ਰੇਲ ਰੋਕੋ ਅੰਦੋਲਨ ਮੁਲਤਵੀ, ਕਿਸਾਨਾਂ ਵੱਲੋਂ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ

- ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ’ਤੇ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ
ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਪੰਜਾਬ ਵਿੱਚ ਕਣਕ ਦੀ ਖ਼ਰੀਦ ਨੂੰ ਲੈ ਕੇ ਗੁੱਸੇ ਵਿੱਚ ਆਏ ਕਿਸਾਨਾਂ ਨੇ ਆਪਣਾ ਐਲਾਨਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਇਹ ਫ਼ੈਸਲਾ ਸੁਲਤਾਨਪੁਰ ਲੋਧੀ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਜਾਹਰ ਕੀਤਾ ਗਿਆ। ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦੇ ਬਾਵਜੂਦ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ, ਜਦਕਿ ਵਪਾਰੀ ਗੁਣਵੱਤਾ ਦੇ ਨਾਂ ’ਤੇ ਰੇਟਾਂ ਵਿੱਚ ਕਟੌਤੀ ਕਰ ਰਹੇ ਹਨ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਖ਼ਰਾਬ ਹੋ ਰਹੀ ਹੈ।
ਇਸ ਮੌਕੇ ਸੰਯੁਕਤ ਕਿਸਾਨ ਮੋਰਚਾ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਆਜ਼ਾਦ ਕਿਸਾਨ ਮੋਰਚਾ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਆਖਰੀ ਵੇਲੇ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਤੋਂ ਬਾਅਦ ਮਾਹੌਲ ਵਿੱਚ ਤਬਦੀਲੀ ਆਈ। ਸਰਵਣ ਸਿੰਘ ਬਾਊਪੁਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਰਣਧੀਰ ਪੁਰ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਦਿੱਤੇ ਗਏ ਭਰੋਸੇ ਦੇ ਮੱਦੇਨਜ਼ਰ ਅੰਦੋਲਨ ਨੂੰ ਅਸਥਾਈ ਤੌਰ ’ਤੇ ਰੋਕਿਆ ਗਿਆ ਹੈ। ਅਧਿਕਾਰੀਆਂ ਨੇ ਯਕੀਨ ਦਿਵਾਇਆ ਹੈ ਕਿ ਜਲਦੀ ਹੀ ਵੱਡੇ ਪੱਧਰ ’ਤੇ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ ਅਤੇ ਮੰਡੀਆਂ ਵਿੱਚ ਪ੍ਰਬੰਧ ਸੁਧਾਰੇ ਜਾਣਗੇ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਪਿੱਛੇ ਹਟਣਾ ਨਹੀਂ, ਸਗੋਂ ਸਰਕਾਰ ਨੂੰ ਦਿੱਤਾ ਇੱਕ ਆਖਰੀ ਮੌਕਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਤਿੰਨ ਦਿਨਾਂ ਵਿੱਚ ਹਾਲਾਤ ਨਾ ਸੁਧਰੇ ਤਾਂ ਰੇਲ ਰੋਕੋ ਅੰਦੋਲਨ ਮੁੜ ਹੋਰ ਵੀ ਤਿੱਖੇ ਰੂਪ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਹੜ੍ਹਾਂ ਅਤੇ ਬਾਰਿਸ਼ ਨਾਲ ਹੋਏ ਨੁਕਸਾਨ ਦੇ ਬਾਵਜੂਦ ਸਰਕਾਰ ਵੱਲੋਂ ਕਿਸਾਨਾਂ ਨੂੰ ਯੋਗ ਰਾਹਤ ਨਹੀਂ ਦਿੱਤੀ ਗਈ। ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਮੁਤਾਬਿਕ ਕਣਕ ਦਾ ਰੇਟ ਘੱਟੋ-ਘੱਟ 2585 ਰੁਪਏ ਦਿੱਤਾ ਜਾ ਰਿਹਾ ਹੈ, ਜੋ ਸੁਵਾਮੀ ਨਾਥਨ ਰਿਪੋਰਟ ਦੇ ਮਿਆਰਾਂ ਦੇ ਅਨੁਕੂਲ ਨਹੀਂ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਖ਼ਰੀਦ ਪ੍ਰਕਿਰਿਆ ਜਲਦੀ ਸੁਚਾਰੂ ਨਾ ਹੋਈ ਤਾਂ ਪੰਜਾਬ ਭਰ ਵਿੱਚ ਸੰਘਰਸ਼ ਵੱਡੇ ਪੱਧਰ ’ਤੇ ਭੜਕ ਸਕਦਾ ਹੈ।