- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਨੂੰ ਜਾਂਦੀ ਸੜਕ 50 ਲੱਖ ਰੁਪਏ ਦੀ ਲਾਗਤ ਨਾਲ 18 ਤੋਂ 22 ਫੁੱਟ ਚੌੜੀ ਕੀਤੀ: ਚੱਬੇਵਾਲ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ-ਨਵਾਂਸ਼ਹਿਰ ਰੋਡ ਤੋਂ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਦੇ ਮੁੱਖ ਗੇਟ ਤੱਕ ਜਾਂਦੀ ਚੌੜੀ ਕੀਤੀ ਗਈ ਸੜਕ ਦਾ ਉਦਘਾਟਨ ਕੀਤਾ। ਲਗਭਗ 500 ਮੀਟਰ ਲੰਬੀ ਇਸ ਸੜਕ ਨੂੰ 50 ਲੱਖ ਰੁਪਏ ਦੀ ਲਾਗਤ ਨਾਲ 18 ਫੁੱਟ ਤੋਂ ਵਧਾ ਕੇ 22 ਫੁੱਟ ਚੌੜਾ ਕੀਤਾ ਗਿਆ ਹੈ, ਜਿਸ ਨਾਲ ਫਗਵਾੜਾ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਵਿੱਚੋਂ ਇੱਕ ਗੁਰਦੁਆਰਾ ਸਾਹਿਬ ਤੱਕ ਆਉਣ-ਜਾਣ ਦੀ ਸਹੂਲਤ ਵਿੱਚ ਵਾਧਾ ਹੋਵੇਗਾ। ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਸੜਕ ਚੌੜੀ ਹੋਣ ਨਾਲ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਹੈਰੀਟੇਜ ਸਟਰੀਟ ਪ੍ਰੋਜੈਕਟ ਵੀ ਜਲਦ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਇਸ ਇਤਿਹਾਸਕ ਧਾਰਮਿਕ ਸਥਾਨ 'ਤੇ ਆਉਣ ਵਾਲੀਆਂ ਸੰਗਤਾਂ ਲਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਵਿਕਾਸ ਕਾਰਜਾਂ ਤਹਿਤ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ, ਸਟਰੀਟ ਲਾਈਟਾਂ ਦੀ ਵਿਵਸਥਾ ਬਿਹਤਰ ਬਣਾਉਣ ਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਸੰਗਤਾਂ ਤੇ ਇਲਾਕਾ ਵਾਸੀਆਂ ਨੂੰ ਸੁਖਾਵਾਂ ਮਾਹੌਲ ਮਿਲ ਸਕੇ।
ਡਾ. ਚੱਬੇਵਾਲ ਨੇ ਕਿਹਾ ਕਿ ਇਲਾਕਾ ਵਾਸੀਆਂ ਤੇ ਸੰਗਤਾਂ ਵੱਲੋਂ ਪਿਛਲੇ 20 ਸਾਲਾਂ ਤੋਂ ਇਸ ਸੜਕ ਨੂੰ ਚੌੜਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਨਗਰ ਨਿਗਮ ਫਗਵਾੜਾ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੌੜੀ ਕੀਤੀ ਗਈ ਇਹ ਸੜਕ ਕਈ ਇਲਾਕਿਆਂ ਤੇ ਪਿੰਡਾਂ ਲਈ ਬਦਲਵੇਂ ਰਸਤੇ ਤੇ ਬਾਈਪਾਸ ਵਜੋਂ ਵੀ ਕੰਮ ਕਰੇਗੀ, ਜਿਸ ਨਾਲ ਆਵਾਜਾਈ ਦਾ ਦਬਾਅ ਘਟੇਗਾ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਤਹਿਤ ਪਿੰਡਾਂ, ਧਾਰਮਿਕ ਸਥਾਨਾਂ ਤੇ ਹੋਰ ਮਹੱਤਵਪੂਰਨ ਜਨਤਕ ਥਾਵਾਂ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਜਤਿੰਦਰ ਪਾਲ ਸਿੰਘ, ਵਿਪਿਨ ਚੌਸਰ ਤੇ ਇਲਾਕੇ ਦੇ ਹੋਰ ਵਸਨੀਕਾਂ ਨੇ ਫਗਵਾੜਾ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਡਾ. ਰਾਜ ਕੁਮਾਰ ਚੱਬੇਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਉਪਰਾਲਿਆਂ ਨਾਲ ਸ਼ਹਿਰ ਦੀਆਂ ਨਾਗਰਿਕ ਸਹੂਲਤਾਂ ਹੋਰ ਬਿਹਤਰ ਹੋਣਗੀਆਂ ਤੇ ਫਗਵਾੜਾ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।