ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਸਤੰਬਰ ਨੂੰ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਇੰਜੀਨੀਅਰ ਡੀਪੀਐੱਸ ਖਰਬੰਦਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦਾ ਆਗਾਜ਼ 18 ਸਤੰਬਰ ਨੂੰ ਸਵੇਰੇ 6 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਦੌਰਾਨ ਸਮੁੱਚੇ ਸੁਲਤਾਨਪੁਰ ਲੋਧੀ ਸ਼ਹਿਰ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ 800 ਦੇ ਕਰੀਬ ਕਰਮਚਾਰੀ ਅਤੇ ਵਲੰਟੀਅਰ ਹਿੱਸਾ ਲੈਣਗੇ, ਜਿਨ੍ਹਾਂ ਨੂੰ 15-15 ਮੈਂਬਰੀ 50 ਟੀਮਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਟੀਮ ਦਾ ਇਕ-ਇਕ ਸੁਪਰਵਾਈਜ਼ਰ ਹੋਵੇਗਾ। ਉਨ੍ਹਾਂ ਦੱਸਿਆ ਕਿ ਝਾੜੂਆਂ, ਕਹੀਆਂ, ਤਸ਼ਲਿਆਂ ਅਤੇ ਹੋਰ ਸਾਜ਼ੋ-ਸਾਮਾਨ ਨਾਲ ਲੈਸ ਇਹ ਟੀਮਾਂ ਗੁਰੂ ਨਗਰੀ ਦੀ ਸਫ਼ਾਈ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਫਗਵਾੜਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਜਲੰਧਰ ਦੀਆਂ 8 ਫਾਇਰ ਬਿ੍ਗੇਡ ਗੱਡੀਆਂ ਵੱਲੋਂ ਪੂਰੇ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੂੰ ਧੋਤਾ ਜਾਵੇਗਾ। ਇਸ ਤੋਂ ਇਲਾਵਾ ਪੰਜ ਟਾਟਾ ਏਸ ਅਤੇ 2 ਟਰੈਕਟਰ-ਟਰਾਲੀਆਂ ਵੀ ਇਸ ਕੰਮ ਵਿਚ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਇਸ ਮੁਹਿੰਮ ਵਿਚ ਪੂਰਾ ਯੋਗਦਾਨ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿਚ ਵੱਧ-ਚੜ੍ਹ ਕੇ ਹਿੱਸਾ ਪਾਉਣ ਅਤੇ ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਤੇ ਸਵੱਛ ਬਣਾਉਣ ਵਿਚ ਮਦਦ ਕਰਨ। ਇਸ ਮੌਕੇ ਐੱਸਡੀਐੱਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਈਓ ਕਪੂਰਥਲਾ ਆਦਰਸ਼ ਕੁਮਾਰ, ਬੀਡੀਪੀਓ ਸੁਲਤਾਨਪੁਰ ਲੋਧੀ ਗੁਰਪ੍ਰਤਾਪ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰਰੀਤ ਕੋਹਲੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਐੱਸਡੀਓ ਨਗਰ ਨਿਗਮ ਫਗਵਾੜਾ ਯਸ਼ਪਾਲ ਖੁਰਾਣਾ, ਸਕੱਤਰ ਰੈੱਡ ਕਰਾਸ ਆਰਸੀ ਬਿਰਹਾ, ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ ਬਸਰਾ, ਉਪ ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।