ਪੰਜਾਬ ਯੂਨੀਵਰਸਿਟੀ ਦਾ ਫੈਸਲਾ ਮੰਦਭਾਗਾ : ਜਥੇ. ਸਾਹੀ ਪੰਜਾਬ ਯੂਨੀਵਰਸਿਟੀ ਵੱਲੋਂ ਐੱਮਏ ਇਤਿਹਾਸ ਦੇ ਸਿਲੇਬਸ ਵਿਚੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਹਟਾਉਣ ਦਾ ਫੈਸਲਾ ਮੰਦਭਾਗਾ : ਜੱਥੇਦਾਰ ਸਾਹੀ
Publish Date: Sat, 19 Sep 2026 07:33 PM (IST)
Updated Date: Sat, 19 Sep 2026 07:35 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕਾਦਮਿਕ ਕੌਂਸਲ ਵੱਲੋਂ ਐੱਮਏ ਇਤਿਹਾਸ ਦੇ ਸਿਲੇਬਸ ਵਿਚੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਹਟਾਉਣ ਦਾ ਲਿਆ ਗਿਆ ਫੈਸਲਾ ਬੇਹੱਦ ਮੰਦਭਾਗਾ, ਚਿੰਤਾਜਨਕ ਤੇ ਪੰਜਾਬ ਦੇ ਮਹਾਨ ਵਿਰਸੇ ਉੱਤੇ ਸਿੱਧਾ ਹਮਲਾ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੀ ਵਿਰਾਸਤ ਤੇ ਇਤਿਹਾਸ ਨੂੰ ਮਿਟਾਉਣ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਫ਼ੈਸਲੇ ’ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉੱਚ ਸਿੱਖਿਆ ਵਿੱਚੋਂ ਪੰਜਾਬ ਦੇ ਇਤਿਹਾਸ ਨੂੰ ਪਿੱਛੇ ਕਰਨਾ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਤੋਂ ਵਾਂਝਾ ਕਰਨ ਦੇ ਸਮਾਨ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਵਿਸ਼ਿਆਂ ਨੂੰ ਪਹਿਲਾਂ ਵਾਂਗ ਸਿਲੇਬਸ ਵਿੱਚ ਲਾਜ਼ਮੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿਚ ਰਹੀਆਂ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਅਧਿਕਾਰਾਂ ਤੇ ਹੱਕਾਂ ਤੇ ਡਾਕੇ ਮਾਰੇ ਹਨ। ਪਹਿਲਾਂ ਕੇਂਦਰ ਵਿਚ ਸੱਤਾਧਾਰੀ ਕਾਂਗਰਸੀ ਹਾਕਮਾਂ ਨੇ ਸਾਡੀ ਰਾਜਧਾਨੀ ਚੰਡੀਗੜ੍ਹ ਖੋਹ ਕੇ ਉਥੋਂ ਪੰਜਾਬੀ ਜ਼ੁਬਾਨ ਦਾ ਖਾਤਮਾ ਕਰਨ ਦੀ ਕੋਸ਼ਿਸ਼ ਕੀਤੀ ਤੇ ਹੁਣ ਭਾਜਪਾਈ ਹਾਕਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਰੂਪ ਤੇ ਹੋਂਦ ਨੂੰ ਖੋਹ ਕੇ ਸਾਡਾ ਇਤਿਹਾਸ ਮਿਟਾਉਣ ਤੇ ਲੱਗੇ ਹੋਏ ਹਨ। ਜੇ ਅਜਿਹੇ ਫੈਸਲਿਆਂ ਨੂੰ ਅਜੇ ਵੀ ਨਾ ਰੋਕਿਆ ਗਿਆ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਹੱਕਾਂ ਦਾ ਕੀ ਹਸ਼ਰ ਹੋਵੇਗਾ, ਇਸ ਬਾਰੇ ਕੁਝ ਵੀ ਕਿਹਾ ਨਹੀਂ ਜਾ ਸਕਦਾ। ਉਨ੍ਹਾਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਐੱਮਏ ਇਤਿਹਾਸ ਦੇ ਸਿਲੇਬਸ ਵਿਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਪਹਿਲਾਂ ਵਾਂਗ ਬਹਾਲ ਕੀਤਾ ਜਾਵੇ, ਨਹੀਂ ਤਾਂ ਇਸ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।