ਮਸੀਹ ਨੇ ਸੁਣੀਆਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਿਲਾਂ
ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸੁਣੀਆਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ
Publish Date: Thu, 15 Jan 2026 07:46 PM (IST)
Updated Date: Thu, 15 Jan 2026 07:48 PM (IST)
---ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਤੁਰੰਤ ਬਣਦੀ ਕਾਰਵਾਈ ਦੇ ਦਿੱਤੇ ਨਿਰਦੇਸ਼
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਦੇ ਯੋਗ ਹੱਲ ਲਈ ਤੁਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਐੱਸਐੱਸਪੀ ਗੌਰਵ ਤੂਰਾ, ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ (ਵ) ਵਰਿੰਦਰਪਾਲ ਸਿੰਘ ਬਾਜਵਾ, ਡੀਐੱਸਪੀ ਕਪੂਰਥਲਾ ਡਾ. ਸ਼ੀਤਲ ਸਿੰਘ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸਾਈ ਭਾਈਚਾਰੇ ਦੀਆਂ ਕਬਰਿਸਤਾਨ ਸਬੰਧੀ ਸਮੱਸਿਆਵਾਂ ਸੁਣਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਅੰਤਿਮ ਰਸਮਾਂ ਨਿਭਾਉਣ ਵਿਚ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਹੱਲ ਕੱਢਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਬਰਿਸਤਾਨਾਂ ’ਤੇ ਨਾਜਾਇਜ਼ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਿੰਮੇਵਾਰਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਹਰ ਪੱਧਰ ’ਤੇ ਬਰਾਬਰੀ ਦੇ ਅਧਿਕਾਰ ਮਿਲਣ ਅਤੇ ਉਨ੍ਹਾਂ ਦੀਆਂ ਸਮਾਜਿਕ ਤੇ ਧਾਰਮਿਕ ਜ਼ਰੂਰਤਾਂ ਦਾ ਸਨਮਾਨ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ। ਇਸ ਦੌਰਾਨ ਉਨ੍ਹਾਂ ਘੱਟ ਗਿਣਤੀ ਭਾਈਚਾਰੇ ਦੀਆਂ ਪੁਲਿਸ, ਨਗਰ ਨਿਗਮ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਮੁਸ਼ਕਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਇਨ੍ਹਾਂ ਦਾ ਢੁੱਕਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਵੱਲੋਂ ਧਰਮ ਦੇ ਨਾਂ ’ਤੇ ਆਪਸੀ ਭਾਈਚਾਰੇ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਧਰਮ ਦੇ ਨਾਂ ’ਤੇ ਘੱਟ ਗਿਣਤੀ ਭਾਈਚਾਰੇ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੀ ਹਾਜ਼ਰ ਸਨ।