- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ.ਡੀ.ਐੱਮ. ਜਸਜੀਤ ਸਿੰਘ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ

- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨਾਂ ਦੇ ਵਿਕਾਸ, ਰੁਜ਼ਗਾਰ ਦੇ ਮੌਕਿਆਂ, ਨਸ਼ਾ ਛੁਡਾਊ ਇਲਾਜ ਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਲਿਆਂਦੀ ਜਾ ਰਹੀ ਹੈ ਤੇਜ਼ੀ
ਕੈਪਸ਼ਨ: 25ਕੇਪੀਟੀ29
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ.ਡੀ.ਐੱਮ. ਜਸਜੀਤ ਸਿੰਘ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਮੀਟਿੰਗ ਕਰਦੇ ਹੋਏ।
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ-ਡਵੀਜ਼ਨ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬ-ਡਵੀਜ਼ਨਲ ਮੈਜਿਸਟ੍ਰੇਟ ਜਸਜੀਤ ਸਿੰਘ ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ । ਪੁਲਿਸ, ਖੇਡਾਂ, ਸਿਹਤ, ਰੁਜ਼ਗਾਰ, ਸਿੱਖਿਆ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਪੂਰਥਲਾ ਸਬ-ਡਵੀਜ਼ਨ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਖੁਖਰੈਣ, ਨਵਾਂ ਪਿੰਡ ਭੱਠੇ, ਬੂਟ, ਡੈਣਵਿੰਡ ਅਤੇ ਮੁਹੱਲਾ ਸ਼ਹਿਰੀਆਂ ਵਿੱਚ ਨਸ਼ਿਆਂ ਦੇ ਖਾਤਮੇ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਯਤਨ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ । ਉਨ੍ਹਾਂ ਸਿਹਤ ਵਿਭਾਗ ਦੇ ਡਾ. ਰਾਹੁਲ ਤੋਂ ਇਨ੍ਹਾਂ ਇਲਾਕਿਆਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ, ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਨਸ਼ਾ ਪ੍ਰਭਾਵਿਤ ਖੇਤਰਾਂ ਦੇ ਅੱਠ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ । ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਜ਼ੋਰ ਦਿੰਦਿਆਂ ਜਸਜੀਤ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਤੋਂ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਪਿੰਡ ਡੈਣਵਿੰਡ ਵਿਖੇ ਵਾਲੀਬਾਲ ਦਾ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ ਅਤੇ ਉੱਥੇ ਓਪਨ ਜਿਮ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਇਸੇ ਤਰ੍ਹਾਂ ਨੇੜਲੇ ਪਿੰਡ ਫੂਲੇਵਾਲ ਵਿਖੇ ਸਰਕਲ ਸਟਾਈਲ ਕਬੱਡੀ ਦਾ ਮੈਦਾਨ ਵਿਕਸਤ ਕੀਤਾ ਜਾ ਰਿਹਾ ਹੈ, ਜਦਕਿ ਨਵਾਂ ਪਿੰਡ ਭੱਠੇ ਵਿਖੇ ਫੁੱਟਬਾਲ ਅਤੇ ਵਾਲੀਬਾਲ ਦੇ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡ ਬੂਟ ਵਿਖੇ 200 ਮੀਟਰ ਦਾ ਦੌੜ ਟਰੈਕ ਬਣਾਉਣ ਦੇ ਨਾਲ-ਨਾਲ ਫੁੱਟਬਾਲ ਅਤੇ ਵਾਲੀਬਾਲ ਦੀਆਂ ਸਹੂਲਤਾਂ ਵੀ ਵਿਕਸਤ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਰੁਜ਼ਗਾਰ ਅਤੇ ਕਰਜ਼ਾ ਕੈਂਪ ਵੀ ਲਗਾਏ ਗਏ ਹਨ, ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਈਆਂ ਕਰਜ਼ਾ ਅਰਜ਼ੀਆਂ ਨੂੰ ਯੋਗ ਲਾਭਪਾਤਰੀਆਂ ਵੱਲੋਂ ਆਪਣੇ ਕਾਰੋਬਾਰ ਸ਼ੁਰੂ ਕਰਕੇ ਆਤਮ-ਨਿਰਭਰ ਬਣਨ ਵਿੱਚ ਮਦਦ ਦੇਣ ਲਈ ਬੈਂਕਾਂ ਰਾਹੀਂ ਪ੍ਰਕਿਰਿਆ ਅਧੀਨ ਲਿਆਂਦਾ ਗਿਆ ਹੈ। ਐੱਸ.ਡੀ.ਐੱਮ. ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਸਕੂਲਾਂ ਵਿੱਚ ਨਿਯਮਤ ਤੌਰ ’ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਇਨ੍ਹਾਂ ਪਿੰਡਾਂ ਵਿੱਚ ਪੁਲਿਸ ਵੱਲੋਂ ਕੀਤੇ ਜਾ ਰਹੇ ਨਸ਼ਾ ਵਿਰੋਧੀ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਹਿੰਮ ਤਹਿਤ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਨਸ਼ਾ ਤਸਕਰੀ ਲਈ ਵਰਤੇ ਜਾਂਦੇ ਛੱਡੇ ਹੋਏ ਟਿਕਾਣਿਆਂ ਦੀ ਵੀ ਪਛਾਣ ਕੀਤੀ ਗਈ ਹੈ।
ਐੱਸਡੀਐੱਮ ਨੇ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਬਣਾਈ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਨਸ਼ਿਆਂ ਵਿਰੁੱਧ ਕਾਰਵਾਈ, ਨਸ਼ਾ ਛੁਡਾਊ ਇਲਾਜ, ਖੇਡਾਂ ਨੂੰ ਉਤਸ਼ਾਹਿਤ ਕਰਨ, ਜਾਗਰੂਕਤਾ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਨੂੰ ਬਰਾਬਰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਡੀ.ਐੱਸ.ਪੀ. ਕੁਲਵਿੰਦਰ ਸਿੰਘ ਵਿਰਕ, ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ, ਐਡਵੋਕੇਟ ਦੀਪਿਕਾ ਸ਼ੀਤਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।