ਹੁਣ ਆਰਮੀ ਸਕੂਲ ’ਚ ਪੜ੍ਹਾਈ ਜਾਏਗੀ ਪੰਜਾਬੀ : ਜੌਹਲ ਆਰਮੀ ਸਕੂਲ ਵਿੱਚ ਪੜ੍ਹਾਈ ਜਾਏਗੀ ਪੰਜਾਬੀ
Publish Date: Thu, 06 Aug 2026 06:36 PM (IST)
Updated Date: Thu, 06 Aug 2026 06:37 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਰਮੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਜਲੰਧਰ ਵੱਲੋਂ ਆਰਮੀ ਪਬਲਿਕ ਸਕੂਲ ਵਿੱਚ ਪੰਜਾਬੀ ਭਾਸ਼ਾ ਦੀ ਥਾਂ ਸੰਸਕ੍ਰਿਤ ਭਾਸ਼ਾ ਪੜ੍ਹਾਉਣ ਦਾ ਫੈਸਲਾ ਵਾਪਸ ਲੈਂਦੇ ਹੋਏ, ਪਹਿਲਾਂ ਵਾਂਗ ਹੀ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਬੱਚਿਆਂ ਨੂੰ ਪੰਜਾਬੀ ਪੜ੍ਹਨ ਦੀ ਖੁੱਲ੍ਹ ਦੇ ਦਿੱਤੀ ਹੈ। ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਤੇ ਜਥੇਬੰਦਕ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਨਵੇਂ ਨਿਯਮਾਂ ਅਨੁਸਾਰ ਹੁਣ ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚੇ ਅੰਗਰੇਜ਼ੀ ਤੇ ਹਿੰਦੀ ਦੋ ਭਾਸ਼ਾਵਾਂ ਦੇ ਨਾਲ ਸੰਸਕ੍ਰਿਤ ਤੇ ਪੰਜਾਬੀ ਵਿੱਚੋਂ ਕੋਈ ਵੀ ਭਾਸ਼ਾ ਪੜ੍ਹ ਸਕਣਗੇ ਜਦੋਂ ਕਿ ਨੌਵੀਂ ਜਮਾਤ ਦੇ ਬੱਚੇ ਜਾਂ ਤਾਂ ਅੰਗਰੇਜ਼ੀ, ਹਿੰਦੀ ਤੇ ਸੰਸਕ੍ਰਿਤ ਪੜ੍ਹਣਗੇ ਜਾਂ ਫਿਰ ਇਹ ਬੱਚੇ ਅੰਗਰੇਜ਼ੀ, ਹਿੰਦੀ ਜਾਂ ਪੰਜਾਬੀ ਪੜ੍ਹ ਸਕਣਗੇ। ਦਸਵੀਂ ਦਾ ਪੈਟਰਨ ਪਹਿਲਾਂ ਵਾਂਗ ਹੀ ਚਲਦਾ ਰਹੇਗਾ। ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਉਨ੍ਹਾਂ ਸਾਰੀਆਂ ਸੰਸਥਾਵਾਂ, ਸ਼ਖ਼ਸੀਅਤਾਂ ਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬੀ ਭਾਸ਼ਾ ਪ੍ਰਤੀ ਫਿਕਰਮੰਦੀ ਜ਼ਾਹਿਰ ਕਰਦੇ ਹੋਏ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਨੇ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਇਸ ਗੰਭੀਰ ਮਸਲੇ ਵੱਲ ਧਿਆਨ ਦੇਣ ਲਈ ਕਿਹਾ। ਡਾ. ਜੌਹਲ ਨੇ ਐਡਵੋਕੇਟ ਮਹਿੰਦਰ ਸਿੰਘ ਸੇਖੋਂ ਲੁਧਿਆਣਾ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਸਮੇਂ ਸਿਰ ਸਕੂਲ ਪ੍ਰਬੰਧਕਾਂ ਨੂੰ ਵਿਸ਼ੇ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ। ਪੰਜਾਬੀ ਭਾਸ਼ਾ ਪ੍ਰਸਾਰ ਜਥੇਬੰਦੀ ਦੇ ਆਗੂ ਐਡਵੋਕੇਟ ਮਿੱਤਰ ਸੈਨ ਮੀਤ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਮਸਲੇ ਦੇ ਕਾਨੂੰਨੀ ਨੁਕਤੇ ਉਜਾਗਰ ਕੀਤੇ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਤੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਦੀ ਅਗਵਾਈ ਵਿੱਚ ਇਸ ਸਬੰਧੀ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਵੀ ਕੀਤੇ ਗਏ ਸਨ ਤੇ ਉੱਘੇ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ਵੱਲੋਂ ਇਹ ਮਾਮਲਾ ਪੂਰੇ ਜ਼ੋਰ ਸ਼ੋਰ ਨਾਲ ਸੋਸ਼ਲ ਮੀਡੀਆ ਉੱਤੇ ਵੀ ਪ੍ਰਚਾਰਿਆ-ਪ੍ਰਸਾਰਿਆ ਗਿਆ ਸੀ। ਪੰਜਾਬ ਚੇਤਨਾ ਮੰਚ ਨੇ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ਪੰਜਾਬ ਨੂੰ ਇਸ ਸਬੰਧੀ ਪੱਤਰ ਵੀ ਲਿਖੇ ਸਨ।