ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਿਹੈ ਸਮਰਥਨ : ਟਾਂਡੀ ਪੰਜਾਬ ਬਚਾਓ ਰੈਲੀਆਂ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ : ਕੁਲਦੀਪ ਟਾਂਡੀ
Publish Date: Sun, 27 Sep 2026 07:23 PM (IST)
Updated Date: Sun, 27 Sep 2026 07:24 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਏਐੱਸਆਈ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਤੇ ਅਜਨਾਲਾ ਦੇ ਭੱਲਾ ਪਿੰਡ ਨੇੜੇ ਏਐੱਸਆਈ ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦੀਆਂ ਹਾਲੀਆ ਘਟਨਾਵਾਂ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਇੱਕ ਪ੍ਰੈਸ ਬਿਆਨ ਵਿੱਚ ਕਹੀ। ਟਾਂਡੀ ਨੇ ਕਿਹਾ ਕਿ ਜੇਕਰ ਪੁਲਿਸ ਮੁਲਾਜ਼ਮਾਂ ਨੂੰ ਵੀ ਆਪਣੀ ਡਿਊਟੀ ਨਿਭਾਉਂਦੇ ਸਮੇਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਤਾਂ ਇਹ ਜਨਤਾ ਦੀ ਸੁਰੱਖਿਆ ਪ੍ਰਤੀ ਵਧਦੀਆਂ ਚਿੰਤਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਲਈ ਅਪਰਾਧਿਕ ਘਟਨਾਵਾਂ ਵਿਰੁੱਧ ਤੁਰੰਤ ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨਾ, ਪੁਲਿਸ ਦਾ ਮਨੋਬਲ ਮਜ਼ਬੂਤ ਕਰਨਾ ਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਹਾਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣਾ ਹੁੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ, ਗੋਲੀਬਾਰੀ ਤੇ ਅਪਰਾਧਿਕ ਗਤੀਵਿਧੀਆਂ ਦੀਆਂ ਲਗਾਤਾਰ ਘਟਨਾਵਾਂ ਲੋਕਾਂ ਦੀ ਚਿੰਤਾ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਪਰਾਧ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪੁਲਿਸਿੰਗ, ਖੁਫੀਆ ਜਾਣਕਾਰੀ ਤੇ ਜ਼ਮੀਨੀ ਪੱਧਰ ’ਤੇ ਪ੍ਰਸ਼ਾਸਕੀ ਨਿਗਰਾਨੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਨਾ ਕਿ ਘਟਨਾਵਾਂ ਵਾਪਰਨ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇ। ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਪੰਜਾਬ ਨੂੰ ਇੱਕ ਅਜਿਹੇ ਪ੍ਰਸ਼ਾਸਨ ਦੀ ਲੋੜ ਹੈ ਜੋ ਕਾਨੂੰਨ ਲਾਗੂ ਕਰਨ ਨੂੰ ਤਰਜੀਹ ਦੇਵੇ ਤੇ ਇਹ ਯਕੀਨੀ ਬਣਾਏ ਕਿ ਆਮ ਨਾਗਰਿਕ, ਕਾਰੋਬਾਰੀ, ਕਿਸਾਨ, ਮਜ਼ਦੂਰ, ਕਰਮਚਾਰੀ ਤੇ ਨੌਜਵਾਨ ਸੁਰੱਖਿਅਤ ਮਹਿਸੂਸ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਅਜਿਹਾ ਮਾਹੌਲ ਬਣਾਉਣਾ ਚਾਹੀਦਾ ਹੈ, ਜਿੱਥੇ ਉਹ ਕਾਨੂੰਨ ਅਨੁਸਾਰ, ਰਾਜਨੀਤਿਕ ਜਾਂ ਹੋਰ ਦਬਾਅ ਤੋਂ ਮੁਕਤ ਹੋ ਕੇ ਕੰਮ ਕਰਨ ਤੇ ਅਪਰਾਧੀਆਂ ਵਿਰੁੱਧ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕਰਨ। ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਪੰਜਾਬ ਬਚਾਓ ਮੁਹਿੰਮ ਰਾਹੀਂ, ਅਕਾਲੀ ਦਲ ਪੰਜਾਬ ਦੇ ਮੁੱਦਿਆਂ ਨੂੰ ਲੋਕਾਂ ਸਾਹਮਣੇ ਉਜਾਗਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਰੈਲੀਆਂ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰੇ ਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰੇ ਤੇ ਪੁਲਿਸ ਅਧਿਕਾਰੀਆਂ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ।