ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਮਿਲੇਗੀ ਨਵੀਂ ਦਿਸ਼ਾ : ਧਰਮਿੰਦਰ ਟੋਨੀ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਮਿਲੇਗੀ ਨਵੀਂ ਦਿਸ਼ਾ-ਧਰਮਿੰਦਰ ਟੋਨੀ
Publish Date: Wed, 25 Nov 2026 08:25 PM (IST)
Updated Date: Thu, 26 Nov 2026 04:11 AM (IST)
ਕੈਪਸ਼ਨ-25ਪੀਐਚਜੀ16 ਸਾਬਕਾ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ ਕੈਂਥ ਦਾ ਮੂੰਹ ਮਿਠਾ ਕਰਵਾਉਂਦੇ ਹੋਏ ਧਰਮਿੰਦਰ ਟੋਨੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਅਵਤਾਰ ਸਿੰਘ ਭੂੰਗਰਨੀ, ਬਲਜਿੰਦਰ ਸਿੰਘ ਠੇਕੇਦਾਰ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਭਾਜਪਾ ਦੇ ਦਫ਼ਤਰ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ’ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਪੰਜਾਬ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਕ ਨਵਾਂ ਅਧਿਆਏ ਲਿਖੇਗਾ।ਇਸ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਉਦਯੋਗ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸੋਮ ਪ੍ਰਕਾਸ਼ ਦਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਮੌਕੇ ਪ੍ਰਗਟ ਕੀਤੇ।ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੁੰਗਰਨੀ,ਐੱਸ ਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਠੇਕੇਦਾਰ ਬਲਜਿੰਦਰ ਸਿੰਘ ਸ਼ਹਿਰੀ ਪ੍ਰਧਾਨ ਫਗਵਾੜਾ ਹਰਬਿੰਦਰ ਸਿੰਘ ਆਹਲੂਵਾਲੀਆ ਵੀ ਹਾਜ਼ਰ ਸਨ। ਇਸ ਮੌਕੇ ਧਰਮਿੰਦਰ ਟੋਨੀ ਨੇ ਕਿਹਾ ਕਿ ਛੇ ਸਾਲ ਬਾਅਦ ਮੁੜ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਲੋਕਾਂ ਤੱਕ ਆਪਣੀ ਪਹੁੰਚ ਬਣਾਉਣ ਅਤੇ ਗੱਠਜੋੜ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਧਰਮਿੰਦਰ ਟੋਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ। ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ। ਅਜਿਹੇ ’ਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਈ ਸਿਆਸੀ ਸਾਂਝ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਪਾਰਟੀਆਂ ਆਪਸੀ ਸਹਿਯੋਗ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਪੰਜਾਬ ਦੀਆਂ ਸਮੱਸਿਆਵਾਂ ਤੇ ਪੰਥ ਦੇ ਮਸਲਿਆਂ ਲਈ ਪ੍ਰਭਾਵਸ਼ਾਲੀ ਯਤਨ ਕਰਨਗੀਆਂ।