ਸੁਖਬੀਰ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਪੂਰਾ ਕਰਨਗੇ : ਖੁਰਾਣਾ ਸ. ਸੁਖਬੀਰ ਬਾਦਲ ਮੁੱਖ ਮੰਤਰੀ ਬਣਨ ਤੋਂ ਬਾਅਦ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਪੂਰਾ ਕਰਨਗੇ ਵਾਅਦਾ - ਰਣਜੀਤ ਸਿੰਘ ਖੁਰਾਣਾ
Publish Date: Fri, 27 Nov 2026 07:56 PM (IST)
Updated Date: Fri, 27 Nov 2026 07:58 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਸਾਲਾਂ ਤੋਂ ਉੱਠਦੀ ਰਹੀ ਹੈ, ਪਰ ਸਿਆਸੀ ਪਾਰਟੀਆਂ ਦੇ ਵਾਅਦਿਆਂ ਤੇ ਜ਼ਮੀਨੀ ਹਕੀਕਤ ਵਿਚਕਾਰਲਾ ਫ਼ਰਕ ਅੱਜ ਵੀ ਲੋਕਾਂ ਦੇ ਸਾਹਮਣੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਫਗਵਾੜਾ ਸ਼ਹਿਰੀ ਹਲਕਾ ਇੰਚਾਰਜ ਤੇ ਇੰਡਸਟਰੀ ਤੇ ਟਰੇਡ ਵਿੰਗ ਪੰਜਾਬ ਦੇ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਖੁਰਾਣਾ ਨੇ ਇਸ ਮੁੱਦੇ ’ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਸਿਰਫ਼ ਚੋਣਾਂ ਦੌਰਾਨ ਕਰਨ ਨਾਲ ਨਹੀਂ, ਸਗੋਂ ਇਸ ਨੂੰ ਪੂਰਾ ਕਰਨ ਦੀ ਸਿਆਸੀ ਇੱਛਾ-ਸ਼ਕਤੀ ਨਾਲ ਨਿਭਾਇਆ ਜਾ ਸਕਦਾ ਹੈ, ਜੋ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਹੀ ਦਿਖਾ ਸਕਦੀ ਹੈ। ਖੁਰਾਣਾ ਨੇ ਕਿਹਾ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ ਪਰ ਉਸ ਸਮੇਂ ਕਾਂਗਰਸ ਦੀ ਸਰਕਾਰ ਬਣ ਗਈ ਤੇ ਫਗਵਾੜਾ ਦੇ ਲੋਕਾਂ ਦੀ ਇਹ ਉਮੀਦ ਅਧੂਰੀ ਰਹਿ ਗਈ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਨੇ ਆਪਣੇ ਪੰਜ ਸਾਲਾਂ ਦੇ ਸੱਤਾ ਕਾਰਜਕਾਲ ਦੌਰਾਨ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਲਈ ਆਖ਼ਿਰ ਕਦਮ ਕਿਉਂ ਨਹੀਂ ਚੁੱਕਿਆ? ਜੇਕਰ ਇਹ ਮੰਗ ਲੋਕਾਂ ਦੀ ਸੀ ਤਾਂ ਫਿਰ ਇਸ ਨੂੰ ਅਮਲੀ ਰੂਪ ਦੇਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ ਗਈ? ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਤੇ ਖੰਨਾ ਨੂੰ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕਰਦਿਆਂ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਇਹ ਫ਼ੈਸਲਾ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਆਪਣੇ ਚੋਣ ਮਨੋਰਥ ਪੱਤਰ ਵਿੱਚ ਫਗਵਾੜੇ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਸ਼ਾਮਲ ਕਰ ਲਿਆ ਪਰ ਇਸ ਸਰਕਾਰ ਨੂੰ ਵੀ ਪੰਜ ਸਾਲ ਪੂਰੇ ਹੋਣ ਜਾ ਰਹੇ ਹਨ, ਇਸ ਦੇ ਬਾਵਜੂਦ ‘ਆਪ’ ਸਰਕਾਰ ਇਸ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਜਦੋਂ ਦੂਜਿਆਂ ਦੇ ਵਾਅਦਿਆਂ ਨੂੰ ਚੋਣ ਮੁੱਦਾ ਬਣਾਇਆ ਜਾਂਦਾ ਹੈ ਤਾਂ ਆਪਣੀ ਸਰਕਾਰ ਦੇ ਅਧੂਰੇ ਵਾਅਦਿਆਂ ਦਾ ਜਵਾਬ ਵੀ ਲੋਕਾਂ ਨੂੰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣਾ ਕੋਈ ਸਿਆਸੀ ਨਾਅਰਾ ਜਾਂ ਚੋਣਾਂ ਸਮੇਂ ਯਾਦ ਆਉਣ ਵਾਲਾ ਮੁੱਦਾ ਨਹੀਂ, ਸਗੋਂ ਇਸ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਤੇ ਇਲਾਕੇ ਦੇ ਭਵਿੱਖ ਦਾ ਸਵਾਲ ਜੁੜਿਆ ਹੋਇਆ ਹੈ। ਜ਼ਿਲ੍ਹਾ ਬਣਨ ਨਾਲ ਪ੍ਰਸ਼ਾਸਨਿਕ ਸਹੂਲਤਾਂ ਸਥਾਨਕ ਪੱਧਰ ’ਤੇ ਮਿਲਣਗੀਆਂ, ਨਵੇਂ ਸਰਕਾਰੀ ਦਫ਼ਤਰ ਸਥਾਪਤ ਹੋਣਗੇ, ਅਦਾਲਤੀ ਤੇ ਹੋਰ ਵੱਖ-ਵੱਖ ਜ਼ਰੂਰੀ ਕੰਮਾਂ ਲਈ ਜਲੰਧਰ ਲੰਘ ਕੇ ਕਪੂਰਥਲਾ ਨਹੀਂ ਜਾਣਾ ਪਵੇਗਾ ਤੇ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਇਸ ਨਾਲ ਫਗਵਾੜੇ ਦੇ ਉਦਯੋਗ, ਵਪਾਰ ਤੇ ਸਮੁੱਚੇ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੇ ਮੁੱਦੇ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਰੱਖੇਗਾ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸਰਕਾਰ ਬਣਨ ’ਤੇ ਤਿੰਨ ਮਹੀਨਿਆਂ ਦੇ ਅੰਦਰ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇਗਾ।