾਲ ਨੇ ਕਿਹਾ ਕਿ 1980 ਤੇ 1990 ਦੇ ਦਹਾਕੇ ਵਿੱਚ ਬਗਾਵਤ ਦੌਰਾਨ, ਪੰਜਾਬ ਪੁਲਿਸ ਨੇ ਬਹੁਤ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸੂਬੇ ਵਿੱਚੋਂ ਅੱਤਵਾਦ ਨੂੰ ਖਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਮੁਸ਼ਕਲ ਸਮੇਂ ਦੌਰਾਨ ਬਹੁਤ ਸਾਰੇ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਸ਼ਾਂਤੀ ਅਤੇ ਸੁਰੱਖਿਆ ਨੂੰ ਬਹਾਲ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਹਜ਼ਾਰਾਂ ਪੁਲਿਸ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਸਿੱਧੇ ਤੌਰ ’ਤੇ ਅੱਤਵਾਦੀਆਂ ਦਾ ਸਾਹਮਣਾ ਕੀਤਾ ਤੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਪੁਲਿਸ ਫੋਰਸ ਨੇ ਸਥਾਨਕ ਖੁਫੀਆ ਜਾਣਕਾਰੀ ਤੇ ਰਣਨੀਤੀਆਂ ਦੀ ਵਰਤੋਂ ਕਰਕੇ ਅੱਤਵਾਦੀ ਨੈੱਟਵਰਕ ਨੂੰ ਕਮਜ਼ੋਰ ਕੀਤਾ। ਖੋਜੇਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਮਨੁੱਖਤਾ ਦਾ ਦੁਸ਼ਮਣ ਹੈ। ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ, ਪਰ ਕੁਝ ਲੋਕ ਧਰਮ ਦੇ ਨਾਮ ’ਤੇ ਪਨਾਹ ਲੈਣ ਦੀ ਕੋਸ਼ਿਸ਼ ਕਰਦੇ ਹਨ। ਖੋਜੇਵਾਲ ਨੇ ਕਿਹਾ ਕਿ ਪਾਕਿਸਤਾਨ ਇੱਕ ਅਜਿਹਾ ਦੇਸ਼ ਹੈ ਜੋ ਪਿੱਠ ਵਿੱਚ ਛੁਰਾ ਮਾਰਦਾ ਹੈ। ਇਸ ਵੇਲੇ ਭਾਰਤ ਪਾਕਿਸਤਾਨ ਦੀ ਇੱਕ ਗੋਲੀ ਦਾ ਜਵਾਬ ਦਸ ਗੋਲੀਆਂ ਨਾਲ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜੰਮੂ-ਕਸ਼ਮੀਰ ਵਾਂਗ ਪੰਜਾਬ ਵਿੱਚ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਹਥਿਆਰ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਐਡਵੋਕੇਟ ਪਰਮਜੀਤ ਸਿੰਘ ਪੰਮਾ, ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਉਪਿੰਦਰ ਸਿੰਘ ਬੱਗਾ ਆਦਿ ਹਾਜ਼ਰ ਸਨ।