- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਸੀਐੱਫ ਇੰਪਲਾਈਜ਼ ਯੂਨੀਅਨ ਦੀ ਜਨਰਲ ਕੌਂਸਲ ਦੀ ਮੀਟਿੰਗ ਸੰਪੰਨ

--ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਲਖਨਊ ਮਹਾਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਰੇਲ ਕੋਚ ਫੈਕਟਰੀ (ਆਰਸੀਐੱਫ) ਕਪੂਰਥਲਾ ਦੇ ਵਰਕਰ ਕਲੱਬ ਵਿਖੇ ਆਰਸੀਐੱਫ ਇੰਪਲਾਈਜ਼ ਯੂਨੀਅਨ ਦੀ ਇੱਕ ਅਹਿਮ ਜਨਰਲ ਕੌਂਸਲ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਆਰਸੀਐੱਫ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਕੀਤੀ ਤੇ ਮੰਚ ਸੰਚਾਲਨ ਸੀਨੀਅਰ ਆਗੂ ਜਸਪਾਲ ਸਿੰਘ ਸੇਖੋਂ ਨੇ ਕੀਤਾ। ਮੀਟਿੰਗ ਦਾ ਮੁੱਖ ਮੁੱਦਾ ਆਉਣ ਵਾਲੀ 29 ਨਵੰਬਰ 2026 ਨੂੰ ਲਖਨਊ ਵਿਖੇ ਹੋਣ ਵਾਲਾ ਪੁਰਾਣੀ ਪੈਨਸ਼ਨ ਬਹਾਲੀ ਮਹਾਸੰਮੇਲਨ ਰਿਹਾ। ਇਸ ਦੌਰਾਨ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਯੋਜਨਾ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਗਿਆ ਕਿ ਨਵੀਂ ਪੈਨਸ਼ਨ ਪ੍ਰਣਾਲੀ ਦੀ ਥਾਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਇਕਜੁੱਟ ਹੋ ਕੇ ਸਰਕਾਰ 'ਤੇ ਲੋਕਤੰਤਰੀ ਤੇ ਸੰਗਠਿਤ ਢੰਗ ਨਾਲ ਦਬਾਅ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਲਖਨਊ ਮਹਾਸੰਮੇਲਨ ਵਿੱਚ ਕਰਮਚਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਇਸ ਅੰਦੋਲਨ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਆਰਸੀਐੱਫ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੁਰਾਣੀ ਪੈਨਸ਼ਨ ਕਰਮਚਾਰੀਆਂ ਦੀਆਂ ਸਾਲਾਂ ਦੀ ਸੇਵਾ ਤੇ ਮਿਹਨਤ ਤੋਂ ਬਾਅਦ ਮਿਲਣ ਵਾਲੀ ਸਮਾਜਿਕ ਤੇ ਆਰਥਿਕ ਸੁਰੱਖਿਆ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਆਪਣੇ ਭਵਿੱਖ ਪ੍ਰਤੀ ਜਾਗਰੂਕ ਹੋਣਾ ਪਵੇਗਾ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਆਰਸੀਐੱਫ ਦੇ ਸਮੂਹ ਕਰਮਚਾਰੀਆਂ ਨੂੰ 29 ਨਵੰਬਰ ਨੂੰ ਲਖਨਊ ਪਹੁੰਚ ਕੇ ਮਹਾਸੰਮੇਲਨ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਜਨਰਲ ਕੌਂਸਲ ਦੀ ਮੀਟਿੰਗ ਵਿੱਚ ਮਿਤੀ 25 ਨਵੰਬਰ 2026 ਨੂੰ ਆਰਸੀਐੱਫ ਪਹੁੰਚੇ ਰੇਲਵੇ ਬੋਰਡ ਦੇ ਅਧਿਕਾਰੀ ਤੇ ਮੈਂਬਰ (ਟ੍ਰੈਕਸ਼ਨ ਤੇ ਰੋਲਿੰਗ ਸਟਾਕ) ਆਰ ਰਾਜਗੋਪਾਲ ਨਾਲ ਹੋਈ ਅਹਿਮ ਮੀਟਿੰਗ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੀਟਿੰਗ ਦੌਰਾਨ ਆਰਸੀਐੱਫ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਆਰਸੀਐੱਫ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਅਹਿਮ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਨ੍ਹਾਂ ਦੇ ਸਾਹਮਣੇ ਰੱਖਿਆ ਤੇ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ। ਯੂਨੀਅਨ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਆਰਸੀਐੱਫ ਵਿੱਚ ਕਰਮਚਾਰੀਆਂ ਦੀ ਭਾਰੀ ਕਮੀ ਤੇ ਲੰਬੇ ਸਮੇਂ ਤੋਂ ਲਟਕ ਰਹੀ ਨਵੀਂ ਭਰਤੀ ਦਾ ਮੁੱਦਾ ਉਠਾਇਆ। ਯੂਨੀਅਨ ਨੇ ਕਿਹਾ ਕਿ ਆਰਸੀਐੱਫ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਦੇ ਮੁਕਾਬਲੇ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਮੌਜੂਦਾ ਕਰਮਚਾਰੀਆਂ 'ਤੇ ਕੰਮ ਦਾ ਵਾਧੂ ਬੋਝ ਪੈ ਰਿਹਾ ਹੈ। ਨਵੀਂ ਭਰਤੀ ਆਰਸੀਐੱਫ ਦੇ ਉਤਪਾਦਨ, ਕਾਰਜਕੁਸ਼ਲਤਾ ਤੇ ਕਰਮਚਾਰੀਆਂ ਦੀਆਂ ਕੰਮਕਾਜੀ ਹਾਲਤਾਂ ਲਈ ਬੇਹੱਦ ਜ਼ਰੂਰੀ ਹੈ। ਇਸ ਸਬੰਧੀ ਰਾਜਗੋਪਾਲ ਨੇ ਸਕਾਰਾਤਮਕ ਪਹਿਲਕਦਮੀ ਕਰਦਿਆਂ ਦੱਸਿਆ ਕਿ ਖਾਲੀ ਅਸਾਮੀਆਂ ਨਾਲ ਸਬੰਧਤ ਸਾਰੇ ਪ੍ਰਸਤਾਵਾਂ ਨੂੰ ਰੇਲਵੇ ਬੋਰਡ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਅਗਲੀ ਲੋੜੀਂਦੀ ਮਨਜ਼ੂਰੀ ਤੇ ਕਾਰਵਾਈ ਲਈ ਇਹ ਪ੍ਰਸਤਾਵ ਰੇਲਵੇ ਬੋਰਡ ਦੇ ਚੇਅਰਮੈਨ ਤੇ ਰੇਲ ਮੰਤਰੀ ਕੋਲ ਭੇਜ ਦਿੱਤੇ ਗਏ ਹਨ। ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਬਾਜਵਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਲੜਾਈ ਕਿਸੇ ਇੱਕ ਕਰਮਚਾਰੀ ਜਾਂ ਸੰਗਠਨ ਦੀ ਲੜਾਈ ਨਹੀਂ ਹੈ, ਸਗੋਂ ਇਹ ਦੇਸ਼ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਦੇ ਭਵਿੱਖ ਨਾਲ ਜੁੜਿਆ ਇੱਕ ਸਾਂਝਾ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਰਮਚਾਰੀ ਇੱਕ ਮੰਚ 'ਤੇ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਨਹੀਂ ਕਰਨਗੇ, ਉਦੋਂ ਤੱਕ ਸਰਕਾਰ 'ਤੇ ਲੋੜੀਂਦਾ ਦਬਾਅ ਬਣਾਉਣਾ ਮੁਸ਼ਕਲ ਹੋਵੇਗਾ। ਉਨ੍ਹਾਂ ਲਖਨਊ ਮਹਾਸੰਮੇਲਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਆਰਸੀਐੱਫ ਇੰਪਲਾਈਜ਼ ਯੂਨੀਅਨ ਦੇ ਪ੍ਰੈੱਸ ਸਕੱਤਰ ਸ੍ਰੀ ਅਰਵਿੰਦ ਕੁਮਾਰ ਸਾਹ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਦੀ ਆਰਥਿਕ ਸੁਰੱਖਿਆ ਨਾਲ ਜੁੜਿਆ ਇੱਕ ਬੇਹੱਦ ਅਹਿਮ ਵਿਸ਼ਾ ਹੈ। ਇਸ ਮੀਟਿੰਗ ਵਿੱਚ ਆਰਸੀਐੱਫ ਇੰਪਲਾਈਜ਼ ਯੂਨੀਅਨ ਦੇ ਚੇਅਰਮੈਨ ਤੇ ਆਈਆਰਟੀਐੱਸਏ ਦੇ ਪ੍ਰਧਾਨ ਦਰਸ਼ਨ ਲਾਲ, ਕੈਸ਼ੀਅਰ ਹਰਵਿੰਦਰ ਪਾਲ, ਸਹਾਇਕ ਕੈਸ਼ੀਅਰ ਬਲਜਿੰਦਰ ਪਾਲ, ਫਰੰਟ ਅਗੇਂਸਟ ਐੱਨਪੀਐੱਸ ਇਨ ਰੇਲਵੇ (ਆਰਸੀਐੱਫ) ਦੇ ਪ੍ਰਧਾਨ ਸੰਜੀਵ ਕੁਮਾਰ ਤੇ ਸਕੱਤਰ ਸਰਬਜੀਤ ਸਿੰਘ, ਅਵਤਾਰ ਸਿੰਘ, ਸੰਦੀਪ ਕੁਮਾਰ, ਗੁਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਅੰਮ੍ਰਿਤ ਚੌਧਰੀ ਤੇ ਹੋਰ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀ ਸਾਥੀਆਂ ਨੇ ਸ਼ਮੂਲੀਅਤ ਕੀਤੀ।