- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਬਚਾਓ ਲਹਿਰ ਨੇ ਅਕਾਲੀ ਦਲ ਚ ਫੂਕੀ ਨਵੀਂ ਰੂਹ-ਸਾਬੀ ਲੰਕੇਸ਼

---ਕਿਹਾ-ਪੰਜਾਬ ਦੀ ਜਨਤਾ ਆਪ ਦੀ ਝੂਠੀ ਰਾਜਨੀਤੀ ਨੂੰ ਸਮਝ ਚੁੱਕੀ ਹੈ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਪੰਜਾਬ ਬਚਾਓ ਯਾਤਰਾ ਨੇ ਸੂਬੇ ਦੀ ਸਿਆਸਤ ਵਿਚ ਨਵਾਂ ਨਿਖਾਰ ਲਿਆਂਦਾ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਸਾਬੀ ਲੰਕੇਸ਼ ਨੇ ਇਕ ਪ੍ਰੈੱਸ ਬਿਆਨ ਜਾਰੀ ਕਰ ਕੇ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਲਹਿਰ ਸਦਕਾ ਅਕਾਲੀ ਦਲ ਹੇਠਲੇ ਪੱਧਰ ’ਤੇ ਮੁੜ ਬੇਹੱਦ ਮਜ਼ਬੂਤ ਹੋ ਕੇ ਉੱਭਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵਿਰੋਧੀ ਪਾਰਟੀਆਂ ਵੱਲੋਂ ਅਕਾਲੀ ਦਲ ਦੇ ਖਿਲਾਫ ਜੋ ਕੂੜ ਪ੍ਰਚਾਰ ਕੀਤਾ ਜਾ ਰਿਹਾ ਸੀ, ਲੋਕਾਂ ਨੇ ਰੈਲੀਆਂ ’ਚ ਹੋਏ ਵੱਡੇ ਇਕੱਠਾ ਰਾਹੀਂ ਉਸ ਦਾ ਮੂੰਹ-ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਅੱਜ ਪੰਜਾਬ ਦਾ ਹਰ ਵਰਗ-ਚਾਹੇ ਉਹ ਕਿਸਾਨ ਹੋਵੇ, ਵਪਾਰੀ ਹੋਵੇ ਜਾਂ ਨੌਜਵਾਨ-ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਚੁੱਕਾ ਹੈ ਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਇਕੋ-ਇਕ ਭਰੋਸੇਯੋਗ ਬਦਲ ਵਜੋਂ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਿਤ ਹੋ ਰਹੀ ਹੈ। ਸੱਤਾ ਵਿਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਆਪ ਸਰਕਾਰ ਨੇ ਸੂਬੇ ਦੀ ਜਨਤਾ ਨੂੰ ਸੁਨਹਿਰੀ ਸੁਪਨੇ ਦਿਖਾਏ ਸਨ ਪਰ ਅੱਜ ਜ਼ਮੀਨੀ ਹਕੀਕਤ ਇਸ ਦੇ ਬਿਲਕੁੱਲ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਮੁਫਤ ਬਿਜਲੀ ਤੇ ਹੋਰ ਲੋਕ-ਲੁਭਾਉਣੀਆਂ ਗਾਰੰਟੀਆਂ ਦੇ ਨਾਂ ’ਤੇ ਵੋਟਾਂ ਤਾਂ ਲੈ ਲਈਆਂ ਪਰ ਅੱਜ ਸੂਬੇ ਦਾ ਬੁਨਿਆਦੀ ਢਾਂਚਾ ਚਰਮਰਾ ਗਿਆ ਹੈ। ਸਾਬੀ ਲੰਕੇਸ਼ ਨੇ ਕਿਹਾ ਅੱਜ ਪੰਜਾਬ ਦਾ ਹਰ ਵਰਗ, ਚਾਹੇ ਉਹ ਕਿਸਾਨ ਹੋਵੇ, ਵਪਾਰੀ ਹੋਵੇ ਜਾਂ ਨੌਜਵਾਨ, ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਪਰਾਧ ਨੂੰ ਕੰਟਰੋਲ ਕਰਨ ਚ ਪੂਰੀ ਤਰ੍ਹਾਂ ਅਸਫਲ ਰਹੀ ਹੈ,ਜਿਸ ਦਾ ਖਾਮਿਆਜ਼ਾ ਸੂਬੇ ਦੀ ਸ਼ਾਂਤੀਪਸੰਦ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੀ ਜਨਤਾ ਹੁਣ ਇਸ ਝੂਠ ਦੀ ਰਾਜਨੀਤੀ' ਨੂੰ ਸਮਝ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਚੋਣਾਂ ਵਿਚ ਸੂਬੇ ਦੀ ਜਨਤਾ ਅਕਾਲੀ ਦਲ ਪਾਰਟੀ ਦੇ ਪੱਖ ਵਿਚ ਵੋਟ ਪਾਵੇਗੀ। ਉਨ੍ਹਾਂ ਕਿਹਾ ਸਿਰਫ ਅਕਾਲੀ ਦਲ ਪਾਰਟੀ ਹੀ ਪੰਜਾਬ ਨੂੰ ਇਕ ਵਾਰ ਫਿਰ ਖੁਸ਼ਹਾਲ, ਨਸ਼ਾ ਮੁਕਤ ਤੇ ਸੁਰੱਖਿਅਤ ਰਾਜ ਬਣਾਉਣ ਵਿਚ ਸਮਰੱਥ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਸਿਰਫ ਇਸ਼ਤਿਹਾਰਬਾਜ਼ੀ ਰਾਹੀਂ ਜਨਤਾ ਨੂੰ ਗੁੰਮਰਾਹ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਅੰਤ ਵਿਚ ਕਿਹਾ ਕਿ ਅਕਾਲੀ ਦਲ ਪੰਜਾਬ, ਪੰਜਾਬੀਅਤ ਦੀ ਸੇਵਾ ਲਈ ਹਮੇਸ਼ਾ ਤਤਪਰ ਰਿਹਾ ਹੈ ਤੇ ਭਵਿੱਖ 'ਚ ਵੀ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹੇਗਾ।