ਪਿੰਡ ਲੱਖਪੁਰ ’ਤੇ ਖਰਚੇ ਜਾ ਰਹੇ 1.35 ਕਰੋੜ : ਡਾ. ਰਾਜ ਪਿੰਡ ਲੱਖਪੁਰ ਦੇ ਵਿਕਾਸ ’ਤੇ ਖਰਚੇ ਜਾ ਰਹੇ ਹਨ 1.35 ਕਰੋੜ ਰੁਪਏ : ਡਾ. ਰਾਜ ਕੁਮਾਰ ਚੱਬੇਵਾਲ
Publish Date: Fri, 20 Nov 2026 06:35 PM (IST)
Updated Date: Fri, 20 Nov 2026 06:37 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ ਦੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਤੇ ਹਲਕਾ ਇੰਚਾਰਜ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੇਂਡੂ ਤੇ ਸ਼ਹਿਰੀ ਖੇਤਰਾਂ ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਸ਼ਹਿਰਾਂ ਤੇ ਪਿੰਡਾਂ ਵਿੱਚ ਬਿਹਤਰ ਸੜਕਾਂ, ਖੇਡ ਸਹੂਲਤਾਂ, ਸੀਵਰੇਜ ਪ੍ਰਬੰਧ ਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਲੱਖਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ 65 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਕਰੀਬ ਚਾਰ ਕਿਲੋਮੀਟਰ ਲੰਬੀ ਪ੍ਰੀਮਿਕਸ ਕਾਰਪੇਟ (ਪੀਸੀ) ਸੜਕ ਦੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਤੇ ਹਦਾਇਤ ਕੀਤੀ ਕਿ ਸੜਕ ਦੇ ਨਿਰਮਾਣ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੜਕ ਨਿਰਧਾਰਤ ਮਾਪਦੰਡਾਂ ਅਨੁਸਾਰ ਬਣਾਈ ਜਾਵੇ ਤੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਪਿੰਡ ਵਾਸੀਆਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲ ਸਕੇ। ਡਾ. ਚੱਬੇਵਾਲ ਨੇ ਦੱਸਿਆ ਕਿ ਪਿੰਡ ਲੱਖਪੁਰ ਦੇ ਸਰਵਪੱਖੀ ਵਿਕਾਸ ਲਈ 70 ਲੱਖ ਰੁਪਏ ਦੀ ਹੋਰ ਰਾਸ਼ੀ ਵੀ ਮੁਹੱਈਆ ਕਰਵਾਈ ਗਈ ਹੈ। ਇਸ ਰਾਸ਼ੀ ਨਾਲ ਪਿੰਡ ਵਿੱਚ ਸਟੇਡੀਅਮ ਦੀ ਉਸਾਰੀ, ਔਰਤਾਂ ਲਈ ਜਿਮ ਦੀ ਸਹੂਲਤ, ਸੀਵਰੇਜ ਪ੍ਰਬੰਧ ਨੂੰ ਬਿਹਤਰ ਬਣਾਉਣ ਤੇ ਹੋਰ ਜ਼ਰੂਰੀ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਪਿੰਡ ਦੇ ਨੌਜਵਾਨਾਂ, ਔਰਤਾਂ ਤੇ ਆਮ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਸਿਰਫ਼ ਸੜਕਾਂ ਦੀ ਉਸਾਰੀ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਸਿੱਖਿਆ, ਸਿਹਤ, ਖੇਡਾਂ ਤੇ ਬੁਨਿਆਦੀ ਸਹੂਲਤਾਂ ਨੂੰ ਵੀ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਦੁਹਰਾਇਆ ਕਿ ਫਗਵਾੜਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਉਹ ਵਚਨਬੱਧ ਹਨ।