ਪਰਾਲੀ ਨਾ ਸਾੜਨ ਲਈ ਜਾਗਰੂਕਤਾ ਪੈਦਾ ਈ-ਰਿਕਸ਼ਾ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਐਸ.ਡੀ.ਐਮ. ਵੱਲੋਂ ਫਗਵਾੜਾ ਵਿਖੇ ਈ-ਰਿਕਸ਼ਾ ਰਵਾਨਾ
Publish Date: Tue, 29 Sep 2026 10:00 PM (IST)
Updated Date: Tue, 29 Sep 2026 10:00 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸਬ-ਡਿਵੀਜ਼ਨਲ ਮੈਜਿਸਟ੍ਰੇਟ ਡਾ. ਨਵਜੋਤ ਸ਼ਰਮਾ ਨੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਈ-ਰਿਕਸ਼ਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਤੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਸੁਰੱਖਿਅਤ ਤੇ ਟਿਕਾਊ ਤਰੀਕੇ ਅਪਣਾਉਣ ਲਈ ਉਤਸ਼ਾਹਿਤ ਕੀਤਾ। ਲਾਊਡਸਪੀਕਰ ਨਾਲ ਲੈਸ ਇਹ ਵਿਸ਼ੇਸ਼ ਤੌਰ ਤੇ ਤਾਇਨਾਤ ਈ-ਰਿਕਸ਼ਾ ਫਗਵਾੜਾ ਸਬ-ਡਿਵੀਜ਼ਨ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕਰੇਗਾ ਤੇ ਝੋਨੇ ਦੀ ਪਰਾਲੀ ਸਾੜਨ ਨਾਲ ਜੁੜੇ ਗੰਭੀਰ ਵਾਤਾਵਰਣ ਤੇ ਸਿਹਤ ਖ਼ਤਰਿਆਂ ਬਾਰੇ ਸੰਦੇਸ਼ ਪ੍ਰਸਾਰਿਤ ਕਰੇਗਾ। ਇਹ ਜਾਗਰੂਕਤਾ ਮੁਹਿੰਮ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹਵਾ ਦੀ ਗੁਣਵੱਤਾ, ਮਿੱਟੀ ਦੀ ਸਿਹਤ ਤੇ ਸਮੁੱਚੇ ਵਾਤਾਵਰਣ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਤੇ ਕੇਂਦਰਿਤ ਹੋਵੇਗੀ। ਐੱਸਡੀਐੱਮ ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਮੂਹਿਕ ਯਤਨਾਂ ਤੇ ਕਿਸਾਨਾਂ ਦੀ ਸਰਗਰਮ ਸ਼ਮੂਲੀਅਤ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਤੱਕ ਪਹੁੰਚ ਕਰਨ ਤੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਨਤੀਜਿਆਂ ਬਾਰੇ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਾ. ਸ਼ਰਮਾ ਨੇ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਾਤਾਵਰਣ ਪੱਖੀ ਤਰੀਕੇ ਅਪਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤੇ ਕਿਸਾਨਾਂ ਵਿੱਚ ਜਾਗਰੂਕਤਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਸਾਰਿਆਂ ਲਈ ਸਾਫ਼ ਹਵਾ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਬਲਾਕ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਈ-ਰਿਕਸ਼ਾ ਰੋਜ਼ਾਨਾ 10 ਪਿੰਡਾਂ ਨੂੰ ਕਵਰ ਕਰੇਗਾ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਤੇ ਉਸ ਦੌਰਾਨ ਜਾਗਰੂਕਤਾ ਸੰਦੇਸ਼ ਵੱਡੀ ਗਿਣਤੀ ਵਿੱਚ ਕਿਸਾਨਾਂ ਤੱਕ ਪਹੁੰਚੇ। ਮੁਨਿਆਦੀ ਰਾਹੀਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਤੇ ਇਸ ਦੀ ਬਜਾਏ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਬਦਲਵੀਆਂ ਤਕਨੀਕਾਂ ਦੀ ਚੋਣ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।