ਸੱਤ ਸਮੁੰਦਰੋਂ ਪਾਰ ਫਿਲੀਪੀਨਜ਼ 'ਚ ਗੂੰਜਿਆ ਸੰਤ ਸੀਚੇਵਾਲ ਦਾ ਨਾਂ: ਹੜ੍ਹ ਪੀੜਤਾਂ ਦੀ ਸੇਵਾ ਤੇ ਮਾਂ-ਬੋਲੀ ਪੰਜਾਬੀ ਲਈ ਕੀਤੇ ਯਤਨਾਂ ਦਾ ਹੋਇਆ ਵਿਸ਼ੇਸ਼ ਸਨਮਾਨ
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਫਿਲੀਪੀਨਜ਼ ਦੀ ਧਾਰਮਿਕ ਯਾਤਰਾ ਦੌਰਾਨ ਉਰਦਾਨੇਤਾ ਸਥਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰ ਕੇ ਸੰਗਤਾਂ ਨਾਲ ਮੁਲਾਕਾਤ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੇ ਸਮੇਂ ਸੰਤ ਸੀਚੇਵਾਲ ਵੱਲੋਂ ਨਿਭਾਈਆਂ ਗਈਆਂ ਮਨੁੱਖਤਾ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।
Publish Date: Thu, 26 Feb 2026 03:46 PM (IST)
Updated Date: Thu, 26 Feb 2026 03:48 PM (IST)

ਅਰਵਿੰਦ ਪਾਠਕ, ਸੁਲਤਾਨਪੁਰ ਲੋਧੀ (ਕਪੂਰਥਲਾ) : ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਫਿਲੀਪੀਨਜ਼ ਦੀ ਧਾਰਮਿਕ ਯਾਤਰਾ ਦੌਰਾਨ ਉਰਦਾਨੇਤਾ ਸਥਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰ ਕੇ ਸੰਗਤਾਂ ਨਾਲ ਮੁਲਾਕਾਤ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੇ ਸਮੇਂ ਸੰਤ ਸੀਚੇਵਾਲ ਵੱਲੋਂ ਨਿਭਾਈਆਂ ਗਈਆਂ ਮਨੁੱਖਤਾ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।
ਮਨਜਿੰਦਰ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਸੰਤ ਸੀਚੇਵਾਲ ਹਮੇਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕੇ ਰਾਹਤ ਕਾਰਜਾਂ ਦੀ ਅਗਵਾਈ ਕਰਦੇ ਰਹੇ ਹਨ ਅਤੇ ਹਜ਼ਾਰਾਂ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਈ ਹੈ, ਜੋ ਸੇਵਾ ਭਾਵਨਾ ਦੀ ਇੱਕ ਉੱਚੀ ਮਿਸਾਲ ਹੈ। ਇਸ ਤੋਂ ਇਲਾਵਾ, ਰਾਜ ਸਭਾ ਵਿੱਚ ਮਾਂ-ਬੋਲੀ ਪੰਜਾਬੀ ਨੂੰ ਬਣਦਾ ਸਨਮਾਨ ਦਿਵਾਉਣ ਅਤੇ ਸੰਸਦੀ ਕਾਰਵਾਈ ਦੌਰਾਨ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੰਤ ਸੀਚੇਵਾਲ ਵੱਲੋਂ ਕੀਤੇ ਗਏ ਯਤਨਾਂ ਦੀ ਵੀ ਵਿਸ਼ੇਸ਼ ਪ੍ਰਸ਼ੰਸਾ ਕੀਤੀ ਗਈ। ਬਲਬੀਰ ਸਿੰਘ ਨੇ ਕਿਹਾ ਕਿ ਸੰਸਦ ਵਿੱਚ ਉਨ੍ਹਾਂ ਦਾ ਪਹਿਲਾ ਮੁੱਦਾ ਹੀ ਮਾਂ-ਬੋਲੀ ਪੰਜਾਬੀ ਨੂੰ ਚੁੱਕਣਾ ਇੱਕ ਵੱਡਾ ਕਦਮ ਸੀ। ਉਨ੍ਹਾਂ ਦੀ ਪਹਿਲ ਕਦਮੀ ਕਾਰਨ ਸੰਸਦ ਦੇ ਦੋਵਾਂ ਸਦਨਾਂ ਵਿੱਚ ਪੰਜਾਬੀ ਸਮੇਤ ਹੋਰ ਖੇਤਰੀ ਭਾਸ਼ਾਵਾਂ ਨੂੰ ਮਾਨਤਾ ਮਿਲੀ।
ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਆਪਣੀ ਮਿੱਟੀ, ਮਾਂ-ਬੋਲੀ ਅਤੇ ਧਾਰਮਿਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੇਵਾ, ਸਿਮਰਨ ਅਤੇ ਸਾਂਝੀਵਾਲਤਾ ਹੀ ਸਿੱਖ ਧਰਮ ਦੀ ਅਸਲ ਪਛਾਣ ਹੈ ਅਤੇ ਹਰ ਵਿਅਕਤੀ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਸੀਚੇਵਾਲ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈੱਡ ਗ੍ਰੰਥੀ ਬਲਜੀਤ ਸਿੰਘ, ਸੇਵਾਦਾਰ ਅੰਗਰੇਜ਼ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਸੰਗਤਾਂ ਹਾਜ਼ਰ ਸਨ।