- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
12 ਘੰਟਿਆਂ ਵਿੱਚ ਸੁਲਝੀ ਲੁੱਟ ਦੀ ਵਾਰਦਾਤ ਪੁਲਿਸ ਨੇ 2 ਲੁਟੇਰੇ ਕੀਤੇ ਕਾਬੂ

--ਤੇਜ਼ਧਾਰ ਹਥਿਆਰ ਦਿਖਾ ਕੇ ਕਿਸਾਨ ਤੋਂ 1500 ਰੁਪਏ ਲੁੱਟੇ ਸਨ, ਲੁੱਟੀ ਰਕਮ ਬਰਾਮਦ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਪੁਲਿਸ ਨੇ ਲੁੱਟ ਦੀ ਵਾਰਦਾਤ ’ਤੇ ਤੁਰੰਤ ਕਾਰਵਾਈ ਕਰਦਿਆਂ ਮਹਿਜ਼ 12 ਘੰਟਿਆਂ ਦੇ ਅੰਦਰ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਸ ਕੋਲੋਂ ਲੁੱਟੀ ਗਈ 1500 ਰੁਪਏ ਦੀ ਰਕਮ ਵੀ ਬਰਾਮਦ ਕਰ ਲਈ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ-ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ 12 ਅਗਸਤ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਸੀਤਾਂ ਨੇੜੇ ਕਿਸਾਨ ਅਮਰੀਕ ਸਿੰਘ ਆਪਣੇ ਨੌਕਰ ਦਲੀਪ ਨਾਲ ਜਾ ਰਿਹਾ ਸੀ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਤੇ ਡਰਾ-ਧਮਕਾ ਕੇ ਉਨ੍ਹਾਂ ਕੋਲੋਂ 1500 ਰੁਪਏ ਖੋਹ ਲਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਬਿਨਾਂ ਦੇਰੀ ਕੀਤੇ ਬੀਐਨਐਸ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਾਰਵਾਈ ਕਰਦਿਆਂ ਬਲਵਿੰਦਰ ਸਿੰਘ ਵਾਸੀ ਕਾਲਰੂ ਤੇ ਉਸ ਦੇ ਸਾਥੀ ਰਾਮਚੰਦਾ ਨੂੰ ਕਾਬੂ ਕੀਤਾ ਤੇ ਉਸ ਕੋਲੋਂ ਲੁੱਟੀ ਗਈ 1500 ਰੁਪਏ ਦੀ ਰਕਮ ਤੇ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸਬ-ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਕਾਬੂ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਉਸ ਦੇ ਸਾਥੀਆਂ ਤੇ ਪਹਿਲਾਂ ਕੀਤੀਆਂ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੂੰ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। 12 ਘੰਟਿਆਂ ਵਿੱਚ ਕੀਤੀ ਇਸ ਪੁਲਿਸ ਕਾਰਵਾਈ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਸਖ਼ਤ ਸੰਦੇਸ਼ ਗਿਆ ਹੈ ਕਿ ਸੁਲਤਾਨਪੁਰ ਲੋਧੀ ਵਿੱਚ ਕਾਨੂੰਨ-ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।