ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ
ਨਗਰ ਨਿਗਮ ਫਗਵਾੜਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ
Publish Date: Mon, 13 Apr 2026 07:00 PM (IST)
Updated Date: Tue, 14 Apr 2026 04:08 AM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਨਗਰ ਨਿਗਮ ਫਗਵਾੜਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਕਪੂਰਥਲਾ ਅਕਾਸ਼ ਬਾਂਸਲ ਵੱਲੋਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਦੱਸਿਆ ਕਿ ਵੋਟਰ ਸੂਚੀ ਦੀ ਪ੍ਰਕਾਸ਼ਨਾ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ਤੇ ਉਪਲਬਧ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਤਰਾਜ਼ ਅਤੇ ਦਾਅਵੇ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਦਰਜ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ 20 ਅਪ੍ਰੈਲ ਅਤੇ 21 ਅਪ੍ਰੈਲ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਉਨ੍ਹਾਂ ਦੱਸਿਆ ਕਿ ਦਾਅਵੇ ਤੇ ਇਤਰਾਜ਼ ਦਾ ਨਿਪਟਾਰਾ 30 ਅਪ੍ਰੈਲ ਤੱਕ ਪੂਰਾ ਕੀਤਾ ਜਾਵੇਗਾ ਤੇ ਅੰਤਿਮ ਵੋਟਰ ਸੂਚੀ 05 ਮਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ 23 ਅਪ੍ਰੈਲ 2026 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਯੋਗ ਹੋਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਦਾਅਵੇ ਅਤੇ ਇਤਰਾਜ਼ ਦਰਜ ਕਰਨ ਲਈ ਫ਼ਾਰਮ (ਨੰਬਰ 7, 8 ਅਤੇ 9) ਸਬੰਧਤ ਐਸਡੀਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ, ਇਹ ਫ਼ਾਰਮ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ sec.punjab.gov.in ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ । ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟਰ ਸੂਚੀ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਤਾਂ ਜੋ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਜਾ ਸਕੇ।