ਪ੍ਰੈੱਸ ਕਲੱਬ ’ਚ ਧਾਰਮਿਕ ਸਮਾਗਮ ਕਰਵਾਇਆ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੈੱਸ ਕਲੱਬ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Fri, 20 Nov 2026 08:10 PM (IST)
Updated Date: Fri, 20 Nov 2026 08:13 PM (IST)
ਵੱਖ-ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸਮਰਪਿਤ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵੱਲੋਂ ਪ੍ਰਧਾਨ ਦੀਪਕ ਧੀਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਵਿਖੇ ਸ਼ਰਧਾ, ਸਤਿਕਾਰ ਤੇ ਗੁਰਮਤਿ ਭਾਵਨਾ ਨਾਲ ਭਰਪੂਰ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੁੱਚਾ ਮਾਹੌਲ ਗੁਰਬਾਣੀ ਦੀ ਮਿਠਾਸ, ਸ਼ਬਦ ਕੀਰਤਨ ਦੀ ਰੂਹਾਨੀ ਗੂੰਜ ਤੇ ਸੰਗਤਾਂ ਦੀ ਅਥਾਹ ਸ਼ਰਧਾ ਨਾਲ ਗੂੰਜ ਉੱਠਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦੇ ਰਸਭਿੰਨੇ ਸ਼ਬਦਾਂ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਬਾਣੀ ਦੇ ਪਵਿੱਤਰ ਸ਼ਬਦਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਮਹਾਨ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਭਾਈ ਕੁਲਬੀਰ ਸਿੰਘ ਗੁਰਦੁਆਰਾ ਕੋਠੜੀ ਸਾਹਿਬ ਵੱਲੋਂ ਗੁਰਬਾਣੀ ਦਾ ਪਾਠ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਭਾਈ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਧਾਰਮਿਕ ਸਮਾਗਮ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਤੇ ਸਾਹਿਤਕ ਜਥੇਬੰਦੀਆਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ, ਬਰਾਬਰਤਾ ਤੇ ਭਾਈਚਾਰਕ ਸਾਂਝ ਦਾ ਅਮੁੱਲਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਚਾਨਣ ਮੁਨਾਰਾ ਹਨ। ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐੱਸਜੀਪੀਸੀ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਤੇ ਸਮਾਜ ਵਿੱਚ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਭਾਜਪਾ ਦੇ ਹਲਕਾ ਇੰਚਾਰਜ ਰਾਕੇਸ਼ ਨੀਟੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਸਮੁੱਚੇ ਵਿਸ਼ਵ ਲਈ ਪ੍ਰੇਰਨਾ ਸਰੋਤ ਹੈ ਤੇ ਅਜਿਹੇ ਸਮਾਗਮ ਸਾਡੀ ਧਾਰਮਿਕ ਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਨੂੰ ਸਫਲ ਬਣਾਉਣ ਵਿੱਚ ਪ੍ਰੈੱਸ ਕਲੱਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਪ੍ਰੈੱਸ ਕਲੱਬ ਦੇ ਪ੍ਰਧਾਨ ਦੀਪਕ ਧੀਰ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਪਤਵੰਤੇ ਸੱਜਣਾਂ, ਪੱਤਰਕਾਰ ਭਾਈਚਾਰੇ ਤੇ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਇੰਜੀਨੀਅਰ ਸਵਰਨ ਸਿੰਘ, ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ, ਸਾਬਕਾ ਵਾਈਸ ਪ੍ਰਧਾਨ ਨਵਨੀਤ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਗਿੱਲ, ਰਾਜਾ ਗੁਰਪ੍ਰੀਤ ਸਿੰਘ, ਸਤਪਾਲ ਮਦਾਨ, ਕੌਂਸਲਰ ਜਤਿੰਦਰ ਸੇਠੀ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਬੂਲੇ, ਨੰਬਰਦਾਰ ਯੂਨੀਅਨ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ ਭੁੱਲਰ, ਨੰਬਰਦਾਰ ਕੁਲਦੀਪ ਸਿੰਘ ਸਾਗਰਾਂ, ਵਾਹਿਗੁਰੂ ਅਕੈਡਮੀ ਦੇ ਐੱਮਡੀ ਨਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਸਾਹਿਤ ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ, ਸਕੱਤਰ ਮੁਖਤਾਰ ਸਿੰਘ ਚੰਦੀ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ਸਿੰਘ, ਦਿਆਲ ਸਿੰਘ ਦੀਪੇਵਾਲ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਲਾਭ ਸਿੰਘ ਧੰਜੂ, ਸਾਬਕਾ ਐੱਮਸੀ ਵਿੱਕੀ ਚੌਹਾਨ, ਬੀਬੀ ਬਲਜੀਤ ਕੌਰ ਕਮਾਲਪੁਰ, ਐਡਵੋਕੇਟ ਸਤਵੀਰ ਸਿੰਘ ਮਹੀਪਾਲ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਐਡਵੋਕੇਟ ਕੇਹਰ ਸਿੰਘ, ਐਡਵੋਕੇਟ ਜਰਨੈਲ ਸਿੰਘ ਸੰਧਾ, ਐਡਵੋਕੇਟ ਜਗਜੀਤ ਸਿੰਘ ਸੋਢੀ ਅਤੇ ਐਡਵੋਕੇਟ ਸ਼ੈਲ ਪ੍ਰਭਾਕਰ ਸਮੇਤ ਹੋਰ ਵੀ ਕਈ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਤੇ ਸਮੂਹ ਸੰਗਤਾਂ ਨੇ ਗੁਰੂ ਕਾ ਲੰਗਰ ਛਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।