ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਫੌਜ ਰਹੇਗੀ ਪੂਰੀ ਤਰ੍ਹਾਂ ਤਿਆਰ ਸੰਭਾਵੀ ਹੜ੍ਹਾਂ ਦੇ ਮੱਦੇਨਜਰ ਤਿਆਰੀਆਂ ਦੀ ਸਮੀਖਿਆ
Publish Date: Tue, 30 Jun 2026 08:17 PM (IST)
Updated Date: Tue, 30 Jun 2026 08:19 PM (IST)
ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਨੇ ਕੀਤੀ ਤਿਆਰੀਆਂ ਦੀ ਸਮੀਖਿਆ ਸਬੰਧਤ ਵਿਭਾਗਾਂ ਨੂੰ ਸਮੇਂ ਸਿਰ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਫੌਜ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਲੁੜੀਂਦੀਆਂ ਤਿਆਰੀਆਂ ਮੁਕੰਮਲ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨਾਂ ਤੇ ਮਨੁੱਖੀ ਸਰੋਤਾਂ ਦੀ ਉਪਲਬਧਤਾ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਇਸ ਦਿਸ਼ਾ ਵਿਚ ਫੌਜ ਦਾ ਸਹਿਯੋਗ ਬਹੁਤ ਮਹੱਤਵਪੂਰਨ ਰਹੇਗਾ। ਸਹਾਇਕ ਕਮਿਸ਼ਨਰ ਨੇ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਲਾਈਫ ਜੈਕਟਾਂ, ਰੇਤ ਦੀਆਂ ਬੋਰੀਆਂ (ਸੈਂਡ ਬੈਗ), ਕਿਸ਼ਤੀਆਂ ਤੇ ਤਜ਼ੁਰਬੇਕਾਰ ਮੱਲਾਹਾਂ ਦੀ ਉਪਲਬਧਤਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਹੜ੍ਹ ਦਾ ਖ਼ਤਰਾ ਵੱਧ ਰਹਿੰਦਾ ਹੈ, ਉੱਥੋਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਸਥਾਰਤ ਤੇ ਮੁਕੰਮਲ ਮੈਪਿੰਗ ਕੀਤੀ ਜਾਵੇ ਤੇ ਸੰਭਾਵਿਤ ਖ਼ਤਰੇ ਵਾਲੇ ਸਥਾਨਾਂ ਦੀ ਪਛਾਣ ਕਰਕੇ ਲੁੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਪੱਧਰ ਤੇ ਰਾਹਤ ਤੇ ਬਚਾਅ ਕਾਰਜਾਂ ਲਈ ਲੋੜੀਂਦੇ ਮਨੁੱਖੀ ਬਲ ਤੇ ਸਾਧਨਾਂ ਦੇ ਪ੍ਰਬੰਧ ਲਈ ਵੱਖ-ਵੱਖ ਇੰਚਾਰਜ ਵੀ ਨਿਯੁਕਤ ਕੀਤੇ ਜਾਣ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਭੁਲੱਥ ਤੇ ਸੁਲਤਾਨਪੁਰ ਲੋਧੀ ਦੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹਿਲਾਂ ਤੋਂ ਹੀ ਵਾਧੂ ਮਾਤਰਾ ਵਿਚ ਈਸੀ ਬੈਗ ਤੇ ਜੰਬੋ ਬੈਗ ਮੌਜੂਦ ਹਨ। ਇਸੇ ਤਰ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ 27 ਮੈਡੀਕਲ ਟੀਮਾਂ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹਨ ਤੇ ਮਰੀਜ਼ਾਂ ਲਈ 30 ਬੈੱਡਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸਿਹਤ ਵਿਭਾਗ ਕੋਲ ਸਥਿਤੀ ਦੇ ਮੱਦੇਨਜ਼ਰ ਬਰਸਾਤ ਜਾਂ ਹੜ੍ਹ ਵਰਗੇ ਦਿਨਾਂ ਵਿਚ ਹੋਣ ਵਾਲੀਆਂ ਬਿਮਾਰੀਆਂ, ਸੱਪ ਦੇ ਡੰਗਣ, ਹਲਕਾਅ ਤੇ ਹੋਰ ਜ਼ਰੂਰੀ ਵੈਕਸੀਨਾਂ ਦਾ ਸਟਾਕ ਵੀ ਲੋੜੀਂਦੀ ਮਾਤਰਾ ਵਿਚ ਹੈ, ਤਾਂ ਜੋ ਲੋੜ ਪੈਣ ਤੇ ਤੁਰੰਤ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਸ਼ੂ ਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਮਾਹਰ ਡਾਕਟਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਜਾਵੇ ਤੇ ਪਸ਼ੂ ਧਨ ਦਾ ਪਹਿਲਾਂ ਤੋਂ ਹੀ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ, ਪੰਜਾਬ ਪੁਲਿਸ ਤੇ ਹੋਰਨਾਂ ਸੁਰੱਖਿਆ ਬਲਾਂ ਨੂੰ ਵੀ ਤਿਆਰੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋੜ ਪੈਣ ਤੇ ਫੌਜ ਦੀਆਂ ਟੀਮਾਂ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਵਿਚ ਤੁਰੰਤ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਤੇ ਬਚਾਅ ਕਾਰਜਾਂ ਵਿਚ ਸਹਿਯੋਗ ਦੇ ਸਕਣ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ ਵੀ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਲੋੜ ਪੈਣ ਤੇ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਹੜ੍ਹ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਫੋਨ ਬੰਦ ਪਾਏ ਜਾਣ ਦੀ ਸਥਿਤੀ ਵਿਚ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।