ਧਾਮੀ ਦੀ ਜਿੱਤ ਪੰਥਕ ਏਕਤਾ ਤੇ ਭਰੋਸੇ ਦੀ ਜਿੱਤ : ਜਥੇ. ਖਲਵਾੜਾ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਪੰਥਕ ਏਕਤਾ ਅਤੇ ਭਰੋਸੇ ਦੀ ਜਿੱਤ : ਜੱਥੇਦਾਰ ਸਰੂਪ ਸਿੰਘ ਖਲਵਾੜਾ
Publish Date: Sun, 22 Nov 2026 08:14 PM (IST)
Updated Date: Sun, 22 Nov 2026 08:16 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸ. ਹਰਜਿੰਦਰ ਸਿੰਘ ਧਾਮੀ ਦਾ ਛੇਵੀਂ ਵਾਰ ਸਰਬਸੰਮਤੀ ਨਾਲ ਚੁਣਿਆ ਜਾਣਾ ਪੰਥਕ ਏਕਤਾ, ਭਰੋਸੇ ਅਤੇ ਮਜ਼ਬੂਤ ਸੰਸਥਾਗਤ ਅਗਵਾਈ ਦੀ ਜਿੱਤ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਐੱਸਸੀ ਵਿੰਗ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਪ੍ਰਗਟ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਧਾਮੀ ਦਾ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਦੀ ਕਾਰਜਸ਼ੈਲੀ, ਤਜਰਬੇ ਤੇ ਪੰਥਕ ਸੰਸਥਾ ਪ੍ਰਤੀ ਸਮਰਪਣ ਉੱਤੇ ਭਰੋਸੇ ਦੀ ਮੋਹਰ ਹੈ। ਉਨ੍ਹਾਂ ਇਸ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਤੇ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਵਚਨਬੱਧਤਾ ਦੀ ਵੀ ਸ਼ਲਾਘਾ ਕੀਤੀ। ਜਥੇਦਾਰ ਖਲਵਾੜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਇੱਕ ਬਹੁਤ ਹੀ ਮਹੱਤਵਪੂਰਨ ਸੰਸਥਾ ਹੈ ਤੇ ਇਸ ਦੀ ਮਜ਼ਬੂਤ ਅਗਵਾਈ ਸਮੁੱਚੇ ਸਿੱਖ ਜਗਤ ਲਈ ਅਹਿਮੀਅਤ ਰੱਖਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਦਖਲਅੰਦਾਜ਼ੀ ਤੇ ਅਜਿਹੀਆਂ ਕੋਸ਼ਿਸ਼ਾਂ ਤੋਂ ਬਚਾਉਣਾ ਜ਼ਰੂਰੀ ਹੈ, ਤਾਂ ਕਿ ਪੰਥਕ ਏਕਤਾ ਨੂੰ ਨੁਕਸਾਨ ਨਾ ਪਹੁੰਚੇ। ਜਥੇਦਾਰ ਸਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਚੋਣ ਵਿੱਚ ਸਰਬਸੰਮਤੀ ਨਾਲ ਲਿਆ ਗਿਆ ਫੈਸਲਾ ਪੰਥ ਦੀ ਮਜ਼ਬੂਤੀ ਵੱਲ ਇੱਕ ਸਕਾਰਾਤਮਕ ਸੰਕੇਤ ਦੱਸਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਈ ਨਾਰਾਜ਼ ਆਗੂਆਂ ਤੇ ਵਰਕਰਾਂ ਦੀ ਮੁੜ ਪਾਰਟੀ ਨਾਲ ਜੁੜਨ ਦੀ ਪ੍ਰਕਿਰਿਆ ਵੀ ਸੰਗਠਨ ਲਈ ਚੰਗਾ ਸੰਕੇਤ ਹੈ। ਪੰਥਕ ਤੇ ਪੰਜਾਬ ਦੇ ਹਿੱਤਾਂ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਵਿਸ਼ਵਾਸ ਤੇ ਵਰਕਰਾਂ ਦੀ ਮਿਹਨਤ ਸਦਕਾ ਮਜ਼ਬੂਤੀ ਨਾਲ ਉਭਰੇਗਾ। ਇਸ ਮੌਕੇ ਪਰਮਿੰਦਰ ਸਿੰਘ ਜੰਡੂ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਰਣਜੀਤ ਸਿੰਘ ਜੀਤੀ, ਸੁਖਦੇਵ ਸਿੰਘ ਪੀਪਾਰੰਗੀ ਸਮੇਤ ਹੋਰ ਅਕਾਲੀ ਆਗੂਆਂ ਨੇ ਵੀ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ।