ਬਿਜਲੀ ਦੇ ਅਨ-ਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ : ਖਾਲਸਾ ਬਿਜਲੀ ਦੇ ਅਨ-ਐਲਾਨੇ ਕੱਟਾਂ ਤੋਂ ਫਗਵਾੜਾ ਦੇ ਪਿੰਡਾਂ ਦੇ ਲੋਕ ਭਾਰੀ ਪ੍ਰੇਸ਼ਾਨ: ਚਰਨਜੀਤ ਸਿੰਘ ਖਾਲਸਾ
Publish Date: Fri, 04 Sep 2026 07:45 PM (IST)
Updated Date: Fri, 04 Sep 2026 07:46 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਹਲਕੇ ਦੇ ਪਿੰਡਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਅਨ-ਐਲਾਨੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਮਾਜ ਸੇਵਕ ਚਰਨਜੀਤ ਸਿੰਘ ਖਾਲਸਾ ਨੇ ਚਿੰਤਾ ਪ੍ਰਗਟ ਕਰਦਿਆਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਖਾਲਸਾ ਨੇ ਕਿਹਾ ਕਿ ਬਿਜਲੀ ਦੇ ਅਨ-ਐਲਾਨੇ ਕੱਟਾਂ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ। ਖਾਸ ਕਰਕੇ ਰਾਤ ਸਮੇਂ ਬਿਜਲੀ ਬੰਦ ਹੋਣ ਕਾਰਨ ਬਜ਼ੁਰਗਾਂ, ਬੱਚਿਆਂ ਤੇ ਮਰੀਜ਼ਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਘਰਾਂ ਵਿੱਚ ਪਾਣੀ ਦੀਆਂ ਮੋਟਰਾਂ ਨਾ ਚੱਲਣ ਕਾਰਨ ਵੀ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਿਜਲੀ ’ਤੇ ਨਿਰਭਰ ਛੋਟੇ ਕਾਰੋਬਾਰ ਤੇ ਹੋਰ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਜੇਕਰ ਕਿਸੇ ਕਾਰਨ ਬਿਜਲੀ ਸਪਲਾਈ ਬੰਦ ਕਰਨੀ ਪੈਂਦੀ ਹੈ ਤਾਂ ਲੋਕਾਂ ਨੂੰ ਪਹਿਲਾਂ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਉਹ ਆਪਣੇ ਜ਼ਰੂਰੀ ਕੰਮ ਉਸ ਮੁਤਾਬਕ ਕਰ ਸਕਣ। ਸਮਾਜ ਸੇਵਕ ਖਾਲਸਾ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਫਗਵਾੜਾ ਦੇ ਪਿੰਡਾਂ ਵਿੱਚ ਬਿਜਲੀ ਸਪਲਾਈ ਦੀ ਸਮੀਖਿਆ ਕਰਕੇ ਵਾਰ-ਵਾਰ ਲੱਗ ਰਹੇ ਕੱਟਾਂ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਕਈ ਸਮੱਸਿਆਵਾਂ ਨਾਲ ਜੂਝ ਰਹੇ ਹਨ ਤੇ ਬਿਜਲੀ ਦੇ ਅਨ-ਐਲਾਨੇ ਕੱਟ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਬੰਧਤ ਵਿਭਾਗ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੀ ਲੋੜੀਂਦੇ ਕਦਮ ਚੁੱਕੇ ਜਾਣਗੇ ਤੇ ਪਿੰਡਾਂ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇਗੀ।