ਅਕਾਲੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ : ਧੰਜਲ
ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਇਆ ਜਾਵੇਗਾ-ਧੰਜਲ
Publish Date: Sun, 14 Jun 2026 09:58 PM (IST)
Updated Date: Sun, 14 Jun 2026 10:00 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹ ਗੱਲ ਸੀਨੀਅਰ ਅਕਾਲੀ ਆਗੂ ਤੇ ਕੌਂਸਲਰ ਰਜਿੰਦਰ ਸਿੰਘ ਧੰਜਲ ਨੇ ਇਕ ਪ੍ਰੈੱਸ ਬਿਆਨ ਵਿਚ ਕਹੀ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ 2027 ਵਿਚ ਸਰਕਾਰ ਬਣਾਉਂਦੀ ਹੈ, ਤਾਂ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਸਾਰੇ 13,000 ਪਿੰਡਾਂ ਵਿਚ ਕੰਕਰੀਟ ਦੀਆਂ ਸੜਕਾਂ, ਸੀਵਰੇਜ ਸਿਸਟਮ, ਪਿੰਡਾਂ ਦੇ ਛੱਪੜਾਂ ਦਾ ਸੁੰਦਰੀਕਰਨ ਤੇ ਬੇਘਰੇ ਲੋਕਾਂ ਲਈ ਪੱਕੇ ਘਰ ਬਣਾਉਣ ਦੇ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੇਂਡੂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਇਕ ਪੜਾਅਵਾਰ ਯੋਜਨਾ ਤਿਆਰ ਕੀਤੀ ਹੈ, ਜਿਸ ਤਹਿਤ ਹਰ ਸਾਲ 3,000 ਪਿੰਡਾਂ ਦਾ ਵਿਕਾਸ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਦੇ ਹਰ ਪਿੰਡ ਵਿਚ ਸ਼ਹਿਰਾਂ ਵਰਗੀਆਂ ਨਾਗਰਿਕ ਸਹੂਲਤਾਂ ਹੋਣਗੀਆਂ। ਪੰਜਾਬ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਧੰਜਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਸ਼ਾਂਤੀ, ਭਾਈਚਾਰਾ, ਸੁਰੱਖਿਆ ਅਤੇ ਵਿਕਾਸ ਦੇ ਰਾਹ ਤੇ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਜੇਕਰ ਨੇੜਲੇ ਭਵਿੱਖ ਵਿਚ ਅਕਾਲੀ ਦਲ ਸੂਬੇ ਵਿਚ ਸਰਕਾਰ ਬਣਾਉਂਦਾ ਹੈ ਤਾਂ ਪੰਜਾਬ ਨਸ਼ਾਖੋਰੀ, ਗੁੰਡਾਗਰਦੀ ਤੇ ਅਪਰਾਧ ਤੋਂ ਪੂਰੀ ਤਰ੍ਹਾਂ ਮੁਕਤ ਹੋ ਜਾਵੇਗਾ। ਧੰਜਲ ਨੇ ਕਿਹਾ ਕਿ ਸੂਬੇ ਨੂੰ ਨਸ਼ਾਖੋਰੀ, ਡਕੈਤੀ, ਫਿਰੌਤੀ ਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਤੋਂ ਮੁਕਤ ਕਰਨਾ ਪਾਰਟੀ ਦੀਆਂ ਪ੍ਰਮੁੱਖ ਤਰਜੀਹਾਂ ਵਿਚੋਂ ਇਕ ਹੈ। ਇਸ ਨੂੰ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸੱਤਾ ਵਿਚ ਆਉਣ ’ਤੇ ਜਾਗਰੂਕਤਾ ਤੇ ਸਮਾਜ ਵਿਚ ਚੰਗਾ ਮਾਹੌਲ ਪੈਦਾ ਕਰਨ ’ਤੇ ਧਿਆਨ ਕੇਂਦਰਿਤ ਕਰੇਗਾ। ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਸੇਧਿਤ ਕਰਨਾ ਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨਾ ਪਾਰਟੀ ਦਾ ਮੁੱਖ ਟੀਚਾ ਹੈ। ਧੰਜਲ ਨੇ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪੈਣ ਤੋਂ ਬਚਾਉਣ ਲਈ ਇਕ ਵਿਸਤ੍ਰਿਤ ਰੋਡਮੈਪ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ, ਕਪੂਰਥਲਾ ਸਮੇਤ ਰਾਜ ਭਰ ਵਿਚ ਵੱਡੇ ਪੱਧਰ ਤੇ ਧਾਰਮਿਕ,ਸਮਾਜਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਸ਼ਾਨਦਾਰ ਇਤਿਹਾਸ, ਅਮੀਰ ਵਿਰਾਸਤ ਤੇ ਗੁਰੂ ਸਾਹਿਬਾਨ ਦੀਆਂ ਪਵਿੱਤਰ ਸਿੱਖਿਆਵਾਂ ਨਾਲ ਜੋੜਨਾ ਹੈ। ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਸਖ਼ਤ ਸਟੈਂਡ ਲੈਂਦੇ ਹੋਏ ਧੰਜਲ ਨੇ ਚੇਤਾਵਨੀ ਦਿੱਤੀ ਕਿ ਅਪਰਾਧ, ਨਸ਼ਾ ਤਸਕਰੀ, ਡਕੈਤੀ, ਫਿਰੌਤੀ ਤੇ ਗੁੰਡਾਗਰਦੀ ਵਰਗੀਆਂ ਗਤੀਵਿਧੀਆਂ ਵਿਚ ਸ਼ਾਮਲ ਹੋ ਕੇ ਸਮਾਜ ਲਈ ਖ਼ਤਰਾ ਪੈਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਅਕਾਲੀ ਦਲ ਦੀ ਸਰਕਾਰ ਬਣਦੇ ਹੀ ਅਜਿਹੇ ਤੱਤਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧੰਜਲ ਨੇ ਵਾਅਦਾ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਸਾਰੇ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਮੇਂ ਸਿਰ ਤਨਖਾਹ ਸੋਧਾਂ ਅਤੇ ਕਰਮਚਾਰੀਆਂ ਲਈ ਉਨ੍ਹਾਂ ਦੇ ਜੱਦੀ ਸ਼ਹਿਰਾਂ ਦੇ ਨੇੜੇ ਪੋਸਟਿੰਗਾਂ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਵਿਸ਼ਵ ਪੱਧਰੀ ਸੜਕਾਂ, ਆਧੁਨਿਕ ਸਕੂਲ ਤੇ ਹਸਪਤਾਲ ਚਾਹੁੰਦੇ ਹਨ ਤਾਂ ਅਕਾਲੀ ਦਲ ਨੂੰ ਵੋਟ ਪਾਉਣ।