ਸ਼ੋਭਾ ਯਾਤਰਾ ’ਚ ਸਾਹਿਲ ਵੋਹਰਾ ਨੂੰ ਕੀਤਾ ਸਨਮਾਨਤ
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਫਗਵਾੜਾ ’ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਸਾਹਿਲ ਵੋਹਰਾ ਨੂੰ ਕੀਤਾ ਗਿਆ ਸਨਮਾਨਿਤ
Publish Date: Thu, 03 Sep 2026 06:46 PM (IST)
Updated Date: Thu, 03 Sep 2026 06:49 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਫਗਵਾੜਾ ਸ਼ਹਿਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਯੂਥ ਕਾਂਗਰਸ ਫਗਵਾੜਾ ਦੇ ਪ੍ਰਧਾਨ ਸਾਹਿਲ ਵੋਹਰਾ ਨੂੰ ਉਨ੍ਹਾਂ ਦੀਆਂ ਸਮਾਜਿਕ ਗਤੀਵਿਧੀਆਂ ਤੇ ਨੌਜਵਾਨਾਂ ਵਿੱਚ ਸਰਗਰਮ ਭੂਮਿਕਾ ਲਈ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇੰਦਰਜੀਤ ਕਰਵਲ, ਰਜਨੀਸ਼ ਪਸਰੀਚਾ, ਗੁਰਦੀਪ ਕੰਗ ਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸਨਮਾਨਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਉਪਰੰਤ ਸਾਹਿਲ ਵੋਹਰਾ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਿਰਫ਼ ਇੱਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਿੱਤੇ ਪ੍ਰੇਮ, ਸੱਚਾਈ, ਧਰਮ, ਭਾਈਚਾਰੇ ਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਤੇ ਸੰਗਤ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਅੱਗੇ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ।