ਮੰਗਾਂ ਨਾ ਮੰਨੇ ਜਾਣ ’ਤੇ ਰੈਵੇਨਿਊ ਪਟਵਾਰ ਯੂਨੀਅਨ 24 ਨੂੰ ਸਮੂਹਿਕ ਛੁੱਟੀ ’ਤੇ ਜਾਵੇਗੀ : ਸੁਖਜੀਤ ਸਿੰਘ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੇ ਰੈਵੇਨਿਊ ਪਟਵਾਰ ਯੂਨੀਅਨ 24 ਨੂੰ ਸਮੂਹਿਕ ਛੁੱਟੀ ਤੇ ਜਾਵੇਗੀ : ਪ੍ਰਧਾਨ ਸੁਖਜੀਤ ਸਿੰਘ
Publish Date: Sat, 25 Jul 2026 07:28 PM (IST)
Updated Date: Sat, 25 Jul 2026 07:28 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਤੇ ਦਿਨੀਂ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਜੁਆਇੰਟ ਸੈਕਟਰੀ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ਦੀ ਸਹਿਮਤੀ ਨਾ ਬਣਨ ਤੋਂ ਬਾਅਦ ਯੂਨੀਅਨ ਨੇ ਸਮੁੱਚੇ ਪੰਜਾਬ ਵਿੱਚ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਕੀਤਾ ਸੀ। ਸੂਬਾ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੇ ਐਕਸ਼ਨ ਪ੍ਰਤੀ ਸੂਚਿਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਅਤੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਤਹਿਸੀਲਦਾਰ ਸੁਲਤਾਨਪੁਰ ਲੋਧੀ ਭੀਸ਼ਮ ਪਾਂਡੇ ਨੂੰ ਮੰਗ ਪੱਤਰ ਦਿੱਤਾ ਗਿਆ। ਤਹਿਸੀਲਦਾਰ ਭੀਸ਼ਮ ਪਾਂਡੇ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਾਜਨਬੀਰ ਅਟਵਾਲ ਅਤੇ ਪਟਵਾਰੀ ਸੁਨੀਲ ਗੋਂਡ ਨੇ ਦੱਸਿਆ ਕਿ ਮੁੱਖ ਮੰਗਾਂ ਜਿਵੇਂ ਕਿ ਸਟੇਟ ਕਾਡਰ ਨੂੰ ਰੱਦ ਕਰਾਉਣਾ, 17-7-2020 ਦੇ ਸੱਤਵੇਂ ਪੇ ਕਮਿਸ਼ਨ ਨੂੰ ਪੰਜਾਬ ਵਿੱਚ ਲਾਗੂ ਕਰਵਾਉਣ ਵਾਲੇ ਪੱਤਰ ਨੂੰ ਰੱਦ ਕਰਵਾਉਣਾ ਅਤੇ 1056 ਪੋਸਟਾਂ ਦੀ ਮੁੜ ਬਹਾਲੀ ਕਰਵਾਉਣ ਆਦਿ ਤੇ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ ਅਤੇ ਨਾ ਹੀ ਇਸ ਸਬੰਧੀ ਲਿਖ਼ਤੀ ਤੌਰ ਤੇ ਪੱਤਰ ਜਾਰੀ ਕੀਤਾ ਗਿਆ। ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਇਸ ਦੇ ਰੋਸ ਵਜੋਂ ਜਥੇਬੰਦੀ ਤੁਰੰਤ ਪ੍ਰਭਾਵ ਨਾਲ ਸਵੈਮਿਤਵਾ ਸਕੀਮ (ਲਾਲ ਲਕੀਰ) ਦਾ ਪੂਰਨ ਤੌਰ ’ਤੇ ਬਾਈਕਾਟ ਕਰਦੀ ਹੈ ਅਤੇ ਸੋਧ ਸੰਬੰਧੀ ਸਬੰਧੀ ਪਟਵਾਰੀਆਂ ਨੂੰ ਹਦਾਇਤ ਕਰਦੀ ਹੈ ਕਿ ਕੋਈ ਵੀ ਪਟਵਾਰੀ ਆਪਣੀ ਆਈਡੀ ਉੱਪਰ ਲੌਗਿਨ ਨਹੀਂ ਕਰੇਗਾ। ਇਸ ਮੌਕੇ ਪਟਵਾਰਖਾਨੇ ਮੁਕੰਮਲ ਤੌਰ ’ਤੇ ਬੰਦ ਰੱਖੇ ਜਾਣਗੇ। ਆਗੂਆਂ ਨੇ ਕਿਹਾ ਕਿ ਡੀਏ ਦੀਆਂ ਕਿਸ਼ਤਾਂ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵੀ ਸਰਕਾਰ ਦਿਲਚਸਪੀ ਨਹੀਂ ਦਿਖਾ ਰਹੀ ਹੈ। ਇਸ ਮੌਕੇ ਪਟਵਾਰੀ ਗੁਰਦੇਵ ਸਿੰਘ, ਬਾਦਲ ਸਿੰਘ ਕਾਲਾ ਸੰਘਿਆਂ, ਪਟਵਾਰੀ ਸੁਖਵਿੰਦਰ ਰਾਮ, ਲਵਪ੍ਰੀਤ ਸਿੰਘ ਭੱਟੀ, ਮਨਕੀਰਤ ਸਿੰਘ, ਹਰਮਨਪ੍ਰੀਤ ਸਿੰਘ, ਲਵਪ੍ਰੀਤ ਗਿੱਲ, ਪਟਵਾਰੀ ਗੁਰਭੇਜ ਸਿੰਘ ਆਦਿ ਹਾਜ਼ਰ ਸਨ।