ਕਪੂਰਥਲਾ ‘ਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਜ਼ੋਰਾਂ ’ਤੇ ਕਪੂਰਥਲਾ ‘ਚ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਕਾਰਜ ਜ਼ੋਰਾਂ ’ਤੇ
Publish Date: Mon, 19 Oct 2026 10:37 PM (IST)
Updated Date: Mon, 19 Oct 2026 10:39 PM (IST)
--ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ --ਸਟਰੀਟ ਲਾਈਟਾਂ ਸਬੰਧੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਛੇ ਟੀਮਾਂ ਤਾਇਨਾਤ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਨਗਰ ਨਿਗਮ ਕਪੂਰਥਲਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਕਾਰਜਾਂ ਲਈ ਸਪੈਸ਼ਲ ਅਸਿਸਟੈਂਸ ਟੂ ਸਟੇਟਸ ਫਾਰ ਕੈਪੀਟਲ ਇਨਵੈਸਟਮੈਂਟ ਸਕੀਮ ਤਹਿਤ 8.78 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਗਲੀਆਂ ਦੇ ਨਿਰਮਾਣ ਤੇ ਸੁਧਾਰ ਨਾਲ ਆਵਾਜਾਈ ਦੀ ਸਹੂਲਤ ਵਿੱਚ ਵਾਧਾ ਹੋਵੇਗਾ, ਰੋਜ਼ਾਨਾ ਆਉਣ-ਜਾਣ ਵਿੱਚ ਆਸਾਨੀ ਹੋਵੇਗੀ ਤੇ ਵੱਖ-ਵੱਖ ਇਲਾਕਿਆਂ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਹੋਵੇਗਾ। ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੇ ਦੱਸਿਆ ਕਿ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕਾਂ ਦੇ ਨਿਰਮਾਣ ਕਾਰਜਾਂ ਲਈ 8.78 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਤੇ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕੰਮ ਦੀ ਗੁਣਵੱਤਾ ਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਸਟਰੀਟ ਲਾਈਟਾਂ ਸਬੰਧੀ ਸ਼ਿਕਾਇਤਾਂ ਬਾਰੇ ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਨਗਰ ਨਿਗਮ ਵੱਲੋਂ ਛੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਆਪੋ-ਆਪਣੇ ਵਾਰਡਾਂ ਵਿੱਚ ਪ੍ਰਾਪਤ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਬੰਦ ਪਈਆਂ ਸਟਰੀਟ ਲਾਈਟਾਂ ਦੀ ਮੁਰੰਮਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਦੀ ਸਹੂਲਤ ਲਈ ਜਨਤਕ ਥਾਵਾਂ ’ਤੇ ਲੋੜੀਂਦੀ ਰੌਸ਼ਨੀ ਯਕੀਨੀ ਬਣਾਉਣ ਤੇ ਖ਼ਾਸ ਕਰਕੇ ਰਾਤ ਸਮੇਂ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮਹਾਰਿਸ਼ੀ ਵਾਲਮੀਕਿ ਜੀ ਜਯੰਤੀ ਦੇ ਆਗਾਮੀ ਸਮਾਗਮਾਂ ਦੇ ਮੱਦੇਨਜ਼ਰ ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੇ ਰੂਟ ’ਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨ, ਲੋੜੀਂਦੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਤੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਰੱਖਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਬੰਧਤ ਟੀਮਾਂ ਨੂੰ ਇਹ ਕੰਮ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਸ਼ੋਭਾ ਯਾਤਰਾ ਸਾਫ਼-ਸੁਥਰੀਆਂ ਤੇ ਸੁਚੱਜੇ ਢੰਗ ਨਾਲ ਸੰਭਾਲੀਆਂ ਸੜਕਾਂ ਤੋਂ ਲੰਘ ਸਕੇ ਤੇ ਸ਼ਰਧਾਲੂਆਂ ਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਗਰ ਨਿਗਮ ਕਮਿਸ਼ਨਰ ਨੇ ਦੁਹਰਾਇਆ ਕਿ ਸੜਕੀ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ ਤੇ ਸਟਰੀਟ ਲਾਈਟਾਂ ਨੂੰ ਸਹੀ ਢੰਗ ਨਾਲ ਚਾਲੂ ਰੱਖਣਾ ਨਗਰ ਨਿਗਮ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫ਼ਤਾਰ ਬਰਕਰਾਰ ਰੱਖਣ ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।