ਰਾਈਜ਼ਿੰਗ ਪੰਜਾਬ ਸੰਮੇਲਨ ’ਚ ਹੋਇਆ ਚੇਅਰਮੈਨ ਗਗਨਦੀਪ ਦਾ ਵਿਸ਼ੇਸ਼ ਸਨਮਾਨ
ਰਾਈਜਿੰਗ ਪੰਜਾਬ ਸੰਮੇਲਨ ਦੇ ਪ੍ਰਬੰਧਕਾਂ ਵੱਲੋਂ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
Publish Date: Tue, 17 Feb 2026 08:40 PM (IST)
Updated Date: Tue, 17 Feb 2026 08:42 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਤੇ ਦਿਨੀਂ ਫਗਵਾੜਾ ਵਿਖੇ ਕਰਵਾਏ ਗਏ ਪੰਜਾਬ ਰਾਈਜ਼ਿੰਗ ਸੰਮੇਲਨ ਦੌਰਾਨ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਅਰਜੁਨਾ ਐਵਾਰਡੀ ਪਹਿਲਵਾਨ ਕਰਤਾਰ ਸਿੰਘ, ਉੱਘੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਤੇ ਸੁਖਦੇਵ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਮੌਜੂਦਾ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਉੱਘੇ ਕਾਰੋਬਾਰੀ ਪੰਜਾਬ ਵਿਚ ਨਿਵੇਸ਼ ਕਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੂਜੇ ਦੌਰ ਦੀ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਭਰਪੂਰ ਯੋਗਦਾਨ ਪਾਇਆ ਜਾਵੇਗਾ ਤੇ ਸਕੂਲਾਂ, ਕਾਲਜਾਂ, ਪਿੰਡਾਂ ਦੀਆਂ ਸੱਥਾਂ ਵਿਚ ਸੈਮੀਨਾਰ ਕਰਵਾ ਕੇ ਸਿੰਥੈਟਿਕ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਸਾਹ ਲਵੇਗੀ। ਇਸ ਮੌਕੇ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਸਨਮਾਨ ਦੇਣ ਲਈ ਸੰਮੇਲਨ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।