ਮੇਰੀ ਆਵਾਜ਼ ਨੂੰ ਦਬਾਅ ਨਹੀਂ ਸਕਦੀ ਮਾਨ ਸਰਕਾਰ : ਮਜੀਠੀਆ
ਫਗਵਾੜਾ ‘ਚ ਗਰਜੇ ਬਿਕਰਮ ਮਜੀਠੀਆ, ਕਿਹਾ- ਮੇਰੀ ਆਵਾਜ਼ ਨੂੰ ਦਬਾਅ ਨਹੀਂ ਸਕਦੀ ਭਗਵੰਤ ਮਾਨ ਸਰਕਾਰ
Publish Date: Mon, 09 Feb 2026 07:36 PM (IST)
Updated Date: Mon, 09 Feb 2026 07:38 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਣਯੋਗ ਅਦਾਲਤ ਤੋਂ ਜ਼ਮਾਨਤ ਮਿਲਣ ਉਪਰੰਤ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੇ ਸਮੇਂ ਫਗਵਾੜਾ ਬਾਈਪਾਸ ਰੋਡ ‘ਤੇ ਪਾਰਟੀ ਵਰਕਰਾਂ ਦੇ ਰੂ-ਬ-ਰੂ ਹੋਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੇ ਅਕਾਸ਼ ਗੁੰਜਾਊ ਜੈਕਾਰੇ ਤੇ ਨਾਅਰੇ ਲਗਾ ਕੇ ਮਜੀਠੀਆ ਜ਼ੋਰਦਾਰ ਸਵਾਗਤ ਕੀਤਾ। ਸਵਾਗਤ ਕਰਨ ਵਾਲਿਆਂ ਵਿਚ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਰਨੈਲ ਸਿੰਘ ਵਾਹਦ ਵੀ ਉਚੇਰੇ ਤੌਰ ’ਤੇ ਮੌਜੂਦ ਰਹੇ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਪਾਰਟੀ ਵਰਕਰਾਂ ਦੀਆਂ ਦੁਆਵਾਂ ਤੇ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਪ੍ਰਤੀ ਹਮਲਾਵਰ ਹੁੰਦਿਆਂ ਕਿਹਾ ਕਿ ਸਰਕਾਰ ਦੀ ਹੱਥਠੋਕਾ ਬਣੇ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦਿਮਾਗੀ ਤੌਰ ‘ਤੇ ਪਰੇਸ਼ਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਇਥੋਂ ਤੱਕ ਕੇ ਪਰਿਵਾਰ ਨੂੰ ਵੀ ਮਿਲਣ ਤੋਂ ਰੋਕਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਨੂੰ ਇਹ ਕਹਿ ਕੇ ਗੁਮਰਾਹ ਕੀਤਾ ਕਿ ਮੈਨੂੰ ਨਸ਼ੇ ਦੇ ਕੇਸ ਵਿਚ ਗਿਰਫਤਾਰ ਕੀਤਾ ਹੈ, ਜਦਕਿ ਐੱਫਆਈਆਰ ਵਿਚ ਕਿਸੇ ਨਸ਼ੇ ਦਾ ਕੋਈ ਜ਼ਿਕਰ ਨਹੀਂ ਬਲਕਿ ਆਮਦਨ ਤੋਂ ਵੱਧ ਜਾਇਦਾਦ ਦਾ ਝੂਠਾ ਕੇਸ ਪਾਇਆ ਗਿਆ ਸੀ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਿੰਨੇ ਮਰਜ਼ੀ ਝੂਠੇ ਕੇਸ ਪਾ ਲਵੇ ਪਰ ਉਨ੍ਹਾਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕੇਗੀ। ਨਾ ਕਦੇ ਉਹ ਸਰਕਾਰ ਅੱਗੇ ਝੁਕੇ ਹਨ ਤੇ ਨਾ ਝੁਕਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੱਕ-ਸੱਚ ਦੀ ਗੱਲ ਕੀਤੀ ਹੈ ਤੇ ਕਰਦੇ ਰਹਾਂਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਦੇਸ਼ ਤੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਮ ਆਦਮੀ ਦਾ ਮੁਖੌਟਾ ਪਾ ਕੇ ਪੰਜਾਬ ਨੂੰ ਲੁੱਟ ਰਹੇ ਇਸ ਕੇਜਰੀਵਾਲ ਦੇ ਟੋਲੇ ਤੋਂ ਦੁਖੀ ਹਨ। ਪੰਜਾਬੀਆਂ ਨੂੰ ਇਹ ਅਹਿਸਾਸ ਹੋ ਚੁੱਕਾ ਹੈ ਕਿ ਉਨ੍ਹਾਂ ਨੇ ਪੰਜਾਬ ਨੂੰ ਇਕ ਧੋਖੇਬਾਜ਼ ਪਾਰਟੀ ਦੇ ਹਵਾਲੇ ਕਰਕੇ ਬਹੁਤ ਵੱਡੀ ਗਲਤੀ ਕੀਤੀ ਸੀ, ਜਿਸ ਨੂੰ ਅਗਲੇ ਸਾਲ 2027 ਦੀਆਂ ਵਿਧਾਨਸਭਾ ਚੋਣਾਂ ਵਿਚ ਸੁਧਾਰਦੇ ਹੋਏ ਦੁਬਾਰਾ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ। ਮਜੀਠੀਆ ਨੂੰ ਆਮ ਆਦਮੀ ਪਾਰਟੀ ਸਰਕਾਰ ਉੱਪਰ ਸਰਕਾਰੀ ਜਾਇਦਾਦਾਂ ਨੂੰ ਵੇਚਣ ਤੇ ਵੱਡੇ ਘੋਟਾਲੇ ਕਰਨ ਦਾ ਦੋਸ਼ ਵੀ ਲਗਾਇਆ ਤੇ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਭਗਵੰਤ ਮਾਨ ਤੇ ਆਪ ਪਾਰਟੀ ਤੋਂ ਸਾਰਾ ਹਿਸਾਬ ਵਸੂਲ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ 20 ਸਾਲ ਪੁਰਾਣੇ ਯੂਪੀ, ਬਿਹਾਰ ਦੀ ਤਸਵੀਰ ਪੇਸ਼ ਕਰ ਰਹੀ ਹੈ। ਇਥੋਂ ਦਾ ਹਾਲ ਉੱਥੋਂ ਦੇ ਜੰਗਲਰਾਜ ਤੋਂ ਵੀ ਜ਼ਿਆਦਾ ਮਾੜਾ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਤੇ ਸਮਰਥਕ ਹਾਜ਼ਰ ਸਨ।