ਅਕਾਲੀ ਸਰਕਾਰ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਲੈ ਜਾਵੇਗੀ : ਵਾਲੀਆ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਲੈ ਜਾਇਆ ਜਾਵੇਗਾ-ਲਵਲੀ ਵਾਲੀਆ
Publish Date: Sun, 06 Sep 2026 07:11 PM (IST)
Updated Date: Sun, 06 Sep 2026 07:13 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਨੂੰ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਸਾਲ 2027 ’ਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਨੇ ਅੱਜ ਪ੍ਰਗਟਾਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਸਨ, ਪਰ ਇਹ ਹੁਣ ਤੱਕ ਦੀ ਸਭ ਤੋਂ ਨਖਿੱਧ ਸਰਕਾਰ ਸਾਬਤ ਹੋਈ ਹੈ। ਸਰਕਾਰੀ ਲੀਡਰਸ਼ਿਪ ਨੇ ਆਪਣੀਆਂ ਲਾਲਸਾਵਾਂ ਦੀ ਪੂਰਤੀ ਲਈ ਸੂਬੇ ਨੂੰ ਬੁਰੀ ਤਰ੍ਹਾਂ ਕਰਜ਼ੇ ’ਚ ਡੁਬੋ ਦਿੱਤਾ ਹੈ। ਲਵਲੀ ਵਾਲੀਆ ਨੇ ਅੱਗੇ ਕਿਹਾ ਕਿ ਆਮਦਨ ਦੇ ਨਵੇਂ ਵਸੀਲੇ ਪੈਦਾ ਕਰਕੇ ਪੰਜਾਬ ਨੂੰ ਮੋਹਰੀ ਰਾਜ ਬਣਾਉਣ ਦੇ ਦਾਅਵੇ ਕਰਨ ਵਾਲੇ ਆਪ ਆਗੂਆਂ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੀ ਬਿਹਤਰੀ ਲਈ ਕੁਝ ਨਹੀਂ ਕੀਤਾ। ਇਸ ਕਾਰਨ ਅੱਜ ਪੰਜਾਬ ਦੇ ਲੋਕ ਇਨ੍ਹਾਂ ਫ਼ਰੇਬੀ ਲੀਡਰਾਂ ਤੋਂ ਛੁਟਕਾਰਾ ਪਾਉਣ ਲਈ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਲਵਲੀ ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਤੇ ਕਰਨੀ ’ਚ ਬਹੁਤ ਫ਼ਰਕ ਹੈ ਤੇ ਹੁਣ ਤੱਕ ਆਮ ਆਦਮੀ ਪਾਰਟੀ ਨੇ ਆਪਣਾ ਸਮਾਂ ਸਿਰਫ਼ ਜਨਤਾ ਨੂੰ ਗੁੰਮਰਾਹ ਕਰਨ ਚ ਹੀ ਬਿਤਾਇਆ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਮੌਜੂਦਾ ਆਪ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੀੜਤ ਹਨ ਤੇ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਦਾ ਨਤੀਜਾ ਭੁਗਤਣਾ ਪਵੇਗਾ। ਲਵਲੀ ਵਾਲੀਆ ਨੇ ਕਿਹਾ ਕਿ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੀ ਬਜਾਏ ਮੌਜੂਦਾ ਸੂਬਾ ਸਰਕਾਰ ਦਿਨ-ਬ-ਦਿਨ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਲੋਕ ਇਸ ਤੋਂ ਤੰਗ ਆ ਚੁੱਕੇ ਹਨ ਤੇ ਇਸ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ ਤੇ ਸਰਕਾਰ ਬਣਨ ਤੋਂ ਬਾਅਦ, ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦਾ ਰਾਹ ’ਤੇ ਲੈ ਜਾਇਆ ਜਾਵੇਗਾ।