ਸੰਤ ਸੀਚੇਵਾਲ ਦਾ ਗੁਰੂ ਨਾਨਕ ਸਿੱਖ ਅਕੈਡਮੀ ਨੇ ਕੀਤਾ ਸਨਮਾਨ ਲੰਡਨ ’ਚ ਸੰਤ ਸੀਚੇਵਾਲ ਦਾ ਗੁਰੂ ਨਾਨਕ ਸਿੱਖ ਅਕੈਡਮੀ ਵੱਲੋਂ ਸਨਮਾਨ
Publish Date: Mon, 07 Sep 2026 09:48 PM (IST)
Updated Date: Mon, 07 Sep 2026 09:49 PM (IST)
ਪੰਜਾਬ ਦੇ ਪਾਣੀਆਂ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਕੀਤੀ ਸ਼ਲਾਘਾ ਕੁਲਬੀਰ ਸਿੰਘ ਮਿੰਟੂ, ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਇੰਗਲੈਂਡ ਦੀ ਯਾਤਰਾ ’ਤੇ ਗਏ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਲੰਡਨ ਸਥਿਤ ਗੁਰੂ ਨਾਨਕ ਸਿੱਖ ਅਕੈਡਮੀ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਪ੍ਰਬੰਧਕਾਂ ਤੇ ਸੰਗਤ ਵੱਲੋਂ ਪੰਜਾਬ ਦੇ ਪਾਣੀਆਂ, ਨਦੀਆਂ ਤੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੰਤ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਸੰਤ ਸੀਚੇਵਾਲ ਨੇ ਕਿਹਾ ਕਿ ਗੁਰਬਾਣੀ ਦੇ ਵਾਤਾਵਰਣ ਸੰਦੇਸ਼ ਨੂੰ ਅਮਲੀ ਰੂਪ ਦਿੰਦਿਆਂ ਸੰਗਤ ਤੇ ਕਾਰਸੇਵਾ ਦੇ ਸਹਿਯੋਗ ਨਾਲ ਪਵਿੱਤਰ ਕਾਲੀ ਵੇਈਂ ਦੀ ਸਫਾਈ ਤੇ ਪੁਨਰ-ਸੁਰਜੀਤੀ ਦਾ ਕਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਸੰਭਾਲ ਲਈ ਜਗਾਈ ਗਈ ਚੇਤਨਾ ਹੁਣ ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਲੋਕ ਲਹਿਰ ਦਾ ਰੂਪ ਧਾਰ ਰਹੀ ਹੈ। ਉਨ੍ਹਾਂ ਬੁੱਢੇ ਦਰਿਆ ਦੀ ਕਾਰਸੇਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਵਿੱਤਰ ਕਾਲੀ ਵੇਈਂ ਦੀ ਤਰਜ਼ ’ਤੇ ਬੁੱਢੇ ਦਰਿਆ ਨੂੰ ਵੀ ਪ੍ਰਦੂਸ਼ਣ ਮੁਕਤ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਾਂਝੇ ਯਤਨਾਂ ਨਾਲ ਆਉਣ ਵਾਲੇ ਸਮੇਂ ਵਿੱਚ ਬੁੱਢਾ ਦਰਿਆ ਵੀ ਸਾਫ-ਸੁਥਰਾ ਵਗੇਗਾ। ਇਸ ਮੌਕੇ ਗੁਰੂ ਨਾਨਕ ਸਿੱਖ ਅਕੈਡਮੀ ਦੇ ਸੰਸਥਾਪਕ ਚੇਅਰਮੈਨ ਬਾਬਾ ਅਮਰ ਸਿੰਘ ਜੀ ਨੇ ਸੰਤ ਸੀਚੇਵਾਲ ਦੇ ਵਾਤਾਵਰਣ ਸੰਭਾਲ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਣੀਆਂ ਨੂੰ ਬਚਾਉਣ ਲਈ ਉਨ੍ਹਾਂ ਵੱਲੋਂ ਜਗਾਈ ਚੇਤਨਾ ਦਾ ਪ੍ਰਭਾਵ ਹੁਣ ਸਪੱਸ਼ਟ ਦਿਖਾਈ ਦੇ ਰਿਹਾ ਹੈ ਤੇ ਲੋਕ ਪਾਣੀਆਂ ਦੀ ਸੰਭਾਲ ਪ੍ਰਤੀ ਪਹਿਲਾਂ ਨਾਲੋਂ ਵਧੇਰੇ ਜਾਗਰੂਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਪੰਜਾਬ ਦੀ ਜੀਵਨ-ਰੇਖਾ ਹੈ ਤੇ ਇਸ ਦੀ ਸੰਭਾਲ ਲਈ ਹਰ ਇੱਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸੰਤ ਸੀਚੇਵਾਲ ਨੇ ਸੰਸਥਾ ਦਾ ਧੰਨਵਾਦ ਕਰਦਿਆ ਕਿਹਾ ਕਿ ਵਿਦੇਸ਼ਾਂ ਵਿੱਚ ਸਥਾਪਿਤ ਅਜਿਹੀਆਂ ਸੰਸਥਾਵਾਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਪੰਜਾਬ ਨਾਲ ਜੁੜੇ ਮੁੱਦਿਆਂ ਪ੍ਰਤੀ ਵੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਭਾਈ ਅਮਰਜੀਤ ਸਿੰਘ, ਸਰਬਜੀਤ ਸਿੰਘ ਧੰਜਲ (ਟਰੱਸਟੀ), ਜਸਕਮਲ ਸਿੰਘ ਸਿੱਧੂ, ਦਲਬੀਰ ਸਿੰਘ ਗਿੱਲ, ਅਮਨਦੀਪ ਸਿੰਘ, ਮਨਵਿੰਦਰ ਸਿੰਘ ਲਾਡੀ, ਗੁਰਵਿੰਦਰ ਸਿੰਘ ਅਤੇ ਕੌਂਸਲਰ ਰਾਜੂ ਸੰਸਾਰਪੁਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।