ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ‘ਤੇ ਖਰੀ ਉਤਰ ਰਹੀ : ਚੀਮਾ
ਸੁਲਤਾਨਪੁਰ ਲੋਧੀ ਹਲਕੇ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ
Publish Date: Fri, 27 Feb 2026 09:02 PM (IST)
Updated Date: Fri, 27 Feb 2026 09:04 PM (IST)

ਸੁਲਤਾਨਪੁਰ ਲੋਧੀ ਦੀ ਨੁਹਾਰ ਬਦਲਣ ਲਈ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਹਲਕੇ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਸੰਗਤ ਤੇ ਆਮ ਲੋਕਾਂ ਨੂੰ ਮਿਲੇਗੀ ਰਾਹਤ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਹੋਰਨਾਂ ਇਲਾਕਿਆਂ ਨਾਲ ਜੋੜਨ ਵਾਲੀਆਂ ਦੋ ਮੁੱਖ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ ਜੰਗੀ ਪੱਧਰ ’ਤੇ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਮੌਕੇ ‘ਤੇ ਪਹੁੰਚ ਕੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ ਤੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਲੋਹੀਆਂ ਤੋਂ ਸੁਲਤਾਨਪੁਰ ਲੋਧੀ ਲੋਹੀਆਂ ਚੁੰਗੀ ਤੱਕ ਲਗਭਗ 5.5 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 2 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਹੀਆਂ ਚੁੰਗੀ ਸੁਲਤਾਨਪੁਰ ਲੋਧੀ ਤੋਂ ਡੱਲਾ ਪਿੰਡ ਤੱਕ 5.5 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 2 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋ ਚੁੱਕਾ ਹੈ। ਇਹ ਦੋਵੇਂ ਪ੍ਰੋਜੈਕਟ ਹਲਕੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ‘ਤੇ ਖਰੀ ਉਤਰ ਰਹੀ ਹੈ ਤੇ ਹਲਕੇ ਦੇ ਹਰ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਰੱਖਣ ਵਾਲਾ ਸ਼ਹਿਰ ਹੈ, ਜਿਥੇ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ਰਧਾਲੂ ਗੁਰੂ ਧਾਮਾਂ ਦੇ ਦਰਸ਼ਨ ਲਈ ਪਹੁੰਚਦੇ ਹਨ। ਸੁਧਰੀਆਂ ਸੜਕਾਂ ਨਾਲ ਸੰਗਤ ਨੂੰ ਆਉਣ-ਜਾਣ ਵਿਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਨਿਰਮਾਣ ਕਾਰਜਾਂ ਵਿਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਸਬੰਧਤ ਠੇਕੇਦਾਰ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਸਾਰਾ ਕੰਮ ਨਿਰਧਾਰਿਤ ਮਿਆਰ ਅਨੁਸਾਰ ਤੇ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਜਲਦ ਹੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਵੀ ਸੜਕ ਨਿਰਮਾਣ ਕਾਰਜ ਸ਼ੁਰੂ ਕੀਤੇ ਜਾਣਗੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਹੋ ਸਕੇ ਤੇ ਹਲਕੇ ਦੀ ਤਸਵੀਰ ਪੂਰੀ ਤਰ੍ਹਾਂ ਬਦਲੀ ਜਾ ਸਕੇ। ਸਥਾਨਕ ਨਿਵਾਸੀਆਂ ਵੱਲੋਂ ਸਰਕਾਰ ਦੇ ਇਸ ਕਦਮ ਦਾ ਸਵਾਗਤ ਕੀਤਾ ਗਿਆ ਹੈ ਤੇ ਆਸ ਜਤਾਈ ਗਈ ਹੈ ਕਿ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਹੋਣਗੇ ਤੇ ਹਲਕੇ ਨੂੰ ਨਵੀਂ ਪਹਿਚਾਣ ਮਿਲੇਗੀ। ਇਸ ਮੌਕੇ ਐੱਸਡੀਓ ਵਿਵੇਕ ਵਸ਼ਿਸ਼ਟ, ਜੇਈ ਵਰੁਣ ਛਾਬੜਾ, ਪੀਏ ਲਵਪ੍ਰੀਤ ਸਿੰਘ, ਬਲਾਕ ਪ੍ਰਧਾਨ ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਜੱਗੀ ਜੈਨਪੁਰ, ਸੰਜੀਵ ਕੁਮਾਰ ਸੋਨੂੰ, ਸਿਮਰਨਜੀਤ ਆਦਿ ਮੌਜੂਦ ਸਨ।