- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਸਾੜਨ ਤੋਂ ਰੋਕਣ ਲਈ ਐੱਸ.ਡੀ.ਐੱਮ ਭੁਲੱਥ ਵੱਲੋਂ ਅੱਜ ਨੰਬਰਦਾਰਾਂ ਤੇ ਚੌਂਕੀਦਾਰਾਂ ਨਾਲ ਵਿਸ਼ੇਸ਼ ਮੀਟਿੰਗ

ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ
ਭੁਲੱਥ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਭੁਲੱਥ ਰੁਪਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਬ-ਡਿਵੀਜ਼ਨ ਭੁਲੱਥ ਦੇ ਸਮੂਹ ਨੰਬਰਦਾਰਾਂ ਤੇ ਚੌਂਕੀਦਾਰਾਂ ਨਾਲ ਵਿਸ਼ੇਸ਼ ਮੀਟਿੰਗ ਅੱਜ 28 ਸਤੰਬਰ, ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਐੱਸਡੀਐੱਮ ਦਫ਼ਤਰ ਭੁਲੱਥ ਵਿਖੇ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪਿੰਡ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨਾ ਅਹਿਮ ਹੈ।
ਮੀਟਿੰਗ ਦੌਰਾਨ ਨੰਬਰਦਾਰਾਂ ਅਤੇ ਚੌਂਕੀਦਾਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ, ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਤੇ ਸਰਕਾਰ ਵੱਲੋਂ ਉਪਲਬਧ ਕਰਵਾਏ ਜਾ ਰਹੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਹਦਾਇਤਾਂ ਦਿੱਤੀਆਂ ਜਾਣਗੀਆਂ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜਾਰੀ ਹਦਾਇਤਾਂ ਵਿੱਚ ਸਮੂਹ ਨੰਬਰਦਾਰਾਂ ਤੇ ਚੌਂਕੀਦਾਰਾਂ ਨੂੰ 28 ਸਤੰਬਰ ਨੂੰ ਦੁਪਹਿਰ 12 ਵਜੇ ਮੀਟਿੰਗ ਵਿੱਚ ਆਪਣੀ ਨਿੱਜੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਮੀਟਿੰਗ ਵਿੱਚ ਗੈਰ-ਹਾਜ਼ਰ ਰਹਿਣ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।