ਕਪੂਰਥਲਾ ਦੀ ਨੁਹਾਰ ਬਦਲਣਗੇ 8.62 ਕਰੋੜ ਦੇ ਵਿਕਾਸ ਪ੍ਰੋਜੈਕਟ ਕਪੂਰਥਲਾ ਦੇ ਸ਼ਹਿਰੀ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਲਈ 8.62 ਕਰੋੜ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟ
Publish Date: Sun, 23 Aug 2026 08:16 PM (IST)
Updated Date: Sun, 23 Aug 2026 08:18 PM (IST)
--ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ : ਡਿਪਟੀ ਕਮਿਸ਼ਨਰ ਮੱਲੀ, ਪੰਜਾਬੀ ਜਾਗਰਣ ਕਪੂਰਥਲਾ : ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ, ਨਗਰ ਨਿਗਮ ਕਪੂਰਥਲਾ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਤੇ ਸੁਧਾਰ ਲਈ 8.62 ਕਰੋੜ ਰੁਪਏ ਦਾ ਵਰਕ ਆਰਡਰ ਜਾਰੀ ਕੀਤਾ ਹੈ। ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਦੇ ਪ੍ਰਸ਼ਾਸਕ ਅਕਾਸ਼ ਬਾਂਸਲ ਨੇ ਦੱਸਿਆ ਕਿ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜਾਂ ਲਈ ਸਪੈਸ਼ਲ ਅਸਿਸਟੈਂਸ ਟੂ ਸਟੇਟਸ ਫਾਰ ਕੈਪੀਟਲ ਇਨਵੈਸਟਮੈਂਟ ਸਕੀਮ ਤਹਿਤ 8.78 ਕਰੋੜ ਰੁਪਏ ਦਾ ਐਸਟੀਮੇਟ ਤਿਆਰ ਕੀਤਾ ਗਿਆ ਸੀ। ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਇਹ ਪ੍ਰੋਜੈਕਟ ਸਫਲ ਬੋਲੀਕਾਰ ਨੂੰ 8.62 ਕਰੋੜ ਰੁਪਏ ਵਿੱਚ ਅਲਾਟ ਕਰ ਦਿੱਤਾ ਗਿਆ ਹੈ ਤੇ ਅਗਲੇ ਹਫ਼ਤੇ ਕੰਮ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਾਰਡ ਨੰਬਰ 6, 8, 9, 11, 12, 13, 17, 18, 22, 23, 24, 25, 32 ਤੇ 34 ਵਿੱਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਖੇਤਰਾਂ ਦੇ ਨਿਵਾਸੀਆਂ ਨੂੰ ਬਿਹਤਰ ਸੜਕੀ ਸੰਪਰਕ, ਸੁਚਾਰੂ ਆਵਾਜਾਈ ਤੇ ਬਿਹਤਰ ਸ਼ਹਿਰੀ ਬੁਨਿਆਦੀ ਢਾਂਚੇ ਦਾ ਲਾਭ ਮਿਲੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਨਿਵਾਸੀਆਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਤੇ ਸਮੇਂ ਸਿਰ ਨੇਪਰੇ ਚਾੜ੍ਹਨ ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਨਿਵਾਸੀਆਂ ਤੱਕ ਜਲਦੀ ਤੋਂ ਜਲਦੀ ਪਹੁੰਚ ਸਕੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੇ ਕੰਮ ਕਰਨ ਵਾਲੀ ਏਜੰਸੀ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਨਿਰਮਾਣ ਕਾਰਜ ਤੈਅ ਕੀਤੇ ਗਏ ਮਾਪਦੰਡਾਂ ਤੇ ਗੁਣਵੱਤਾ ਅਨੁਸਾਰ ਹੀ ਕੀਤੇ ਜਾਣ। ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ ਨੇ ਦੱਸਿਆ ਕਿ ਨਗਰ ਨਿਗਮ ਬੁਨਿਆਦੀ ਨਾਗਰਿਕ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਤੇ ਕਪੂਰਥਲਾ ਸ਼ਹਿਰ ਦੇ ਸਮੁੱਚੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਯੋਜਨਾਬੱਧ ਤੇ ਸਮਾਂਬੱਧ ਢੰਗ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹੇਗਾ। ਉਨ੍ਹਾਂ ਕਿਹਾ ਕਿ ਨਿਗਮ ਵਿਕਾਸ ਕਾਰਜਾਂ ਦੀ ਸੁਚੱਜੀ ਨਿਗਰਾਨੀ ਨੂੰ ਯਕੀਨੀ ਬਣਾਏਗਾ।