ਕਾਲਜ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ
Publish Date: Sat, 31 Oct 2026 08:32 PM (IST)
Updated Date: Sat, 31 Oct 2026 08:34 PM (IST)
ਵਿਦਿਆਰਥਣਾਂ ਦੀ ਸਫ਼ਲਤਾ ਤੇ ਕਾਲਜ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਧਾਰਮਿਕ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਵੀ ਚੱਲਿਆ, ਜਿਸ ਨਾਲ ਸਮੁੱਚਾ ਕਾਲਜ ਕੈਂਪਸ ਰੂਹਾਨੀ ਰੰਗ ਵਿੱਚ ਰੰਗਿਆ ਗਿਆ ਤੇ ਚੌਗਿਰਦੇ ਵਿੱਚ ਸ਼ਰਧਾ ਤੇ ਭਗਤੀ ਦਾ ਮਾਹੌਲ ਸਿਰਜਿਆ ਗਿਆ। ਸਮੂਹ ਕਾਲਜ ਸਟਾਫ਼ ਤੇ ਵਿਦਿਆਰਥਣਾਂ ਨੇ ਸ਼ਰਧਾ ਭਾਵਨਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਵਿਦਿਆਰਥਣਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਤੇ ਕਾਲਜ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਗੁਰਬਾਣੀ ਕੀਰਤਨ ਨੇ ਸਮੁੱਚੇ ਮਾਹੌਲ ਨੂੰ ਭਗਤੀ ਰਸ ਨਾਲ ਭਰ ਦਿੱਤਾ। ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨੇ ਸੰਗਤ ਨੂੰ ਆਤਮਿਕ ਸ਼ਾਂਤੀ, ਸੰਜਮ ਅਤੇ ਚੰਗੇ ਜੀਵਨ ਦੀ ਪ੍ਰੇਰਨਾ ਦਿੱਤੀ। ਇਸ ਸਮਾਗਮ ਨੇ ਵਿਦਿਆਰਥਣਾਂ ਨੂੰ ਗੁਰਬਾਣੀ ਨਾਲ ਜੁੜਨ ਤੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ, ਸਦਭਾਵਨਾ ਤੇ ਸਕਾਰਾਤਮਕ ਸੋਚ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ। ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਅੰਦਰ ਸੇਵਾ, ਸਿਮਰਨ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿੱਚ ਸਮੂਹ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮੁੱਚਾ ਸਮਾਗਮ ਸ਼ਰਧਾ, ਸੇਵਾ ਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਸੰਪੰਨ ਹੋਇਆ।