- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਨ ਕਾਰਡ ਵੈਰੀਫਿਕੇਸ਼ਨ ਡਿਊਟੀ ’ ਤੋਂ ਤਰੁੰਤ ਫਾਰਗ ਕੀਤਾ ਜਾਵੇ - ਜੀ.ਟੀ.ਯੂ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਨਾ ਕਰਨ ਵਾਲੇ ਅਧਿਆਪਕਾਂ ਨੂੰ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਫਗਵਾੜਾ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਨੋਟਿਸਾਂ ਵਿੱਚ ਡਿਊਟੀ ਨਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਬਾਵਜੂਦ ਵੀ ਅਧਿਕਾਰੀ ਆਪਣੀ ਮਰਜ਼ੀ ਨਾਲ ਅਧਿਆਪਕਾਂ ਦੀਆਂ ਵੱਡੇ ਪੱਧਰ ’ਤੇ ਸਮਾਰਟ ਰਾਸ਼ਨ ਦੀ ਵੈਰੀਫਿਕੇਸ਼ਨ ਲਈ ਡਿਊਟੀਆਂ ਲਗਾ ਰਹੇ ਹਨ। ਦੂਜੇ ਪਾਸੇ ਅਧਿਆਪਕਾਂ ਵਿੱਚ ਇਸ ਗੱਲ ਨੂੰ ਲੈ ਕੇ ਉਲਝਣ ਹੈ ਕਿ ਉਨ੍ਹਾਂ ਨੂੰ ਇੱਕ ਫਿਰ ਪੜ੍ਹਾਈ ਤੋਂ ਦੂਰ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਕਪੂਰਥਲਾ ਦੇ ਆਗੂਆਂ ਵੱਲੋਂ ਅਧਿਆਪਕਾਂ ਤੋਂ ਗੈਰ-ਵਿਦਿਅਕ ਕੰਮ ਨਾ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤੇ ਸੈਕੰਡਰੀ ਨਾਲ ਮੀਟਿੰਗ ਕੀਤੀ ਗਈ ਸੀ। ਆਗੂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ ਨੂੰ ਅਧਿਆਪਕ ਨੂੰ ਗੈਰ-ਵਿਦਿਅਕ ਡਿਊਟੀ ਤੋਂ ਛੋਟ ਦਿਵਾਉਣ ਲਈ ਕਿਹਾ ਗਿਆ ਹੈ।
ਜੀਟੀਯੂ ਪੰਜਾਬ ਦੇ ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ, ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ, ਤਹਿਸੀਲ ਫਗਵਾੜਾ ਦੇ ਪ੍ਰਧਾਨ ਪਰਮਜੀਤ ਸਿੰਘ ਚੌਹਾਨ, ਤਹਿਸੀਲ ਫਗਵਾੜਾ ਦੇ ਸੀਨੀਅਰ ਆਗੂ ਸਤਨਾਮ ਸਿੰਘ ਗਿੱਲ, ਰਵਿੰਦਰ ਸਿੰਘ, ਤੀਰਥ ਸਿੰਘ, ਸੁਰਿੰਦਰ ਰਾਮ, ਨੇਹਾ ਸੇਠੀ, ਕਮਲਦੀਪ ਕੌਰ ਸੈਣੀ, ਪੰਕਜ ਸ਼ਰਮਾ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੁੰਦਾ ਹੈ। ਅਧਿਆਪਕ ਆਗੂਆਂ ਵਿੱਚ ਇਸ ਗੱਲ ਦਾ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਕਿਉਂਕਿ ਵੱਡੇ ਪੱਧਰ ’ਤੇ ਅਧਿਆਪਕਾਂ ਦੀ ਡਿਊਟੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਸਬੰਧਤ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਡਿਊਟੀ ’ਤੇ ਹਾਜ਼ਰ ਹੋਣ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਅਧਿਆਪਕਾਂ ਕੋਲ ਪਹਿਲਾਂ ਹੀ ਸਪੈਸ਼ਲ ਇਨਟੈਂਸਿਵ ਰਿਵੀਜ਼ਨ ਸੈਂਸਜ਼, ਡਰੱਗ ਸੈਂਸਜ਼, ਪਰਾਲੀ ਸਾੜਨ ਵਿਰੋਧੀ ਡਿਊਟੀ, ਲੋਕਲ ਬਾਡੀ ਚੋਣਾਂ, ਖੇਡਾਂ ਵਤਨ ਪੰਜਾਬ ਦੀਆਂ, ਹੈਲਥ ਕਾਰਡ ਤੇ ਹੜ੍ਹਾਂ ਨਾਲ ਸਬੰਧਤ ਡਿਊਟੀਆਂ ਸਮੇਤ ਕਈ ਵਾਧੂ ਕੰਮ ਲਏ ਜਾਂਦੇ ਹਨ ਜੋਕਿ ਪੰਜਾਬ ਸਕੂਲਾਂ ਵਿਚ ਪੜ੍ਹ ਰਹੇ ਗਰੀਬ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਵਾਲਾ ਕਾਰਜ ਹੈ। ਇਸ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਤੇ ਸੈਕੰਡਰੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਜਾਂਦੀ ਹੈ ਕਿ ਅਧਿਆਪਕਾਂ ਨੂੰ ਇਨ੍ਹਾਂ ਗੈਰ-ਵਿਦਿਅਕ ਡਿਊਟੀਆਂ ਤੋਂ ਪੱਕੇ ਤੌਰ ’ਤੇ ਛੋਟ ਦੇਣ। ਉਨ੍ਹਾਂ ਕਿਹਾ ਕਿ ਸਿੱਖਿਆ ਅਧਿਕਾਰੀਆ ਵੱਲੋਂ ਅਧਿਆਪਕਾਂ ਨੂੰ ਫੌਰੀ ਤੌਰ ’ਤੇ ਸਮਾਰਟ ਕਾਰਡ ਵੈਰੀਫਿਕੇਸ਼ਨ ਡਿਊਟੀ ਤੋਂ ਤੁਰੰਤ ਫਾਰਗ ਕਰਨ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ।