‘ਜੇ ਸੜਕ ਨਾ ਬਣੀ ਤਾਂ ਵੋਟਾਂ ਮੰਗਣ ਨਾ ਆਇਓ’ ਮੇਹਟਾਂ ਵਾਸੀਆਂ ਨੇ ਦਿੱਤੀ ਚਿਤਾਵਨੀ, ਟੁੱਟੀ-ਭੱਜੀ ਸੜਕ ਨਾ ਬਣੀ ਤਾਂ ਪਿੰਡ ਵਿੱਚ ਵੋਟਾਂ ਮੰਗਣ ਨਾ ਆਇਓ
Publish Date: Tue, 24 Nov 2026 07:00 PM (IST)
Updated Date: Tue, 24 Nov 2026 07:01 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਗੰਡਵਾਂ ਤੋਂ ਪਿੰਡ ਮੇਹਟਾਂ ਤੱਕ ਤੇ ਪਿੰਡ ਮੇਹਟਾਂ ਦੀਆਂ ਮੁੱਖ ਸੜਕਾਂ ਦੀ ਖਸਤਾ ਹਾਲਤ ਤੋਂ ਦੁਖੀ ਪਿੰਡ ਵਾਸੀਆਂ ਦਾ ਗੁੱਸਾ ਹੁਣ ਸੱਤਵੇਂ ਅਸਮਾਨ ਤੇ ਪਹੁੰਚ ਗਿਆ ਹੈ। ਅੱਜ ਪਿੰਡ ਦੀਆਂ ਬਜ਼ੁਰਗ ਔਰਤਾਂ ਸਮੇਤ ਹੋਰ ਵਸਨੀਕਾਂ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੇ ਪਿੰਡ ਦੀਆਂ ਟੁੱਟੀਆਂ-ਭੱਜੀਆਂ ਸੜਕਾਂ ਦਾ ਜਲਦ ਨਿਰਮਾਣ ਨਾ ਕਰਵਾਇਆ ਗਿਆ ਤਾਂ ਆਉਣ ਵਾਲੀਆਂ ਚੋਣਾਂ ਦੌਰਾਨ ਸਾਡੇ ਪਿੰਡ ਵਿੱਚ ਵੋਟਾਂ ਮੰਗਣ ਨਾ ਆਇਓ। ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ਸੜਕਾਂ ਤੇ ਲਗਭਗ ਇੱਕ ਸਾਲ ਪਹਿਲਾਂ ਪੱਥਰ ਪਾ ਦਿੱਤੇ ਗਏ ਸਨ, ਪਰ ਅਜੇ ਤੱਕ ਸੜਕਾਂ ਦਾ ਨਿਰਮਾਣ ਕਾਰਜ ਮੁਕੰਮਲ ਨਹੀਂ ਕੀਤਾ ਗਿਆ। ਇਸ ਕਾਰਨ ਰਾਹਗੀਰਾਂ, ਵਾਹਨ ਚਾਲਕਾਂ, ਸਾਈਕਲ ਸਵਾਰਾਂ ਤੇ ਖਾਸ ਕਰਕੇ ਪੈਦਲ ਲੰਘਣ ਵਾਲੇ ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਖਿੱਲਰੇ ਪੱਥਰਾਂ ਕਾਰਨ ਦੋਪਹੀਆ ਵਾਹਨ ਚਾਲਕਾਂ ਦੇ ਸੰਤੁਲਨ ਵਿਗੜਨ ਦਾ ਖਤਰਾ ਬਣਿਆ ਰਹਿੰਦਾ ਹੈ। ਉੱਥੇ ਹੀ ਬਜ਼ੁਰਗਾਂ ਤੇ ਔਰਤਾਂ ਲਈ ਇਨ੍ਹਾਂ ਸੜਕਾਂ ਤੋਂ ਪੈਦਲ ਲੰਘਣਾ ਕਿਸੇ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ। ਕਈ ਵਾਰ ਪੱਥਰਾਂ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਤੇ ਬਜ਼ੁਰਗਾਂ ਨੂੰ ਸੱਟਾਂ ਵੀ ਲੱਗੀਆਂ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਸੀ ਤਾਂ ਉਨ੍ਹਾਂ ਨੂੰ ਉਮੀਦ ਸੀ ਕਿ ਜਲਦ ਹੀ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ, ਪਰ ਇੱਕ ਸਾਲ ਬੀਤਣ ਦੇ ਬਾਵਜੂਦ ਸੜਕਾਂ ਅਧੂਰੀਆਂ ਪਈਆਂ ਹਨ। ਲੋਕਾਂ ਨੂੰ ਹਰ ਰੋਜ਼ ਇਸ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਡਾ. ਰਾਜ ਕੁਮਾਰ ਚੱਬੇਵਾਲ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਿੰਡ ਦੀਆਂ ਸੜਕਾਂ ਦੀ ਹਾਲਤ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਨਿਰਮਾਣ ਕਾਰਜ ਬਿਨਾਂ ਕਿਸੇ ਹੋਰ ਦੇਰੀ ਦੇ ਮੁਕੰਮਲ ਕਰਵਾਇਆ ਜਾਵੇ। ਪਿੰਡ ਵਾਸੀਆਂ ਨੇ ਕਿਹਾ ਕਿ ਸੜਕਾਂ ਬਣਵਾਉਣਾ ਕੋਈ ਸਿਆਸੀ ਮੰਗ ਨਹੀਂ, ਸਗੋਂ ਲੋਕਾਂ ਦੀ ਬੁਨਿਆਦੀ ਸਹੂਲਤ ਤੇ ਸੁਰੱਖਿਆ ਦਾ ਮਾਮਲਾ ਹੈ। ਜੇਕਰ ਸਮੇਂ ਸਿਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਇਸ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦਿੱਤਾ ਜਾਵੇਗਾ।