- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਆਸੀ ਰੰਜਿਸ਼ ਤਹਿਤ ਸ. ਸੁਖਬੀਰ ਸਿੰਘ ਬਾਦਲ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ : ਖੁਰਾਣਾ/ਚੰਦੀ

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਚੰਡੀਗੜ੍ਹ ਵਿਖੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸਆਈਟੀ) ਅੱਗੇ ਪੇਸ਼ੀ ਦੌਰਾਨ ਪਾਰਟੀ ਪ੍ਰਧਾਨ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸਰਕਲ ਫਗਵਾੜਾ ਸ਼ਹਿਰੀ ਅਤੇ ਦਿਹਾਤੀ ਦੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਵੱਡਾ ਜੱਥਾ ਵਿਧਾਨ ਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ ਪੰਜਾਬ) ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਚੰਡੀਗੜ੍ਹ ਰਵਾਨਾ ਹੋਇਆ। ਇਸ ਦੌਰਾਨ ਗੱਲਬਾਤ ਕਰਦਿਆਂ ਖੁਰਾਣਾ ਤੇ ਚੰਦੀ ਨੇ ਕਿਹਾ ਕਿ ਇਹ ਸਾਰਾ ਡਰਾਮਾ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸੋਚੀ-ਸਮਝੀ ਸਾਜਿਸ਼ ਹੈ। ਜਦਕਿ ਸੱਚਾਈ ਇਹ ਹੈ ਕਿ ਜਦੋਂ ਬਹਿਬਲ ਕਲਾਂ ਗੋਲੀ ਕਾਂਡ ਵਾਪਰਿਆ ਸੀ, ਉਸ ਸਮੇਂ ਸੁਖਬੀਰ ਸਿੰਘ ਬਾਦਲ ਵਿਦੇਸ਼ ਦੌਰੇ ’ਤੇ ਸਨ ਅਤੇ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਚਾਈ ਨੂੰ ਜਾਣਦੇ ਹੋਏ ਵੀ ਵਾਰ-ਵਾਰ ਬਾਦਲ ਨੂੰ ਜਾਂਚ ਏਜੰਸੀਆਂ ਸਾਹਮਣੇ ਪੇਸ਼ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜੋ ਕਿ ਸਿਆਸੀ ਬਦਲਾਖੋਰੀ ਦੀ ਮਿਸਾਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਸਮਾਂ ਆਉਣ ’ਤੇ ਇਸ ਦਾ ਢੁੱਕਵਾਂ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਪਾਰਟੀ ਪ੍ਰਧਾਨ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਧੱਕੇਸ਼ਾਹੀ ਅੱਗੇ ਝੁਕਣ ਵਾਲਾ ਨਹੀਂ।