ਪੇਂਡੂ ਮਜ਼ਦੂਰ ਯੂਨੀਅਨ ਨੇ ਕੀਤੀ ਬੰਦ ’ਚ ਸ਼ਮੂਲੀਅਤ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਬੰਦ ਵਿੱਚ ਸ਼ਮੂਲੀਅਤ
Publish Date: Fri, 21 Aug 2026 09:31 PM (IST)
Updated Date: Fri, 21 Aug 2026 09:33 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ, ਪਰਮਜੀਤ ਸਿੰਘ ਭਿਓਰਾ, ਬਲਵੰਤ ਸਿੰਘ ਰਾਜੋਆਣਾ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਸਮੇਤ ਸਿਆਸੀ ਬੰਦੀਆਂ ਤੇ ਪ੍ਰੋਫੈਸਰ ਗੌਤਮ ਨਵਲੱਖਾ, ਉਮਰ ਖ਼ਾਲਦ, ਬਾਬਾ ਸਾਹਿਬ ਦੇ ਰਿਸ਼ਤੇਦਾਰ ਪ੍ਰੋਫ਼ੈਸਰ ਆਨੰਦ ਤੇਲਤੂੰਬੜੇ ਸਮੇਤ ਝੂਠੇ ਕੇਸਾਂ ਵਿੱਚ ਜੇਲ੍ਹਾਂ ਵਿੱਚ ਬੰਦ ਕੀਤੇ ਸਿਆਸੀ ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ ਤੇ 15 ਅਗਸਤ ਨੂੰ ਚੰਡੀਗੜ੍ਹ ਵਿਖੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਆਰਐੱਸਐੱਸ-ਭਾਜਪਾ ਹਕੂਮਤ ਦੇ ਇਸ਼ਾਰੇ ਉੱਤੇ ਪੁਲਿਸ ਵਲੋਂ ਕੀਤੇ ਜ਼ਬਰ ਦਾ ਤਿੱਖਾ ਵਿਰੋਧ ਕਰਦਿਆਂ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਭੁਲੱਥ, ਬੇਗੋਵਾਲ, ਨਡਾਲਾ ਬੰਦ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਨੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਖਿਲਾਫ਼ ਭਗਵੰਤ ਮਾਨ ਸਰਕਾਰ ਵਲੋਂ ਬਰਦਾਲਉ ਭਾਵਨਾ ਤਹਿਤ ਬੁਖਲਾਹਟ ਵਿੱਚ ਸੰਗੀਨ ਧਾਰਾਵਾਂ (ਖੁਦਕਸ਼ੀ ਲਈ ਉਕਸਾਉਣ) ਹੇਠ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤਾਨਾਸ਼ਾਹੀ ਤੇ ਜ਼ੁਬਾਨਬੰਦੀ ਕਰਾਰ ਦਿੱਤਾ। ਜਥੇਬੰਦੀ ਨੇ ਇਹ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖਾਂ ਸਮੇਤ ਹੋਰ ਸਿਆਸੀ ਕੈਦੀਆਂ ਅਤੇ ਸਿਆਸੀ ਕਾਰਕੁਨਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਇਸ ਸੰਘਰਸ਼ ਦਾ ਹਿੱਸਾ ਹੈ।ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਪ੍ਰਤੀ ਲੋਕ ਮਨਾਂ ਵਿੱਚ ਪਾਏ ਜਾ ਰਹੇ ਰੋਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਤਹਿਸੀਲ ਆਗੂ ਨਾਵਲ ਗਿੱਲ ਟਾਹਲੀ, ਗੁਰਪ੍ਰੀਤ ਬੁਲੇਵਾਲ, ਸੁਖਵਿੰਦਰ ਸਿੰਘ, ਹਰਜਿੰਦਰ ਚਕੋਕੀ, ਧਰਮਵੀਰ ਆਦਿ ਨੇ ਵੀ ਸੰਬੋਧਨ ਕੀਤਾ।