ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੁਲਿਸ ਜ਼ਬਰ ਦੀ ਸਖ਼ਤ ਨਿਖੇਧੀ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕਿਸਾਨਾਂ ’ਤੇ ਪੁਲਿਸ ਜ਼ਬਰ-ਜ਼ੋਰ ਦੀ ਸਖ਼ਤ ਨਿਖੇਧੀ
Publish Date: Sat, 07 Feb 2026 08:53 PM (IST)
Updated Date: Sat, 07 Feb 2026 08:56 PM (IST)

ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਡੀਸੀ ਦਫ਼ਤਰ ਵਿਖੇ ਸ਼ਾਂਤੀਪੂਰਵਕ ਧਰਨਾ ਦੇਣ ਜਾ ਰਹੇ ਕਿਸਾਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੇ ਗਿਰਫ਼ਤਾਰੀਆਂ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਸੂਬਾ ਕਮੇਟੀ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਦੋ ਕਿਸਾਨ ਆਗੂ ਪਿਛਲੇ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ ਬਠਿੰਡਾ ਜੇਲ੍ਹ ਵਿਚ ਝੂਠੇ ਮਾਮਲਿਆਂ ਤਹਿਤ ਬੰਦ ਹਨ। ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੀਕੇਯੂ ਉਗਰਾਹਾਂ ਵੱਲੋਂ 6 ਫਰਵਰੀ ਨੂੰ ਬਠਿੰਡਾ ਵਿਖੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਸਲੇ ਦਾ ਹੱਲ ਕੱਢਣ ਦੀ ਬਜਾਏ ਪੁਲਿਸ ਰਾਹੀਂ ਕਿਸਾਨ ਆਗੂਆਂ ਨੂੰ ਪਹਿਲਾਂ ਹੀ ਘਰਾਂ ਤੋਂ ਗਿਰਫ਼ਤਾਰ ਕਰ ਲਿਆ ਗਿਆ ਅਤੇ ਫਿਰ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਕਈ ਥਾਵਾਂ ’ਤੇ ਰਸਤੇ ਵਿਚ ਘੇਰ ਕੇ ਲਾਠੀਚਾਰਜ ਕੀਤਾ ਗਿਆ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਤੇ ਕਿਸਾਨ ਔਰਤਾਂ ਨਾਲ ਵੀ ਪੁਲਿਸ ਮੁਲਾਜ਼ਮਾਂ ਵੱਲੋਂ ਧੱਕਾ-ਮੁੱਕੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਰਾਜ ਵਿਚ ਧਰਨਾ ਦੇਣ ਤੋਂ ਕੋਈ ਨਹੀਂ ਰੋਕੇਗਾ, ਪਰ ਅੱਜ ਹਾਲਾਤ ਇਸਦੇ ਬਿਲਕੁਲ ਉਲਟ ਹਨ। ਮਜ਼ਦੂਰ, ਕਿਸਾਨ, ਮੁਲਾਜ਼ਮ ਤੇ ਅਧਿਆਪਕ ਵਰਗ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ, ਪਰ ਸਰਕਾਰ ਲੋਕਾਂ ਦੀਆਂ ਮੰਗਾਂ ਸੁਣਨ ਦੀ ਥਾਂ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੈ। ਸੂਬਾ ਸਰਕਾਰ ਵੱਲੋਂ ਜ਼ੋਰ-ਜ਼ਬਰ ਤੇ ਦਬਾਅ ਦੀ ਨੀਤੀ ਅਪਣਾ ਕੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਤੁਰੰਤ ਜੇਲ੍ਹਾਂ ਵਿਚ ਬੰਦ ਕਿਸਾਨ ਆਗੂਆਂ ਨੂੰ ਰਿਹਾਅ ਕਰੇ ਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢੇ।